
ਮੋਹਾਲੀ, 24 ਜੂਨ (ਹਿੰ.ਸ.)| ਵਪਾਰੀ ਭਾਈਚਾਰੇ ਲਈ ਸੁਰੱਖਿਅਤ, ਸੁਖਾਵਾਂ ਅਤੇ ਕਾਰੋਬਾਰ-ਪੱਖੀ ਮਾਹੌਲ ਯਕੀਨੀ ਬਣਾਉਣ ਲਈ ਚਲਾਈ ਜਾ ਰਹੀ ਨਿਰੰਤਰ ਮੁਹਿੰਮ ਤਹਿਤ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵੱਲੋਂ ਸੋਹਾਣਾ ਮਾਰਕੀਟ ਵਿਖੇ ਦੁਕਾਨਦਾਰਾਂ ਅਤੇ ਵਪਾਰੀਆਂ ਦੀਆਂ ਸਮੱਸਿਆਵਾਂ ਸੁਣਨ ਲਈ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੀ ਅਗਵਾਈ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਰਣਜੀਤ ਪਾਲ ਸਿੰਘ ਨੇ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਵਾਈਸ ਚੇਅਰਮੈਨ ਤਰਲੋਚਨ ਸਿੰਘ ਬੈਦਵਾਣ ਅਤੇ ਮੋਹਾਲੀ ਵਿਧਾਨ ਸਭਾ ਹਲਕੇ ਦੇ ਚੇਅਰਮੈਨ ਅਕਵਿੰਦਰ ਸਿੰਘ ਗੋਸਲ ਵੀ ਮੌਜੂਦ ਸਨ। ਉਨ੍ਹਾਂ ਨੇ ਦੁਕਾਨਦਾਰਾਂ ਅਤੇ ਵਪਾਰੀਆਂ ਵੱਲੋਂ ਉਠਾਏ ਗਏ ਮਸਲਿਆਂ ਨੂੰ ਧਿਆਨ ਨਾਲ ਸੁਣਿਆ ਅਤੇ ਭਰੋਸਾ ਦਿਵਾਇਆ ਕਿ ਸਾਰੀਆਂ ਸਮੱਸਿਆਵਾਂ ਦਾ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਸਮਾਂਬੱਧ ਢੰਗ ਨਾਲ ਨਿਪਟਾਰਾ ਕੀਤਾ ਜਾਵੇਗਾ।
ਚੇਅਰਮੈਨ ਰਣਜੀਤ ਪਾਲ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪੰਜਾਬ ਟਰੇਡਰਜ਼ ਕਮਿਸ਼ਨ ਨੂੰ ਹੋਰ ਮਜ਼ਬੂਤ ਅਤੇ ਪ੍ਰਭਾਵਸ਼ਾਲੀ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕਰਨ ਦੇ ਨਾਲ-ਨਾਲ ਜ਼ਿਲ੍ਹਾ ਅਤੇ ਵਿਧਾਨ ਸਭਾ ਪੱਧਰ ਦੀਆਂ ਇਕਾਈਆਂ ਦਾ ਗਠਨ ਵੀ ਕੀਤਾ ਗਿਆ ਹੈ, ਤਾਂ ਜੋ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਤੇਜ਼ੀ ਨਾਲ ਹੱਲ ਯਕੀਨੀ ਬਣਾਇਆ ਜਾ ਸਕੇ।
ਉਨ੍ਹਾਂ ਕਿਹਾ ਕਿ ਕਮਿਸ਼ਨ ਦਾ ਮੁੱਖ ਉਦੇਸ਼ ਮਾਰਕੀਟਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣਾ ਅਤੇ ਵਪਾਰ ਨਾਲ ਸਬੰਧਤ ਮਸਲਿਆਂ ਦਾ ਹੱਲ ਕਰਨਾ ਹੈ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਇਨ੍ਹਾਂ ਮੀਟਿੰਗਾਂ ਵਿੱਚ ਸ਼ਾਮਲ ਹੁੰਦੇ ਹਨ ਤਾਂ ਜੋ ਸਮੱਸਿਆਵਾਂ ਦਾ ਮੌਕੇ 'ਤੇ ਜਾਇਜ਼ਾ ਲੈ ਕੇ ਉਨ੍ਹਾਂ ਦੇ ਤੁਰੰਤ ਹੱਲ ਲਈ ਕਾਰਵਾਈ ਕੀਤੀ ਜਾ ਸਕੇ।
ਇਸ ਮੌਕੇ ਵਪਾਰੀਆਂ ਨੇ ਵੀ ਆਪਣੇ ਵਿਚਾਰ ਅਤੇ ਮੰਗਾਂ ਕਮਿਸ਼ਨ ਸਾਹਮਣੇ ਰੱਖੀਆਂ ਅਤੇ ਕਮਿਸ਼ਨ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਮੀਟਿੰਗ ਦੌਰਾਨ ਸੀਨੀਅਰ ਡਿਪਟੀ ਮੇਅਰ ਰਾਜਿੰਦਰ ਪ੍ਰਸਾਦ ਸ਼ਰਮਾ, ਡਿਪਟੀ ਮੇਅਰ ਹਰਪਾਲ ਸਿੰਘ ਚੰਨਾ, ਟਰੇਡਰਜ਼ ਕਮਿਸ਼ਨ ਦੇ ਮੈਂਬਰ, ਮਾਰਕੀਟ ਐਸੋਸੀਏਸ਼ਨਾਂ ਦੇ ਨੁਮਾਇੰਦੇ ਅਤੇ ਵੱਡੀ ਗਿਣਤੀ ਵਿੱਚ ਦੁਕਾਨਦਾਰ ਅਤੇ ਵਪਾਰੀ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH