ਬਠਿੰਡਾ ਵਿੱਚ ਹੋਮੀਓ ਕਲੀਨਿਕ 'ਤੇ ਪੈਟਰੋਲ ਬੰਬ ਸੁੱਟਿਆ, ਜਾਨੀ ਨੁਕਸਾਨ ਤੋਂ ਬਚਾਅ
ਭਾਜਪਾ ਆਗੂ ਡਾ. ਤਰਸੇਮ ਗਰਗ ਦੇ ਕਲੀਨਿਕ ਨੂੰ ਬਣਾਇਆ ਨਿਸ਼ਾਨਾ, ਸੀਸੀਟੀਵੀ ਅਤੇ ਫੋਰੈਂਸਿਕ ਜਾਂਚ ਜਾਰੀ ਬਠਿੰਡਾ, 23 ਜੂਨ (ਹਿੰ.ਸ.)| ਬਠਿੰਡਾ ਸ਼ਹਿਰ ਵਿੱਚ ਸੋਮਵਾਰ ਦੇਰ ਰਾਤ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਵਾਰਡ ਨੰਬਰ 47 ਸਥਿਤ ਹੈਨੀਮੈਨ ਹੋਮੀਓਪੈਥਿਕ ਕਲੀਨਿਕ ''ਤੇ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਨੌਜ
ਪੈਟਰੋਲ ਬੰਬ ਦੀ ਫੋਟੋ।


ਐੱਸ.ਐੱਸ.ਪੀ. ਡਾ. ਜੋਤੀ ਯਾਦਵ ਜਾਣਕਾਰੀ ਦਿੰਦੇ ਹੋਏ।


ਭਾਜਪਾ ਆਗੂ ਡਾ. ਤਰਸੇਮ ਗਰਗ ਦੇ ਕਲੀਨਿਕ ਨੂੰ ਬਣਾਇਆ ਨਿਸ਼ਾਨਾ, ਸੀਸੀਟੀਵੀ ਅਤੇ ਫੋਰੈਂਸਿਕ ਜਾਂਚ ਜਾਰੀ

ਬਠਿੰਡਾ, 23 ਜੂਨ (ਹਿੰ.ਸ.)| ਬਠਿੰਡਾ ਸ਼ਹਿਰ ਵਿੱਚ ਸੋਮਵਾਰ ਦੇਰ ਰਾਤ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਵਾਰਡ ਨੰਬਰ 47 ਸਥਿਤ ਹੈਨੀਮੈਨ ਹੋਮੀਓਪੈਥਿਕ ਕਲੀਨਿਕ 'ਤੇ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਵੱਲੋਂ ਪੈਟਰੋਲ ਬੰਬ ਸੁੱਟ ਦਿੱਤਾ ਗਿਆ। ਕਲੀਨਿਕ ਵਿੱਚ ਮੌਜੂਦ ਸਟਾਫ਼ ਦੀ ਸੂਝ-ਬੂਝ ਕਾਰਨ ਅੱਗ 'ਤੇ ਤੁਰੰਤ ਕਾਬੂ ਪਾ ਲਿਆ ਗਿਆ, ਜਿਸ ਨਾਲ ਕਿਸੇ ਵੱਡੇ ਜਾਨੀ ਜਾਂ ਮਾਲੀ ਨੁਕਸਾਨ ਤੋਂ ਬਚਾਅ ਹੋ ਗਿਆ।

ਹਮਲੇ ਦਾ ਨਿਸ਼ਾਨਾ ਬਣਿਆ ਇਹ ਕਲੀਨਿਕ ਸਮਾਜ ਸੇਵੀ ਅਤੇ ਭਾਜਪਾ ਆਗੂ ਡਾ. ਤਰਸੇਮ ਗਰਗ ਦਾ ਹੈ। ਡਾ. ਤਰਸੇਮ ਗਰਗ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਰਹਿ ਚੁੱਕੇ ਹਨ। ਉਨ੍ਹਾਂ ਦੀ ਪਤਨੀ ਹਾਲ ਹੀ ਵਿੱਚ ਹੋਈਆਂ ਨਗਰ ਨਿਗਮ ਚੋਣਾਂ ਵਿੱਚ ਭਾਜਪਾ ਦੀ ਉਮੀਦਵਾਰ ਵੀ ਰਹੀ ਸੀ। ਖਾਸ ਗੱਲ ਇਹ ਹੈ ਕਿ ਜਿਸ ਸਥਾਨ 'ਤੇ ਪੈਟਰੋਲ ਬੰਬ ਸੁੱਟਿਆ ਗਿਆ, ਉਸ ਦੇ ਬਿਲਕੁਲ ਸਾਹਮਣੇ ਰਾਸ਼ਟਰੀ ਸਵੈਮਸੇਵਕ ਸੰਘ (ਆਰਐੱਸਐੱਸ) ਦਾ ਕੇਂਦਰ ਵੀ ਸਥਿਤ ਹੈ।

ਜਾਣਕਾਰੀ ਅਨੁਸਾਰ ਰਾਤ ਕਰੀਬ 10 ਵਜੇ ਦੋ ਨੌਜਵਾਨ ਮੋਟਰਸਾਈਕਲ 'ਤੇ ਸਵਾਰ ਹੋ ਕੇ ਕਲੀਨਿਕ ਦੇ ਬਾਹਰ ਪਹੁੰਚੇ ਅਤੇ ਜਲਣਸ਼ੀਲ ਪਦਾਰਥ ਨਾਲ ਭਰੀ ਬੋਤਲ ਸੁੱਟ ਕੇ ਮੌਕੇ ਤੋਂ ਫਰਾਰ ਹੋ ਗਏ। ਕਲੀਨਿਕ ਦੇ ਕਰਮਚਾਰੀਆਂ ਨੇ ਤੁਰੰਤ ਅੱਗ 'ਤੇ ਕਾਬੂ ਪਾਇਆ ਅਤੇ ਪੁਲਿਸ ਨੂੰ ਸੂਚਿਤ ਕੀਤਾ।

ਘਟਨਾ ਦੀ ਸੂਚਨਾ ਮਿਲਦੇ ਹੀ ਸੀਨੀਅਰ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਐੱਸਐੱਸਪੀ ਡਾ. ਜੋਤੀ ਯਾਦਵ, ਐੱਸਪੀ ਸਿਟੀ ਨਰਿੰਦਰ ਸਿੰਘ, ਸੀਆਈਏ ਟੀਮਾਂ ਅਤੇ ਫੋਰੈਂਸਿਕ ਮਾਹਿਰਾਂ ਨੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਪੁਲਿਸ ਨੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਆਪਣੇ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਡਾ. ਤਰਸੇਮ ਗਰਗ ਨੇ ਕਿਹਾ ਕਿ ਉਨ੍ਹਾਂ ਦੀ ਕਿਸੇ ਨਾਲ ਕੋਈ ਨਿੱਜੀ ਰੰਜਿਸ਼ ਨਹੀਂ ਹੈ। ਉਨ੍ਹਾਂ ਨੇ ਆਸ਼ੰਕਾ ਜਤਾਈ ਕਿ ਇਹ ਕਿਸੇ ਸ਼ਰਾਰਤੀ ਅਨਸਰ ਦੀ ਕਰਤੂਤ ਜਾਂ ਡਰਾਉਣ-ਧਮਕਾਉਣ ਦੀ ਕੋਸ਼ਿਸ਼ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਜਾਂਚ ਤੋਂ ਬਾਅਦ ਸੱਚਾਈ ਸਾਹਮਣੇ ਆ ਜਾਵੇਗੀ। ਪ੍ਰਤੱਖਦਰਸ਼ੀਆਂ ਦੇ ਅਨੁਸਾਰ ਹਮਲਾਵਰਾਂ ਨੇ ਆਪਣੇ ਚਿਹਰੇ ਢੱਕੇ ਹੋਏ ਸਨ ਅਤੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਸਨ। ਕੁਝ ਲੋਕਾਂ ਮੁਤਾਬਕ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਵੇਂ ਮੁਲਜ਼ਮ ਤੁਰੰਤ ਮੌਕੇ ਤੋਂ ਫਰਾਰ ਹੋ ਗਏ ਅਤੇ ਮੋਟਰਸਾਈਕਲ ਦਾ ਨੰਬਰ ਵੀ ਸਪੱਸ਼ਟ ਤੌਰ 'ਤੇ ਨਹੀਂ ਦੇਖਿਆ ਜਾ ਸਕਿਆ। ਐੱਸ.ਐੱਸ.ਪੀ. ਡਾ. ਜੋਤੀ ਯਾਦਵ ਨੇ ਕਿਹਾ ਕਿ ਫੋਰੈਂਸਿਕ ਅਤੇ ਜਾਂਚ ਟੀਮਾਂ ਵੱਲੋਂ ਸੀਸੀਟੀਵੀ ਫੁਟੇਜ ਅਤੇ ਡਿਜੀਟਲ ਸਬੂਤਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਘਟਨਾ ਵਿੱਚ ਸ਼ਾਮਲ ਵਿਅਕਤੀਆਂ ਨੂੰ ਜਲਦ ਟਰੇਸ ਕਰ ਲਿਆ ਜਾਵੇਗਾ।

ਐੱਸਪੀ ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ ਥਾਣਾ ਕੋਤਵਾਲੀ ਵਿੱਚ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਹਰ ਪੱਖ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਜਲਦ ਹੀ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਫਿਲਹਾਲ ਕਿਸੇ ਵਿਸ਼ੇਸ਼ ਕਾਰਨ ਜਾਂ ਧਮਕੀ ਸਬੰਧੀ ਕੋਈ ਪੁਸ਼ਟੀ ਨਹੀਂ ਹੋਈ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande