
ਚੰਡੀਗੜ੍ਹ, 24 ਜੂਨ (ਹਿੰ.ਸ.)| ਪੰਜਾਬ ਵਿੱਚ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਤਹਿਤ 25 ਜੂਨ 2026 ਤੋਂ ਘਰ-ਘਰ ਗਣਨਾ ਦਾ ਪੜਾਅ ਸ਼ੁਰੂ ਹੋਣ ਜਾ ਰਿਹਾ ਹੈ। ਇਸ ਸਬੰਧੀ ਮੁੱਖ ਚੋਣ ਅਫ਼ਸਰ ਪੰਜਾਬ ਅਨਿੰਦਿਤਾ ਮਿਤਰਾ ਨੇ ਚੋਣ ਪ੍ਰਕਿਰਿਆ ਅਤੇ ਘਰ-ਘਰ ਸਰਵੇ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ।
ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ 25 ਜੂਨ ਤੋਂ 24 ਜੁਲਾਈ 2026 ਤੱਕ ਸੂਬੇ ਭਰ ਵਿੱਚ ਘਰ-ਘਰ ਗਣਨਾ ਦਾ ਕੰਮ ਕੀਤਾ ਜਾਵੇਗਾ। ਇਸ ਦੌਰਾਨ 24,453 ਬੂਥ ਲੈਵਲ ਅਫ਼ਸਰ (ਬੀਐਲਓ) ਸੂਬੇ ਦੇ 2 ਕਰੋੜ 14 ਲੱਖ 61 ਹਜ਼ਾਰ 43 ਵੋਟਰਾਂ ਤੱਕ ਪਹੁੰਚ ਕਰਕੇ ਗਣਨਾ ਫਾਰਮਾਂ ਦੀ ਵੰਡ, ਭਰਵਾਈ ਅਤੇ ਇਕੱਤਰ ਕਰਨ ਦਾ ਕੰਮ ਕਰਨਗੇ।
ਉਨ੍ਹਾਂ ਦੱਸਿਆ ਕਿ ਇਸੇ ਸਮੇਂ ਦੌਰਾਨ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਦਾ ਕੰਮ ਵੀ 24 ਜੁਲਾਈ ਤੱਕ ਮੁਕੰਮਲ ਕੀਤਾ ਜਾਵੇਗਾ। ਇਸ ਤੋਂ ਬਾਅਦ 3 ਅਗਸਤ 2026 ਨੂੰ ਵੋਟਰ ਸੂਚੀਆਂ ਦਾ ਖਰੜਾ ਪ੍ਰਕਾਸ਼ਿਤ ਕੀਤਾ ਜਾਵੇਗਾ। ਵੋਟਰ ਸੂਚੀਆਂ ਸਬੰਧੀ ਦਾਅਵੇ ਅਤੇ ਇਤਰਾਜ਼ 3 ਅਗਸਤ ਤੋਂ 2 ਸਤੰਬਰ 2026 ਤੱਕ ਪੇਸ਼ ਕੀਤੇ ਜਾ ਸਕਣਗੇ, ਜਦਕਿ ਇਨ੍ਹਾਂ ਦਾ ਨਿਪਟਾਰਾ 28 ਸਤੰਬਰ ਤੱਕ ਕੀਤਾ ਜਾਵੇਗਾ। ਅੰਤਿਮ ਵੋਟਰ ਸੂਚੀ 1 ਅਕਤੂਬਰ 2026 ਨੂੰ ਜਾਰੀ ਕੀਤੀ ਜਾਵੇਗੀ।
ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ ਪੰਜਾਬ ਵਿੱਚ ਹੁਣ ਤੱਕ 86.02 ਫੀਸਦੀ ਵੋਟਰਾਂ ਦੀ ਮੈਪਿੰਗ ਦਾ ਕੰਮ ਮੁਕੰਮਲ ਕੀਤਾ ਜਾ ਚੁੱਕਾ ਹੈ। ਉਨ੍ਹਾਂ ਰਾਜਨੀਤਿਕ ਪਾਰਟੀਆਂ ਨੂੰ ਵਿਸ਼ੇਸ਼ ਗਹਿਰੀ ਸੁਧਾਈ ਮੁਹਿੰਮ ਨੂੰ ਸਫਲ ਬਣਾਉਣ ਲਈ ਸਰਗਰਮ ਭੂਮਿਕਾ ਨਿਭਾਉਣ ਅਤੇ ਚੋਣ ਅਮਲੇ ਨੂੰ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜਿਹੜੇ ਵੋਟਰ ਹਾਲੇ ਤੱਕ ਮੈਪ ਨਹੀਂ ਹੋਏ, ਉਨ੍ਹਾਂ ਦੀ ਮੈਪਿੰਗ ਯਕੀਨੀ ਬਣਾਉਣ ਲਈ ਰਾਜਨੀਤਿਕ ਪਾਰਟੀਆਂ ਅਤੇ ਚੋਣ ਅਮਲੇ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ, ਤਾਂ ਜੋ ਵੋਟਰ ਸੂਚੀਆਂ ਨੂੰ ਹੋਰ ਸਹੀ ਅਤੇ ਪਾਰਦਰਸ਼ੀ ਬਣਾਇਆ ਜਾ ਸਕੇ।
ਹਿੰਦੂਸਥਾਨ ਸਮਾਚਾਰ / GURSHARAN SINGH