ਬ੍ਰਾਈਟ ਮਾਈਂਡਜ਼ ਪੰਜਾਬ ਸਮਾਗਮ ਵਿੱਚ 1050 ਤੋਂ ਵੱਧ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
ਸ੍ਰੀ ਮੁਕਤਸਰ ਸਾਹਿਬ, 23 ਜੂਨ (ਹਿੰ.ਸ.)| ਪੰਜਾਬ ਵਿੱਚ ਸਿੱਖਿਆ ਖੇਤਰ ਨੂੰ ਨਵੀਆਂ ਉਚਾਈਆਂ ਤੱਕ ਲੈ ਜਾਣ ਦੇ ਉਦੇਸ਼ ਨਾਲ ਕਰਵਾਏ ਗਏ ‘ਬ੍ਰਾਈਟ ਮਾਈਂਡਜ਼ ਪੰਜਾਬ 2026’ ਸਮਾਗਮ ਦੌਰਾਨ 12ਵੀਂ ਜਮਾਤ ਦੀ ਪ੍ਰੀਖਿਆ ਵਿੱਚ 85 ਫੀਸਦੀ ਜਾਂ ਇਸ ਤੋਂ ਵੱਧ ਅੰਕ ਹਾਸਲ ਕਰਨ ਵਾਲੇ 1050 ਤੋਂ ਵੱਧ ਵਿਦਿਆਰਥੀਆਂ ਨੂੰ ਸਨਮ
ਹੋਣਹਾਰ ਵਿਦਿਆਰਥੀਆਂ ਨਾਲ ਤਸਵੀਰ ਕਰਵਾਉਂਦੇ ਹੋਏ ਮੰਤਰੀ ਹਰਜੋਤ ਬੈਂਸ ਤੇ ਮਨੀਸ਼ ਸਿਸੋਦੀਆ।


ਸ੍ਰੀ ਮੁਕਤਸਰ ਸਾਹਿਬ, 23 ਜੂਨ (ਹਿੰ.ਸ.)| ਪੰਜਾਬ ਵਿੱਚ ਸਿੱਖਿਆ ਖੇਤਰ ਨੂੰ ਨਵੀਆਂ ਉਚਾਈਆਂ ਤੱਕ ਲੈ ਜਾਣ ਦੇ ਉਦੇਸ਼ ਨਾਲ ਕਰਵਾਏ ਗਏ ‘ਬ੍ਰਾਈਟ ਮਾਈਂਡਜ਼ ਪੰਜਾਬ 2026’ ਸਮਾਗਮ ਦੌਰਾਨ 12ਵੀਂ ਜਮਾਤ ਦੀ ਪ੍ਰੀਖਿਆ ਵਿੱਚ 85 ਫੀਸਦੀ ਜਾਂ ਇਸ ਤੋਂ ਵੱਧ ਅੰਕ ਹਾਸਲ ਕਰਨ ਵਾਲੇ 1050 ਤੋਂ ਵੱਧ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਸਮਾਗਮ ਵਿੱਚ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।

ਸਮਾਗਮ ਨੂੰ ਸੰਬੋਧਨ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਿੱਖਿਆ ਸਮਾਜ ਦੀਆਂ ਸਾਰੀਆਂ ਸਮੱਸਿਆਵਾਂ ਦਾ ਸਭ ਤੋਂ ਪ੍ਰਭਾਵਸ਼ਾਲੀ ਹੱਲ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੀ ਪੜ੍ਹਾਈ ਨੂੰ ਪਹਿਲ ਦੇਣ ਤਾਂ ਜੋ ਉਹ ਆਪਣੇ ਸੁਪਨੇ ਸਾਕਾਰ ਕਰਦੇ ਹੋਏ ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕਰ ਸਕਣ।

ਸਿੱਖਿਆ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਨਿੱਜੀ ਸਕੂਲਾਂ ਦੀਆਂ ਫੀਸਾਂ ’ਤੇ ਕੰਟਰੋਲ ਕਰਨ ਲਈ ਮਹੱਤਵਪੂਰਨ ਫੈਸਲਾ ਲਿਆ ਹੈ। ਪੰਜਾਬ ਰੈਗੂਲੇਸ਼ਨ ਆਫ ਫੀਸ ਆਫ ਅਨਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਐਕਟ ਵਿੱਚ ਸੋਧ ਲਈ ਆਰਡੀਨੈਂਸ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ, ਜਿਸ ਤਹਿਤ ਸਕੂਲਾਂ ਵੱਲੋਂ ਸਾਲਾਨਾ ਫੀਸ ਵਾਧਾ ਵੱਧ ਤੋਂ ਵੱਧ ਪੰਜ ਫੀਸਦੀ ਤੱਕ ਹੀ ਕੀਤਾ ਜਾ ਸਕੇਗਾ।

ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਸਾਲਾਂ ਦੌਰਾਨ ਗੈਰ-ਵਾਜਬ ਫੀਸਾਂ ਵਧਾਉਣ ਵਾਲੇ ਸਕੂਲਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ ਅਤੇ ਵਾਧੂ ਵਸੂਲੀ ਗਈ ਰਕਮ ਮਾਪਿਆਂ ਨੂੰ ਵਾਪਸ ਕਰਵਾਈ ਜਾਵੇਗੀ।

ਬੈਂਸ ਨੇ ਦਾਅਵਾ ਕੀਤਾ ਕਿ ਸਕੂਲੀ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਨੇ ਕੇਰਲਾ ਨੂੰ ਪਿੱਛੇ ਛੱਡਦਿਆਂ ਦੇਸ਼ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਨੀਤੀ ਆਯੋਗ ਅਤੇ ਪੀਜੀਆਈ 2.0 ਦੀਆਂ ਰਿਪੋਰਟਾਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਨੇ ਨਵੇਂ ਮਾਪਦੰਡ ਸਥਾਪਤ ਕੀਤੇ ਹਨ।

ਉਨ੍ਹਾਂ ਕਿਹਾ ਕਿ ਪ੍ਰੀਖਿਆ ਪ੍ਰਣਾਲੀ ਵਿੱਚ ਪਾਰਦਰਸ਼ਤਾ ਲਿਆਉਣ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਹੁਣ ਉੱਤਰ ਪੱਤਰੀਆਂ ਨੂੰ ਆਨਲਾਈਨ ਉਪਲਬਧ ਕਰਵਾਏਗਾ। ਇਸ ਨਾਲ ਵਿਦਿਆਰਥੀਆਂ ਅਤੇ ਮਾਪਿਆਂ ਦਾ ਭਰੋਸਾ ਹੋਰ ਮਜ਼ਬੂਤ ਹੋਵੇਗਾ।

ਸਿੱਖਿਆ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਹੁਣ ਤੱਕ 68 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਯੋਗਤਾ ਦੇ ਆਧਾਰ ’ਤੇ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਆਧੁਨਿਕ ਤਕਨੀਕਾਂ ਨਾਲ ਜੁੜੇ ਹੁਨਰ ਸਿੱਖਣ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਮਨੀਸ਼ ਸਿਸੋਦੀਆ ਨੇ ਵੀ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਸੰਵਾਦ ਕਰਦਿਆਂ ਕਿਹਾ ਕਿ ਗੁਣਵੱਤਾ ਵਾਲੀ ਸਿੱਖਿਆ ਹਰ ਬੱਚੇ ਦਾ ਮੂਲ ਅਧਿਕਾਰ ਹੈ ਅਤੇ ਪੰਜਾਬ ਅੱਜ ਦੇਸ਼ ਲਈ ਸਿੱਖਿਆ ਦਾ ਇੱਕ ਮਾਡਲ ਬਣ ਰਿਹਾ ਹੈ।

ਸਮਾਗਮ ਦੌਰਾਨ ਵਿਦਿਆਰਥੀਆਂ ਨੇ ਵੀ ਖੁੱਲ੍ਹ ਕੇ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਸਿੱਖਿਆ ਪ੍ਰਣਾਲੀ ਨਾਲ ਜੁੜੇ ਸੁਝਾਅ ਦਿੱਤੇ। ਇਸ ਮੌਕੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ, ਡਾਇਰੈਕਟਰ ਸਕੂਲ ਸਿੱਖਿਆ ਐਸ.ਐਸ. ਬੱਲ ਅਤੇ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande