
ਫਾਜ਼ਿਲਕਾ, 25 ਜੂਨ (ਹਿੰ.ਸ.)। ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਅਹਿਮ ਮੀਟਿੰਗ ਸੂਬਾ ਮੀਤ ਪ੍ਰਧਾਨ ਸਿਮਰਜੀਤ ਸਿੰਘ ਬਰਾੜ ਘੁੱਦੂਵਾਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਕਿਸਾਨੀ ਅਤੇ ਮਜ਼ਦੂਰਾਂ ਨਾਲ ਜੁੜੇ ਕਈ ਗੰਭੀਰ ਮੁੱਦਿਆਂ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਡਿਫੈਂਸ ਬੰਨ੍ਹ ਹੇਠ ਕਿਸਾਨਾਂ ਦੀ ਜ਼ਮੀਨ ਦੱਬੇ ਜਾਣ ਦੇ ਮਾਮਲੇ ਦਾ ਤਿੱਖਾ ਵਿਰੋਧ ਕੀਤਾ ਗਿਆ ਅਤੇ ਸਰਕਾਰ ਨੂੰ ਚੇਤਾਵਨੀ ਦਿੱਤੀ ਗਈ ਕਿ ਜੇਕਰ ਤੁਰੰਤ ਇਸ ਕੰਮ ਨੂੰ ਬੰਦ ਨਾ ਕੀਤਾ ਗਿਆ ਤਾਂ ਜਥੇਬੰਦੀ ਵੱਲੋਂ ਸੰਘਰਸ਼ ਦਾ ਰਾਹ ਅਪਣਾਇਆ ਜਾਵੇਗਾ।
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਪ੍ਰਲਾਦ ਸਿੰਘ ਧਾਲੀਵਾਲ ਨੇ ਕਿਹਾ ਕਿ ਡਿਫੈਂਸ ਬੰਨ੍ਹ ਦੇ ਨਿਰਮਾਣ ਕਾਰਨ ਕਿਸਾਨਾਂ ਦੀ ਕੀਮਤੀ ਜ਼ਮੀਨ ਪ੍ਰਭਾਵਿਤ ਹੋ ਰਹੀ ਹੈ, ਜਿਸ ਨਾਲ ਕਿਸਾਨਾਂ ਵਿੱਚ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਦੇ ਹੱਕਾਂ ਅਤੇ ਜ਼ਮੀਨਾਂ ਦੀ ਰੱਖਿਆ ਕਰਨੀ ਚਾਹੀਦੀ ਹੈ। ਜੇਕਰ ਪ੍ਰਸ਼ਾਸਨ ਨੇ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਜਲਦ ਹੀ ਸਰਕਾਰ ਖ਼ਿਲਾਫ਼ ਤਿੱਖਾ ਐਕਸ਼ਨ ਕੀਤਾ ਜਾਵੇਗਾ।
ਮੀਟਿੰਗ ਦੌਰਾਨ ਗੁਰੂਹਰਸਹਾਏ ਵਿੱਚ ਪਿਛਲੇ ਕਈ ਦਿਨਾਂ ਤੋਂ ਚੱਲ ਰਹੇ ਧਰਨੇ ਸਬੰਧੀ ਵੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਆਗੂਆਂ ਨੇ ਪੁਲਿਸ ਪ੍ਰਸ਼ਾਸਨ ਅਤੇ ਡੀ.ਐਸ.ਪੀ. ਗੁਰੂਹਰਸਹਾਏ ਦੀ ਢਿੱਲੀ ਕਾਰਗੁਜ਼ਾਰੀ ’ਤੇ ਨਾਰਾਜ਼ਗੀ ਜਤਾਉਂਦਿਆਂ ਕਿਹਾ ਕਿ ਇਨਸਾਫ਼ ਲਈ ਸੰਘਰਸ਼ ਕਰ ਰਹੇ ਲੋਕਾਂ ਦੀਆਂ ਮੰਗਾਂ ਨੂੰ ਅਣਡਿੱਠਾ ਕਰਨਾ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਸ਼ਿਵਤਾਰ ਸਿੰਘ ਬਰਾੜ ਝਾੜੀਵਾਲਾ ਨੇ ਕਿਹਾ ਕਿ ਬੀਬੋ ਰਾਣੀ ਨੂੰ ਇਨਸਾਫ਼ ਦਿਵਾਉਣ ਲਈ ਜਥੇਬੰਦੀ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਟਾਰ ਬੀ ਭੱਠੇ ’ਤੇ ਮਜ਼ਦੂਰਾਂ ਨਾਲ ਹੋਈ ਕੁੱਟਮਾਰ ਦੇ ਮਾਮਲੇ ਵਿੱਚ ਫਲਕਣ ਸਿੰਘ, ਉਸ ਦੀਆਂ ਭੈਣਾਂ ਨਿਰਮਲਾ ਅਤੇ ਸੋਨੀਆ ਅਤੇ ਉਨ੍ਹਾਂ ਦੇ ਪਤੀਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਨਾ ਹੋਣ ਕਾਰਨ ਲੋਕਾਂ ਵਿੱਚ ਭਾਰੀ ਰੋਸ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੁਲਿਸ ਵੱਲੋਂ ਮਾਮਲੇ ਵਿੱਚ ਲਾਪਰਵਾਹੀ ਵਰਤੀ ਜਾ ਰਹੀ ਹੈ, ਜਿਸ ਕਾਰਨ ਪੀੜਤ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲ ਰਿਹਾ।
ਸ਼ਿਵਤਾਰ ਸਿੰਘ ਬਰਾੜ ਨੇ ਕਿਹਾ ਕਿ ਜਥੇਬੰਦੀ ਜਲਦ ਹੀ ਐੱਸ.ਐੱਸ.ਪੀ. ਨਾਲ ਮੁਲਾਕਾਤ ਕਰੇਗੀ ਅਤੇ ਬੀਬੋ ਰਾਣੀ ਨੂੰ ਉਸ ਦੇ ਘਰ ਸੁਰੱਖਿਅਤ ਪਹੁੰਚਾਉਣ ਦੇ ਨਾਲ-ਨਾਲ ਬੰਦ ਪਏ ਭੱਠੇ ਨੂੰ ਮੁੜ ਚਾਲੂ ਕਰਵਾਉਣ ਲਈ ਮੰਗ ਉਠਾਈ ਜਾਵੇਗੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਪੁਲਿਸ ਨੇ ਕਿਸੇ ਵੀ ਤਰ੍ਹਾਂ ਦੇ ਦਬਾਅ ਹੇਠ ਆ ਕੇ ਕਾਰਵਾਈ ਕਰਨ ਤੋਂ ਗੁਰੇਜ਼ ਕੀਤਾ ਜਾਂ ਪੀੜਤਾਂ ਨੂੰ ਇਨਸਾਫ਼ ਦੇਣ ਵਿੱਚ ਅਣਗਹਿਲੀ ਕੀਤੀ ਤਾਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਵੱਡਾ ਅਤੇ ਤਿੱਖਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ।
ਮੀਟਿੰਗ ਵਿੱਚ ਹਾਜ਼ਰ ਆਗੂਆਂ ਨੇ ਇੱਕ ਸੁਰ ਵਿੱਚ ਕਿਹਾ ਕਿ ਕਿਸਾਨਾਂ ਅਤੇ ਮਜ਼ਦੂਰਾਂ ਦੇ ਹੱਕਾਂ ਦੀ ਰੱਖਿਆ ਲਈ ਜਥੇਬੰਦੀ ਹਰ ਮੋਰਚੇ ’ਤੇ ਸੰਘਰਸ਼ ਕਰਨ ਲਈ ਤਿਆਰ ਹੈ ਅਤੇ ਕਿਸੇ ਵੀ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਸਵਰਣ ਸਿੰਘ ਲਹੌਰੀਆ, ਗੁਰਲਾਲ ਸਿੰਘ, ਗਿਆਨ ਸਿੰਘ, ਜੈ ਸਿੰਘ, ਗੁਰਮੀਤ ਸਿੰਘ ਆਦਿ ਕਿਸਾਨ ਆਗੂ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ