
ਚੰਡੀਗੜ੍ਹ, 24 ਜੂਨ (ਹਿੰ.ਸ.)| ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੱਲੋਂ ਕੇਂਦਰੀ ਰਸਾਇਣ ਅਤੇ ਖਾਦ ਮੰਤਰੀ ਨੂੰ ਲਿਖੇ ਪੱਤਰ ਤੋਂ ਬਾਅਦ ਕੇਂਦਰ ਸਰਕਾਰ ਨੇ ਖਰੀਫ਼ ਸੀਜ਼ਨ 2026 ਲਈ ਪੰਜਾਬ ਵਿੱਚ ਯੂਰੀਆ ਅਤੇ ਡੀਏਪੀ ਖਾਦ ਦੀ ਲੋੜੀਂਦੀ ਉਪਲਬਧਤਾ ਦਾ ਭਰੋਸਾ ਦਿੱਤਾ ਹੈ। ਕੇਂਦਰ ਵੱਲੋਂ ਕਿਹਾ ਗਿਆ ਹੈ ਕਿ ਸੂਬੇ ਲਈ ਲੋੜ ਤੋਂ ਵੱਧ ਖਾਦ ਦੀ ਸਪਲਾਈ ਕੀਤੀ ਗਈ ਹੈ।
10 ਜੂਨ 2026 ਨੂੰ ਕੇਵਲ ਸਿੰਘ ਢਿੱਲੋਂ ਵੱਲੋਂ ਭੇਜੇ ਗਏ ਪੱਤਰ ਦੇ ਜਵਾਬ ਵਿੱਚ 23 ਜੂਨ ਨੂੰ ਰਸਾਇਣ ਅਤੇ ਖਾਦ ਮੰਤਰਾਲੇ ਦੀ ਸੰਯੁਕਤ ਸਕੱਤਰ ਬੰਦਨਾ ਪ੍ਰੇਯਸ਼ੀ ਨੇ ਜਾਣਕਾਰੀ ਦਿੱਤੀ ਕਿ ਪੰਜਾਬ ਨੂੰ 11.45 ਲੱਖ ਮੀਟ੍ਰਿਕ ਟਨ ਯੂਰੀਆ ਅਤੇ 1.80 ਲੱਖ ਮੀਟ੍ਰਿਕ ਟਨ ਡੀਏਪੀ ਉਪਲਬਧ ਕਰਵਾਈ ਗਈ ਹੈ, ਜੋ ਸੂਬੇ ਦੀ ਅਨੁਮਾਨਿਤ ਲੋੜ ਤੋਂ ਵੱਧ ਦੱਸੀ ਗਈ ਹੈ।
ਮੰਤਰਾਲੇ ਮੁਤਾਬਕ ਇਸ ਸਮੇਂ ਪੰਜਾਬ ਵਿੱਚ 4.27 ਲੱਖ ਮੀਟ੍ਰਿਕ ਟਨ ਯੂਰੀਆ ਅਤੇ 98 ਹਜ਼ਾਰ ਮੀਟ੍ਰਿਕ ਟਨ ਡੀਏਪੀ ਦਾ ਕਲੋਜ਼ਿੰਗ ਸਟਾਕ ਮੌਜੂਦ ਹੈ। ਕੇਂਦਰ ਨੇ ਦਾਅਵਾ ਕੀਤਾ ਹੈ ਕਿ ਕਿਸਾਨਾਂ ਨੂੰ ਖਾਦ ਦੀ ਘਾਟ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਮੋਦੀ ਸਰਕਾਰ ਨੇ ਇੱਕ ਵਾਰ ਫਿਰ ਸਾਬਤ ਕੀਤਾ ਹੈ ਕਿ ਪੰਜਾਬ ਦੇ ਕਿਸਾਨ ਉਸ ਦੀ ਤਰਜੀਹ ਹਨ। ਉਨ੍ਹਾਂ ਕਿਹਾ ਕਿ ਪੱਤਰ ਭੇਜਣ ਦੇ ਕੁਝ ਹੀ ਦਿਨਾਂ ਵਿੱਚ ਕੇਂਦਰ ਵੱਲੋਂ ਸਪੱਸ਼ਟ ਜਵਾਬ ਦੇਣਾ ਇਸ ਗੱਲ ਦਾ ਪ੍ਰਮਾਣ ਹੈ ਕਿ ਕਿਸਾਨਾਂ ਦੇ ਮਸਲਿਆਂ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਉਨ੍ਹਾਂ ਨਾਲ ਹੀ ਪੰਜਾਬ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਹੁਣ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਕੀ ਆਮ ਆਦਮੀ ਪਾਰਟੀ ਦੀ ਸਰਕਾਰ ਇਸ ਖਾਦ ਨੂੰ ਜ਼ਿਲ੍ਹਾ ਅਤੇ ਬਲਾਕ ਪੱਧਰ ਤੱਕ ਸਮੇਂ ਸਿਰ ਕਿਸਾਨਾਂ ਤੱਕ ਪਹੁੰਚਾ ਸਕੇਗੀ ਜਾਂ ਨਹੀਂ।
ਢਿੱਲੋਂ ਨੇ ਕਿਹਾ ਕਿ ਖਾਦ (ਕੰਟਰੋਲ) ਆਰਡਰ 1985 ਅਤੇ ਜ਼ਰੂਰੀ ਵਸਤਾਂ ਐਕਟ 1955 ਤਹਿਤ ਜ਼ਖੀਰੇਬਾਜ਼ੀ, ਕਾਲਾਬਾਜ਼ਾਰੀ ਅਤੇ ਵੱਧ ਕੀਮਤਾਂ ’ਤੇ ਵਿਕਰੀ ਨੂੰ ਰੋਕਣਾ ਰਾਜ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਕਿਸਾਨਾਂ ਨੂੰ ਖਾਦ ਦੀ ਕਮੀ ਦਾ ਸਾਹਮਣਾ ਕਰਨਾ ਪਿਆ ਤਾਂ ਇਸ ਲਈ ਸਿੱਧੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।
ਹਿੰਦੂਸਥਾਨ ਸਮਾਚਾਰ / GURSHARAN SINGH