
ਲੁਧਿਆਣਾ, 23 ਜੂਨ (ਹਿੰ.ਸ.)। ਪੈਨਸ਼ਨ ਫੰਡ ਰੈਗੂਲੇਟਰੀ ਐਂਡ ਡਿਵੈਲਪਮੈਂਟ ਅਥਾਰਟੀ (ਪੀਐਫਆਰਡੀਏ) ਵੱਲੋਂ ਨੈਸ਼ਨਲ ਪੈਨਸ਼ਨ ਸਿਸਟਮ (ਐਨਪੀਐਸ) ਸਬੰਧੀ ਜਾਗਰੂਕਤਾ ਵਧਾਉਣ ਦੇ ਉਦੇਸ਼ ਨਾਲ 24 ਜੂਨ ਨੂੰ ਲੁਧਿਆਣਾ ਵਿੱਚ ਨੈਸ਼ਨਲ ਪੈਨਸ਼ਨ ਸਿਸਟਮ ਪਹੁੰਚ ਪ੍ਰੋਗਰਾਮ ਕਰਵਾਇਆ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਲੀਡ ਜ਼ਿਲ੍ਹਾ ਮੈਨੇਜਰ (ਐਲਡੀਐਮ) ਲੁਧਿਆਣਾ ਗੁਰਦੀਪ ਸਿੰਘ ਕੰਗ ਨੇ ਦੱਸਿਆ ਕਿ ਖੇਤੀਬਾੜੀ, ਸਹਾਇਕ ਧੰਦਿਆਂ ਅਤੇ ਪੇਂਡੂ ਖੇਤਰਾਂ ਨਾਲ ਜੁੜੇ ਛੋਟੇ ਕਾਰੋਬਾਰੀਆਂ ਵਿੱਚ ਨੈਸ਼ਨਲ ਪੈਨਸ਼ਨ ਸਿਸਟਮ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਇਹ ਪ੍ਰੋਗਰਾਮ ਲੀਡ ਜ਼ਿਲ੍ਹਾ ਬੈਂਕ (ਪੰਜਾਬ ਐਂਡ ਸਿੰਧ ਬੈਂਕ ਖੇਤਰੀ ਦਫ਼ਤਰ) ਵੱਲੋਂ ਕਰਵਾਇਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਰਾਜ ਪੱਧਰੀ ਬੈਂਕਰਜ਼ ਕਮੇਟੀ ਪੰਜਾਬ (ਐੱਸਐੱਲਬੀਸੀ, ਪੰਜਾਬ) ਵੀ ਸਹਿਯੋਗ ਕਰ ਰਹੀ ਹੈ। ਪ੍ਰੋਗਰਾਮ ਦਾ ਉਦੇਸ਼ ਪੇਂਡੂ ਅਤੇ ਖੇਤੀਬਾੜੀ ਖੇਤਰ ਨਾਲ ਜੁੜੇ ਲੋਕਾਂ ਨੂੰ ਲੰਬੇ ਸਮੇਂ ਦੀ ਆਰਥਿਕ ਸੁਰੱਖਿਆ ਅਤੇ ਪੈਨਸ਼ਨ ਯੋਜਨਾਵਾਂ ਬਾਰੇ ਜਾਣਕਾਰੀ ਮੁਹੱਈਆ ਕਰਵਾਉਣਾ ਹੈ।
ਇਸ ਪ੍ਰੋਗਰਾਮ ਦੀ ਰੂਪ-ਰੇਖਾ ਤਿਆਰ ਕਰਨ ਲਈ ਅੱਜ ਐਲਡੀਐਮ ਲੁਧਿਆਣਾ ਸ਼੍ਰੀ ਗੁਰਦੀਪ ਸਿੰਘ ਕੰਗ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਬੈਂਕਾਂ ਦੇ ਨੁਮਾਇੰਦਿਆਂ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੇ ਹਿੱਸਾ ਲਿਆ।
ਮੀਟਿੰਗ ਦੌਰਾਨ ਭਾਗੀਦਾਰਾਂ ਵੱਲੋਂ ਆਪਣੇ ਸੁਝਾਅ ਅਤੇ ਵਿਚਾਰ ਪੇਸ਼ ਕੀਤੇ ਗਏ ਤਾਂ ਜੋ 24 ਜੂਨ ਨੂੰ ਹੋਣ ਵਾਲੇ ਇਸ ਪ੍ਰੋਗਰਾਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਆਯੋਜਿਤ ਕੀਤਾ ਜਾ ਸਕੇ ਅਤੇ ਵੱਧ ਤੋਂ ਵੱਧ ਲੋਕਾਂ ਤੱਕ ਨੈਸ਼ਨਲ ਪੈਨਸ਼ਨ ਸਿਸਟਮ ਦੀ ਜਾਣਕਾਰੀ ਪਹੁੰਚਾਈ ਜਾ ਸਕੇ।
ਹਿੰਦੂਸਥਾਨ ਸਮਾਚਾਰ / GURSHARAN SINGH