
ਚੰਡੀਗੜ੍ਹ, 23 ਜੂਨ (ਹਿੰ.ਸ.)| ਕਿਸਾਨ ਮਜ਼ਦੂਰ ਮੋਰਚਾ (ਪੰਜਾਬ) ਨੇ ਅਮਰੀਕਾ-ਭਾਰਤ ਸਮਝੌਤੇ ਦੇ ਵਿਰੋਧ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਵੱਡੇ ਪੱਧਰ ’ਤੇ ਸੰਘਰਸ਼ ਦਾ ਐਲਾਨ ਕੀਤਾ ਹੈ। ਮੋਰਚੇ ਵੱਲੋਂ 24 ਜੂਨ ਨੂੰ ਪੰਜਾਬ ਭਰ ਵਿੱਚ ਭਾਰਤੀ ਜਨਤਾ ਪਾਰਟੀ ਦੇ ਮੁੱਖ ਦਫ਼ਤਰਾਂ ਅਤੇ ਪ੍ਰਮੁੱਖ ਆਗੂਆਂ ਦੇ ਘਰਾਂ ਦੇ ਬਾਹਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਪੁਤਲੇ ਸਾੜੇ ਜਾਣਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅਮਰੀਕਾ-ਭਾਰਤ ਸਮਝੌਤਾ ਦੇਸ਼ ਦੇ ਖੇਤੀਬਾੜੀ ਖੇਤਰ ਅਤੇ ਆਰਥਿਕ ਢਾਂਚੇ ਨੂੰ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਵਾਲਾ ਕਦਮ ਹੈ। ਉਨ੍ਹਾਂ ਕਿਹਾ ਕਿ ਇਹ ਸਮਝੌਤਾ ਕਿਸਾਨਾਂ, ਮਜ਼ਦੂਰਾਂ ਅਤੇ ਦੇਸ਼ ਦੀ ਆਰਥਿਕ ਖੁਦਮੁਖਤਿਆਰੀ ਲਈ ਗੰਭੀਰ ਖ਼ਤਰਾ ਹੈ।
ਪੰਧੇਰ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਵੱਡੇ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਬਣਾਈਆਂ ਜਾ ਰਹੀਆਂ ਹਨ, ਜਦਕਿ ਕਿਸਾਨਾਂ ਅਤੇ ਮਜ਼ਦੂਰਾਂ ਦੇ ਹਿੱਤਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਕਿਸਾਨਾਂ ਅਤੇ ਮਜ਼ਦੂਰਾਂ ਦੇ ਹਿੱਤਾਂ ਨਾਲ ਖਿਲਵਾੜ ਕਰਨਾ ਬੰਦ ਨਾ ਕੀਤਾ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਮੋਰਚੇ ਵੱਲੋਂ ਪੰਜਾਬ ਦੇ 21 ਜ਼ਿਲ੍ਹਿਆਂ ਵਿੱਚ ਭਾਜਪਾ ਦਫ਼ਤਰਾਂ ਅਤੇ ਪ੍ਰਮੁੱਖ ਆਗੂਆਂ ਦੇ ਘਰਾਂ ਦੇ ਬਾਹਰ ਰੋਸ ਪ੍ਰਦਰਸ਼ਨ ਅਤੇ ਪੁਤਲਾ ਦਹਿਨ ਦਾ ਐਲਾਨ ਕੀਤਾ ਗਿਆ ਹੈ। ਇਸ ਕਾਰਨ ਪੁਲਿਸ ਅਤੇ ਖੁਫੀਆ ਏਜੰਸੀਆਂ ਵੀ ਅਲਰਟ ਮੋਡ ’ਤੇ ਆ ਗਈਆਂ ਹਨ। ਸੁਰੱਖਿਆ ਦੇ ਮੱਦੇਨਜ਼ਰ ਸਾਰੇ ਸੰਭਾਵਿਤ ਪ੍ਰਦਰਸ਼ਨ ਸਥਾਨਾਂ ’ਤੇ ਵਾਧੂ ਪੁਲਿਸ ਫੋਰਸ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਮੋਰਚੇ ਨੇ ਸਪੱਸ਼ਟ ਕੀਤਾ ਹੈ ਕਿ ਇਹ ਪ੍ਰਦਰਸ਼ਨ ਪੂਰੀ ਤਰ੍ਹਾਂ ਸ਼ਾਂਤਮਈ ਢੰਗ ਨਾਲ ਕੀਤੇ ਜਾਣਗੇ, ਪਰ ਇਨ੍ਹਾਂ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਮਜ਼ਦੂਰ ਸ਼ਾਮਲ ਹੋਣਗੇ ਅਤੇ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਆਪਣਾ ਰੋਸ ਪ੍ਰਗਟ ਕਰਨਗੇ।
ਹਿੰਦੂਸਥਾਨ ਸਮਾਚਾਰ / GURSHARAN SINGH