
ਮੋਹਾਲੀ, 24 ਜੂਨ (ਹਿੰ.ਸ.)| ਮੋਹਾਲੀ ਜ਼ਿਲ੍ਹੇ ਦੇ ਡੇਰਾਬੱਸੀ ਅਧੀਨ ਪੈਂਦੇ ਪਿੰਡ ਖੇੜੀ ਗੁੱਜਰਾਂ ਵਿੱਚ 30 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਸਵੇਰੇ ਆਪਣੇ ਕਮਰੇ ਵਿੱਚ ਬੇਹੋਸ਼ ਹਾਲਤ ਵਿੱਚ ਮਿਲਿਆ, ਜਿਸ ਨੂੰ ਪਰਿਵਾਰਕ ਮੈਂਬਰ ਤੁਰੰਤ ਡੇਰਾਬੱਸੀ ਦੇ ਸਿਵਲ ਹਸਪਤਾਲ ਲੈ ਕੇ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਪ੍ਰਾਪਤ ਜਾਣਕਾਰੀ ਅਨੁਸਾਰ ਨੌਜਵਾਨ ਰਾਤ ਨੂੰ ਰੋਜ਼ਾਨਾ ਵਾਂਗ ਆਪਣੇ ਕਮਰੇ ਵਿੱਚ ਸੌਣ ਲਈ ਗਿਆ ਸੀ। ਅਗਲੀ ਸਵੇਰ ਜਦੋਂ ਪਰਿਵਾਰਕ ਮੈਂਬਰ ਉਸ ਨੂੰ ਜਗਾਉਣ ਲਈ ਕਮਰੇ ਵਿੱਚ ਪਹੁੰਚੇ ਤਾਂ ਉਹ ਬੇਹੋਸ਼ ਹਾਲਤ ਵਿੱਚ ਪਿਆ ਮਿਲਿਆ। ਪਰਿਵਾਰ ਵੱਲੋਂ ਉਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਪਰ ਡਾਕਟਰ ਉਸ ਦੀ ਜਾਨ ਨਹੀਂ ਬਚਾ ਸਕੇ।
ਮੁੱਢਲੀ ਜਾਣਕਾਰੀ ਮੁਤਾਬਕ ਨੌਜਵਾਨ ਦੀ ਮੌਤ ਨਸ਼ੇ ਦੇ ਟੀਕੇ ਦੀ ਓਵਰਡੋਜ਼ ਕਾਰਨ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਨੌਜਵਾਨ ਨੇ ਰਾਤ ਸਮੇਂ ਕਿਸੇ ਸਾਥੀ ਨਾਲ ਮਿਲ ਕੇ ਨਸ਼ੇ ਦਾ ਟੀਕਾ ਲਗਾਇਆ ਸੀ ਅਤੇ ਨਸ਼ੀਲੇ ਪਦਾਰਥ ਦੀ ਵੱਧ ਮਾਤਰਾ ਸਰੀਰ ਵਿੱਚ ਜਾਣ ਕਾਰਨ ਉਸ ਦੀ ਮੌਤ ਹੋ ਗਈ। ਹਾਲਾਂਕਿ ਪੁਲਿਸ ਵੱਲੋਂ ਅਜੇ ਤੱਕ ਇਸ ਸਬੰਧੀ ਕੋਈ ਅਧਿਕਾਰਿਕ ਪੁਸ਼ਟੀ ਨਹੀਂ ਕੀਤੀ ਗਈ। ਪੁਲਿਸ ਨੇ ਮ੍ਰਿਤਕ ਦੇਹ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਮੌਤ ਦੇ ਅਸਲ ਕਾਰਨਾਂ ਦਾ ਖੁਲਾਸਾ ਪੋਸਟਮਾਰਟਮ ਅਤੇ ਵਿਸਰਾ ਰਿਪੋਰਟ ਆਉਣ ਤੋਂ ਬਾਅਦ ਹੀ ਹੋ ਸਕੇਗਾ।
ਹਿੰਦੂਸਥਾਨ ਸਮਾਚਾਰ / GURSHARAN SINGH