
ਮੋਹਾਲੀ, 24 ਜੂਨ (ਹਿੰ.ਸ.)| ਪੇਂਡੂ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਲਈ ਰੋਜ਼ੀ-ਰੋਟੀ ਦੇ ਵਾਧੂ ਮੌਕੇ ਪੈਦਾ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ, ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਫਾਰਮ ਸਟੇਅ ਨੀਤੀ-2026 ਸਬੰਧੀ ਇੱਕ ਜਾਗਰੂਕਤਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਵਰਕਸ਼ਾਪ ਵਿੱਚ 70 ਤੋਂ ਵੱਧ ਕਿਸਾਨਾਂ, ਸਰਕਾਰੀ ਅਧਿਕਾਰੀਆਂ ਅਤੇ ਹੋਰ ਹਿੱਸੇਦਾਰਾਂ ਨੇ ਸ਼ਮੂਲੀਅਤ ਕੀਤੀ।
ਵਰਕਸ਼ਾਪ ਵਿੱਚ ਵਧੀਕ ਡਿਪਟੀ ਕਮਿਸ਼ਨਰ (ਏ.ਡੀ.ਸੀ.) ਸੋਨਮ ਚੌਧਰੀ, ਸੰਯੁਕਤ ਡਾਇਰੈਕਟਰ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਡਾ. ਦਮਪ੍ਰੀਤ ਵਾਲੀਆ, ਸੁਪਰਡੈਂਟ ਮਨਿੰਦਰ ਸੈਣੀ, ਮੈਨੇਜਰ ਪ੍ਰੋਜੈਕਟ ਸ਼ੀਤਲ ਬਹਿਲ ਅਤੇ ਜ਼ਿਲ੍ਹਾ ਸੈਰ-ਸਪਾਟਾ ਅਫ਼ਸਰ ਅਭਿਸ਼ੇਕ ਪੁਰੀ ਸਮੇਤ ਕਈ ਅਧਿਕਾਰੀ ਹਾਜ਼ਰ ਸਨ।
ਇਸ ਮੌਕੇ ਸੰਬੋਧਨ ਕਰਦਿਆਂ ਸੋਨਮ ਚੌਧਰੀ ਨੇ ਕਿਹਾ ਕਿ ਫਾਰਮ ਸਟੇਅ ਨੀਤੀ-2026 ਦਾ ਮੁੱਖ ਉਦੇਸ਼ ਪੇਂਡੂ ਖੇਤਰਾਂ ਵਿੱਚ ਆਮਦਨ ਦੇ ਸਰੋਤਾਂ ਨੂੰ ਮਜ਼ਬੂਤ ਕਰਨਾ ਅਤੇ ਕਿਸਾਨਾਂ ਨੂੰ ਸੈਰ-ਸਪਾਟਾ ਖੇਤਰ ਨਾਲ ਜੋੜਨਾ ਹੈ। ਉਨ੍ਹਾਂ ਕਿਸਾਨਾਂ ਨੂੰ ਨੀਤੀ ਤਹਿਤ ਰਜਿਸਟ੍ਰੇਸ਼ਨ ਕਰਵਾਉਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਇਸ ਨਾਲ ਨਾ ਸਿਰਫ਼ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ, ਸਗੋਂ ਪੰਜਾਬ ਦੀ ਸੱਭਿਆਚਾਰਕ ਅਤੇ ਖੇਤੀਬਾੜੀ ਵਿਰਾਸਤ ਨੂੰ ਦੇਸ਼ ਅਤੇ ਵਿਦੇਸ਼ ਦੇ ਸੈਲਾਨੀਆਂ ਤੱਕ ਪਹੁੰਚਾਉਣ ਵਿੱਚ ਵੀ ਮਦਦ ਮਿਲੇਗੀ।
ਵਰਕਸ਼ਾਪ ਦੌਰਾਨ ਭਾਗੀਦਾਰਾਂ ਨੂੰ ਨੀਤੀ ਦੇ ਪ੍ਰਬੰਧਾਂ, ਯੋਗਤਾ ਮਾਪਦੰਡਾਂ, ਰਜਿਸਟ੍ਰੇਸ਼ਨ ਪ੍ਰਕਿਰਿਆ ਅਤੇ ਸਰਕਾਰੀ ਸਹਾਇਤਾ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਟਿਕਾਊ ਪੇਂਡੂ ਸੈਰ-ਸਪਾਟੇ, ਸਥਾਨਕ ਸ਼ਿਲਪਕਾਰੀ ਨੂੰ ਉਤਸ਼ਾਹਿਤ ਕਰਨ, ਖੇਤੀ-ਅਧਾਰਿਤ ਤਜਰਬਿਆਂ ਅਤੇ ਭਾਈਚਾਰਕ ਭਾਗੀਦਾਰੀ ਨੂੰ ਵੀ ਵਿਸ਼ੇਸ਼ ਤੌਰ 'ਤੇ ਉਜਾਗਰ ਕੀਤਾ ਗਿਆ।
ਅਧਿਕਾਰੀਆਂ ਨੇ ਦੱਸਿਆ ਕਿ ਸੈਰ-ਸਪਾਟਾ ਵਿਭਾਗ ਵੱਲੋਂ ਰਾਜ ਪੱਧਰ 'ਤੇ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸ ਲੜੀ ਤਹਿਤ ਪਹਿਲੀ ਵਰਕਸ਼ਾਪ 12 ਜੂਨ ਨੂੰ ਰੂਪਨਗਰ ਸਥਿਤ ਕ੍ਰਿਸ਼ੀ ਵਿਗਿਆਨ ਕੇਂਦਰ ਵਿੱਚ ਕਰਵਾਈ ਗਈ ਸੀ। ਹੁਣ ਵੱਖ-ਵੱਖ ਜ਼ਿਲ੍ਹਿਆਂ ਵਿੱਚ ਅਜਿਹੀਆਂ ਵਰਕਸ਼ਾਪਾਂ ਦਾ ਆਯੋਜਨ ਕਰਕੇ ਵੱਧ ਤੋਂ ਵੱਧ ਕਿਸਾਨਾਂ ਨੂੰ ਇਸ ਨੀਤੀ ਨਾਲ ਜੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਵਰਕਸ਼ਾਪ ਦੌਰਾਨ ਕਿਸਾਨਾਂ ਅਤੇ ਅਧਿਕਾਰੀਆਂ ਵਿਚਾਲੇ ਇੱਕ ਇੰਟਰਐਕਟਿਵ ਸੈਸ਼ਨ ਵੀ ਆਯੋਜਿਤ ਕੀਤਾ ਗਿਆ, ਜਿਸ ਵਿੱਚ ਕਿਸਾਨਾਂ ਨੇ ਨੀਤੀ ਸਬੰਧੀ ਆਪਣੇ ਸਵਾਲ ਪੁੱਛੇ ਅਤੇ ਅਧਿਕਾਰੀਆਂ ਤੋਂ ਸਿੱਧੇ ਤੌਰ 'ਤੇ ਜਾਣਕਾਰੀ ਪ੍ਰਾਪਤ ਕੀਤੀ। ਕਿਸਾਨਾਂ ਨੇ ਫਾਰਮ ਸਟੇਅ ਨੀਤੀ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਪਹਿਲ ਪੇਂਡੂ ਖੇਤਰਾਂ ਵਿੱਚ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਅਤੇ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗੀ।
ਵਰਕਸ਼ਾਪ ਭਾਗੀਦਾਰਾਂ ਦੇ ਉਤਸ਼ਾਹੀ ਹੁੰਗਾਰੇ ਨਾਲ ਸਮਾਪਤ ਹੋਈ। ਇਸ ਮੌਕੇ ਕਿਸਾਨਾਂ ਨੇ ਪੰਜਾਬ ਸਰਕਾਰ ਨਾਲ ਮਿਲ ਕੇ ਪੇਂਡੂ ਸੈਰ-ਸਪਾਟੇ ਨੂੰ ਨਵੀਆਂ ਉਚਾਈਆਂ ਤੱਕ ਲੈ ਜਾਣ ਅਤੇ ਸੈਰ-ਸਪਾਟੇ ਨੂੰ ਆਮਦਨ ਦੇ ਵਾਧੂ ਸਰੋਤ ਵਜੋਂ ਅਪਣਾਉਣ ਦੀ ਆਪਣੀ ਇੱਛਾ ਵੀ ਪ੍ਰਗਟ ਕੀਤੀ।
ਹਿੰਦੂਸਥਾਨ ਸਮਾਚਾਰ / GURSHARAN SINGH