
ਚੰਡੀਗੜ੍ਹ, 24 ਜੂਨ (ਹਿੰ.ਸ.)| ਪੰਜਾਬ ਵਿੱਚ ਵਿਸ਼ੇਸ਼ ਗਹਿਰੀ ਸੁਧਾਈ (ਐਸਆਈਆਰ) ਤਹਿਤ ਘਰੋ-ਘਰ ਵੋਟਰ ਗਣਨਾ ਦਾ ਪਹਿਲਾ ਪੜਾਅ 25 ਜੂਨ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਹ ਜਾਣਕਾਰੀ ਮੁੱਖ ਚੋਣ ਅਫ਼ਸਰ ਪੰਜਾਬ ਅਨਿੰਦਿਤਾ ਮਿਤਰਾ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਬੂਥ ਲੈਵਲ ਅਫ਼ਸਰ (ਬੀਐਲਓ) ਘਰ-ਘਰ ਜਾ ਕੇ ਪ੍ਰੀ-ਪ੍ਰਿੰਟਡ ਫਾਰਮ ਵੰਡਣਗੇ ਅਤੇ ਵੋਟਰਾਂ ਨੂੰ ਇਹ ਫਾਰਮ ਭਰਨ ਵਿੱਚ ਸਹਾਇਤਾ ਕਰਨਗੇ। ਇਸ ਤੋਂ ਇਲਾਵਾ ਬੀਐਲਓ ਘਰਾਂ ਤੋਂ ਇਹ ਫਾਰਮ ਵਾਪਸ ਇਕੱਠੇ ਵੀ ਕਰਨਗੇ। ਘਰੋ-ਘਰ ਗਣਨਾ ਦੀ ਇਹ ਪ੍ਰਕਿਰਿਆ 24 ਜੁਲਾਈ 2026 ਤੱਕ ਜਾਰੀ ਰਹੇਗੀ।
ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ ਜੇਕਰ ਕਿਸੇ ਘਰ ਤੋਂ ਫਾਰਮ ਪ੍ਰਾਪਤ ਨਹੀਂ ਹੁੰਦਾ ਤਾਂ ਬੀਐਲਓ ਤਿੰਨ ਵਾਰ ਤੱਕ ਉਸ ਘਰ ਦਾ ਦੌਰਾ ਕਰੇਗਾ ਅਤੇ ਹਰ ਦੌਰੇ ਸਬੰਧੀ ਜਾਣਕਾਰੀ ਸਟਿੱਕਰ ਰਾਹੀਂ ਘਰ ਦੇ ਦਰਵਾਜ਼ੇ 'ਤੇ ਦਰਜ ਕਰੇਗਾ। ਉਨ੍ਹਾਂ ਦੱਸਿਆ ਕਿ ਸੂਬੇ ਭਰ ਵਿੱਚ 24,453 ਬੀਐਲਓਜ਼ ਵੱਲੋਂ 2 ਕਰੋੜ 14 ਲੱਖ 61 ਹਜ਼ਾਰ 43 ਵੋਟਰਾਂ ਦੀ ਗਣਨਾ ਕੀਤੀ ਜਾਵੇਗੀ। ਮੌਜੂਦਾ ਸਮੇਂ ਤੱਕ ਪੰਜਾਬ ਦੇ 1 ਕਰੋੜ 84 ਲੱਖ 61 ਹਜ਼ਾਰ 581 ਵੋਟਰਾਂ ਦੀ ਮੈਪਿੰਗ ਹੋ ਚੁੱਕੀ ਹੈ, ਜੋ ਕੁੱਲ ਵੋਟਰਾਂ ਦਾ 86.02 ਫ਼ੀਸਦੀ ਬਣਦੀ ਹੈ।
ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਚੋਣ ਕਮਿਸ਼ਨ ਦੇ ਪ੍ਰੋਗਰਾਮ ਅਨੁਸਾਰ 3 ਅਗਸਤ 2026 ਨੂੰ ਵੋਟਰ ਸੂਚੀਆਂ ਦਾ ਖਰੜਾ ਪ੍ਰਕਾਸ਼ਿਤ ਕੀਤਾ ਜਾਵੇਗਾ। ਵੋਟਰ ਸੂਚੀਆਂ ਸਬੰਧੀ ਦਾਅਵੇ ਅਤੇ ਇਤਰਾਜ਼ 3 ਅਗਸਤ ਤੋਂ 2 ਸਤੰਬਰ ਤੱਕ ਦਾਖਲ ਕੀਤੇ ਜਾ ਸਕਣਗੇ, ਜਦਕਿ ਇਨ੍ਹਾਂ ਦਾ ਨਿਪਟਾਰਾ 28 ਸਤੰਬਰ ਤੱਕ ਕੀਤਾ ਜਾਵੇਗਾ। ਅੰਤਿਮ ਵੋਟਰ ਸੂਚੀ 1 ਅਕਤੂਬਰ 2026 ਨੂੰ ਜਾਰੀ ਕੀਤੀ ਜਾਵੇਗੀ।
ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਕਿਸੇ ਵੋਟਰ ਦੀ ਮੈਪਿੰਗ ਨਹੀਂ ਹੁੰਦੀ ਤਾਂ ਉਸ ਨੂੰ ਦਾਅਵਿਆਂ ਅਤੇ ਇਤਰਾਜ਼ਾਂ ਦੀ ਪ੍ਰਕਿਰਿਆ ਦੌਰਾਨ ਮੌਕਾ ਦਿੱਤਾ ਜਾਵੇਗਾ ਅਤੇ ਲੋੜੀਂਦੇ ਦਸਤਾਵੇਜ਼ ਪੇਸ਼ ਕਰਕੇ ਉਹ ਆਪਣੀ ਵੋਟ ਬਣਵਾ ਸਕੇਗਾ। ਉਨ੍ਹਾਂ ਕਿਹਾ ਕਿ ਕਿਸੇ ਵੀ ਯੋਗ ਵਿਅਕਤੀ ਦੀ ਵੋਟ ਨਹੀਂ ਕੱਟੀ ਜਾਵੇਗੀ।
ਮੁੱਖ ਚੋਣ ਅਫ਼ਸਰ ਨੇ ਇਹ ਵੀ ਕਿਹਾ ਕਿ ਜਿਹੜੇ ਵਿਅਕਤੀ ਕਿਸੇ ਹੋਰ ਦੇਸ਼ ਦੀ ਨਾਗਰਿਕਤਾ ਲੈ ਚੁੱਕੇ ਹਨ ਜਾਂ ਵਿਦੇਸ਼ੀ ਪਾਸਪੋਰਟ ਰੱਖਦੇ ਹਨ, ਉਹ ਭਾਰਤ ਵਿੱਚ ਵੋਟ ਬਣਵਾਉਣ ਦੇ ਹੱਕਦਾਰ ਨਹੀਂ ਹਨ। ਦੋ ਥਾਵਾਂ 'ਤੇ ਵੋਟ ਬਣਾਉਣ ਜਾਂ ਵਿਦੇਸ਼ੀ ਨਾਗਰਿਕਤਾ ਹੋਣ ਦੇ ਬਾਵਜੂਦ ਭਾਰਤ ਵਿੱਚ ਵੋਟ ਬਣਾਉਣ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਹੋ ਸਕਦੀ ਹੈ। ਉਨ੍ਹਾਂ ਦੱਸਿਆ ਕਿ ਇਸ ਪੂਰੀ ਪ੍ਰਕਿਰਿਆ ਸਬੰਧੀ ਸਾਰੀਆਂ ਰਾਜਨੀਤਿਕ ਪਾਰਟੀਆਂ ਨਾਲ ਰਾਜ, ਜ਼ਿਲ੍ਹਾ, ਤਹਿਸੀਲ ਅਤੇ ਬੀਐਲਓ ਪੱਧਰ 'ਤੇ ਮੀਟਿੰਗਾਂ ਕਰਕੇ ਜਾਣਕਾਰੀ ਸਾਂਝੀ ਕੀਤੀ ਗਈ ਹੈ ਅਤੇ ਚੋਣ ਅਮਲੇ ਦੀ ਟ੍ਰੇਨਿੰਗ ਵੀ ਪੂਰੀ ਕਰ ਲਈ ਗਈ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH