
ਮਾਨਸਾ, 23 ਜੂਨ (ਹਿੰ.ਸ.)| ਮਾਨਸਾ ਪੁਲਿਸ ਨੇ ਕਾਰਵਾਈ ਕਰਦਿਆਂ ਛੇ ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ਵਿੱਚੋਂ .32 ਬੋਰ ਦੀਆਂ ਚਾਰ ਪਿਸਤੌਲਾਂ, ਇੱਕ ਦੇਸੀ ਕੱਟਾ ਅਤੇ 13 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਪੁਲਿਸ ਅਨੁਸਾਰ ਇਹ ਮੁਲਜ਼ਮ ਜ਼ਿਲ੍ਹੇ ਵਿੱਚ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ।
ਸੀਆਈਏ ਸਟਾਫ ਮਾਨਸਾ ਦੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਠੂਠਿਆਂਵਾਲੀ ਰੋਡ ’ਤੇ ਕਾਰਵਾਈ ਕਰਦਿਆਂ ਇਨ੍ਹਾਂ ਮੁਲਜ਼ਮਾਂ ਨੂੰ ਵਾਰਦਾਤ ਤੋਂ ਪਹਿਲਾਂ ਹੀ ਕਾਬੂ ਕਰ ਲਿਆ। ਪੁਲਿਸ ਨੇ ਇਸ ਸਬੰਧੀ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਭਗੀਰਥ ਸਿੰਘ ਮੀਣਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਸਾਰੇ ਛੇ ਮੁਲਜ਼ਮ ਮਾਨਸਾ ਜ਼ਿਲ੍ਹੇ ਦੇ ਹੀ ਰਹਿਣ ਵਾਲੇ ਹਨ। ਉਨ੍ਹਾਂ ਕਿਹਾ ਕਿ ਪੁਲਿਸ ਨੂੰ ਮੁਲਜ਼ਮਾਂ ਦੀਆਂ ਗਤੀਵਿਧੀਆਂ ਬਾਰੇ ਗੁਪਤ ਸੂਚਨਾ ਮਿਲੀ ਸੀ, ਜਿਸ ਦੇ ਆਧਾਰ ’ਤੇ ਇਹ ਕਾਰਵਾਈ ਕੀਤੀ ਗਈ।
ਐਸਐਸਪੀ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਵਿੱਚੋਂ ਰਾਜਵਿੰਦਰ ਸਿੰਘ ਦੇ ਪਰਿਵਾਰ ਦਾ ਅਪਰਾਧਿਕ ਰਿਕਾਰਡ ਵੀ ਰਿਹਾ ਹੈ। ਸਾਲ 2024 ਵਿੱਚ ਪਿੰਡ ਕੋਟਲੀ ਕਲਾਂ ਵਿੱਚ ਹੋਏ ਇੱਕ ਕਤਲ ਮਾਮਲੇ ਵਿੱਚ ਵੀ ਉਸ ਦੇ ਪਰਿਵਾਰਕ ਮੈਂਬਰਾਂ ਦੀ ਸ਼ਮੂਲੀਅਤ ਸਾਹਮਣੇ ਆਈ ਸੀ।
ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਦਿਲਪ੍ਰੀਤ ਸਿੰਘ, ਰਾਜਵਿੰਦਰ ਸਿੰਘ, ਲਖਵਿੰਦਰ ਸਿੰਘ ਅਤੇ ਨਵਰੀਤ ਸਿੰਘ ਵਾਸੀ ਕੋਟਲੀ ਕਲਾਂ, ਜ਼ਿਲ੍ਹਾ ਮਾਨਸਾ, ਸੁਖਪਾਲ ਸਿੰਘ ਵਾਸੀ ਦਲਿਓਵਾਲੀ ਅਤੇ ਸਤਿੰਦਰ ਸਿੰਘ ਵਾਸੀ ਕੱਲੋ, ਜ਼ਿਲ੍ਹਾ ਮਾਨਸਾ ਵਜੋਂ ਹੋਈ ਹੈ।
ਪੁਲਿਸ ਹੁਣ ਇਸ ਗੱਲ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਕਿ ਮੁਲਜ਼ਮ ਇੰਨੀ ਵੱਡੀ ਮਾਤਰਾ ਵਿੱਚ ਹਥਿਆਰ ਕਿੱਥੋਂ ਲੈ ਕੇ ਆਏ ਅਤੇ ਉਹ ਜ਼ਿਲ੍ਹੇ ਵਿੱਚ ਕਿਸ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ। ਪੁਲਿਸ ਦਾ ਕਹਿਣਾ ਹੈ ਕਿ ਪੁੱਛਗਿੱਛ ਦੌਰਾਨ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH