
ਲੁਧਿਆਣਾ, 24 ਜੂਨ (ਹਿੰ.ਸ.)| ਲੁਧਿਆਣਾ ਦੇ ਡੇਹਲੋਂ ਥਾਣਾ ਖੇਤਰ ਅਧੀਨ ਪੈਂਦੇ ਟੀਬਾ ਪਿੰਡ (ਨਹਿਰ ਪੁਲ ਨੇੜੇ) ਵਿੱਚ ਜ਼ਮੀਨੀ ਵਿਵਾਦ ਨੂੰ ਸੁਲਝਾਉਣ ਗਏ ਇੱਕ ਬਜ਼ੁਰਗ ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ 70 ਸਾਲਾ ਸਵਿੰਦਰ ਸਿੰਘ ਉਰਫ਼ ਬਿੰਦਰ ਵਜੋਂ ਹੋਈ ਹੈ, ਜੋ ਪਿੰਡ ਦੇ ਸਾਬਕਾ ਸਰਪੰਚ ਦੇ ਭਰਾ ਸਨ। ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਦਹਿਸ਼ਤ ਅਤੇ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ।
ਮ੍ਰਿਤਕ ਦੀ ਪਤਨੀ ਪਰਮਜੀਤ ਕੌਰ ਵੱਲੋਂ ਪੁਲਿਸ ਨੂੰ ਦਿੱਤੇ ਬਿਆਨਾਂ ਮੁਤਾਬਕ 23 ਜੂਨ ਦੇਰ ਸ਼ਾਮ ਨੂੰ ਪਿੰਡ ਵਿੱਚ ਜ਼ਮੀਨ ਸਬੰਧੀ ਇੱਕ ਵਿਵਾਦ ਚੱਲ ਰਿਹਾ ਸੀ। ਸਵਿੰਦਰ ਸਿੰਘ ਆਪਣੇ ਜਾਣਕਾਰ ਕੇਵਲ ਸਿੰਘ ਅਤੇ ਉਸ ਦੇ ਪੁੱਤਰ ਗੋਲੂ ਦੇ ਨਾਲ ਮਿਲ ਕੇ ਕੇਵਲ ਸਿੰਘ ਦੇ ਭਰਾ ਮੇਘਾ ਅਤੇ ਉਸ ਦੇ ਪੁੱਤਰ ਗੋਲੂ ਵਿਚਾਲੇ ਚੱਲ ਰਹੇ ਜ਼ਮੀਨੀ ਝਗੜੇ ਨੂੰ ਸ਼ਾਂਤ ਕਰਵਾਉਣ ਅਤੇ ਰਾਜ਼ੀਨਾਮਾ ਕਰਵਾਉਣ ਲਈ ਮੌਕੇ 'ਤੇ ਗਏ ਸਨ। ਪਰਮਜੀਤ ਕੌਰ ਵੀ ਆਪਣੇ ਪਤੀ ਨਾਲ ਉੱਥੇ ਮੌਜੂਦ ਸਨ।
ਉਨ੍ਹਾਂ ਦੱਸਿਆ ਕਿ ਜਦੋਂ ਸਵਿੰਦਰ ਸਿੰਘ ਦੋਵੇਂ ਧਿਰਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕਰ ਰਹੇ ਸਨ ਤਾਂ ਦੂਜੇ ਪੱਖ ਵੱਲੋਂ ਉਨ੍ਹਾਂ 'ਤੇ ਹਮਲਾ ਕਰ ਦਿੱਤਾ ਗਿਆ। ਦੋਸ਼ ਹੈ ਕਿ ਮੇਘ ਸਿੰਘ, ਉਸ ਦਾ ਪੁੱਤਰ ਗੋਲੂ, ਗੋਪੀ ਪੰਡਿਤ ਦਾ ਪੁੱਤਰ ਅਤੇ ਹੋਰ ਚਾਰ ਅਣਪਛਾਤੇ ਵਿਅਕਤੀਆਂ ਨੇ ਸਵਿੰਦਰ ਸਿੰਘ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ।
ਸ਼ਿਕਾਇਤ ਮੁਤਾਬਕ ਹਮਲਾਵਰਾਂ ਨੇ ਸਵਿੰਦਰ ਸਿੰਘ ਨੂੰ ਚੁੱਕ ਕੇ ਜ਼ਮੀਨ 'ਤੇ ਸੁੱਟ ਦਿੱਤਾ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਸ਼ੁਰੂਆਤੀ ਜਾਣਕਾਰੀ ਅਨੁਸਾਰ ਘਟਨਾ ਦੌਰਾਨ ਮੌਕੇ 'ਤੇ ਮੌਜੂਦ ਗੋਪੀ ਨਾਂ ਦੇ ਇੱਕ ਨੌਜਵਾਨ ਵੱਲੋਂ ਗੋਲੀ ਚਲਾਉਣ ਦੀ ਵੀ ਗੱਲ ਸਾਹਮਣੇ ਆ ਰਹੀ ਹੈ, ਜਿਸ ਕਾਰਨ ਸਵਿੰਦਰ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਵਾਰਦਾਤ ਤੋਂ ਬਾਅਦ ਸਾਰੇ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ।
ਘਟਨਾ ਦੀ ਸੂਚਨਾ ਮਿਲਦੇ ਹੀ ਡੇਹਲੋਂ ਪੁਲਿਸ ਅਤੇ ਸੀਨੀਅਰ ਅਧਿਕਾਰੀ ਭਾਰੀ ਪੁਲਿਸ ਫੋਰਸ ਸਮੇਤ ਮੌਕੇ 'ਤੇ ਪਹੁੰਚੇ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਭਾਰਤੀ ਨਿਆਂ ਸੰਹਿਤਾ ਦੀ ਧਾਰਾ 103 (ਕਤਲ), 191(3), 190 ਅਤੇ ਆਰਮਜ਼ ਐਕਟ ਦੀਆਂ ਧਾਰਾਵਾਂ 25, 27, 54 ਅਤੇ 59 ਤਹਿਤ ਐਫਆਈਆਰ ਨੰਬਰ 125 ਦਰਜ ਕੀਤਾ ਹੈ।
ਐਫਆਈਆਰ ਵਿੱਚ ਮੇਘ ਸਿੰਘ, ਗੋਲੂ, ਗੋਪੀ ਪੰਡਿਤ ਦੇ ਪੁੱਤਰ ਸਮੇਤ ਚਾਰ ਹੋਰ ਅਣਪਛਾਤੇ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ। ਮਾਮਲੇ ਦੀ ਜਾਂਚ ਸਬ-ਇੰਸਪੈਕਟਰ ਪ੍ਰਦੀਪ ਸਿੰਘ ਵੱਲੋਂ ਕੀਤੀ ਜਾ ਰਹੀ ਹੈ। ਪੁਲਿਸ ਦੀਆਂ ਕਈ ਟੀਮਾਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਸੰਭਾਵਿਤ ਠਿਕਾਣਿਆਂ 'ਤੇ ਲਗਾਤਾਰ ਛਾਪੇਮਾਰੀ ਕਰ ਰਹੀਆਂ ਹਨ। ਪੁਲਿਸ ਦਾ ਦਾਅਵਾ ਹੈ ਕਿ ਸਾਰੇ ਮੁਲਜ਼ਮਾਂ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਹਿੰਦੂਸਥਾਨ ਸਮਾਚਾਰ / GURSHARAN SINGH