
ਅੰਮ੍ਰਿਤਸਰ, 25 ਜੂਨ (ਹਿੰ.ਸ.)। ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ) ਸਬੰਧੀ ਵਿਸ਼ੇਸ਼ ਮੁਹਿੰਮ ਅੱਜ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਸ਼ੁਰੂ ਹੋ ਗਈ ਹੈ। ਜ਼ਿਲ੍ਹਾ ਅੰਮ੍ਰਿਤਸਰ ਵਿੱਚ 2134 ਬੀ.ਐੱਲ.ਓਜ਼ ਨੇ ਘਰ-ਘਰ ਜਾ ਕੇ ਵੋਟਰਾਂ ਨੂੰ ਗਣਨਾ ਫਾਰਮ ਵੰਡੇ। ਬੀ.ਐੱਲ.ਓਜ਼ 25 ਜੂਨ ਤੋਂ 24 ਜੁਲਾਈ ਤੱਕ ਘਰ-ਘਰ ਜਾ ਕੇ ਵੋਟਰਾਂ ਨੂੰ ਗਣਨਾ ਫਾਰਮ ਦੇਣਗੇ ਅਤੇ ਉਨ੍ਹਾਂ ਨੂੰ ਭਰਵਾਉਣਗੇ।
ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਧਿਕਾਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਐੱਸ.ਆਈ.ਆਰ. ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਅੰਮ੍ਰਿਤਸਰ ਦੇ 11 ਵਿਧਾਨ ਸਭਾ ਹਲਕਿਆਂ ਲਈ 11 ਈ.ਆਰ.ਓਜ਼., 22 ਏ.ਈ.ਆਰ.ਓਜ਼., 110 ਐਡੀਸ਼ਨਲ ਏ.ਈ.ਆਰ.ਓਜ਼., 213 ਸੈਕਟਰ ਅਫ਼ਸਰ ਅਤੇ 2134 ਬੂਥ ਲੈਵਲ ਅਫ਼ਸਰ (ਬੀ.ਐੱਲ.ਓਜ਼.) ਲਗਾਏ ਗਏ ਹਨ।
ਉਨ੍ਹਾਂ ਦੱਸਿਆ ਕਿ ਪੋਲਿੰਗ ਸਟੇਸ਼ਨ ਦੀ ਰੈਸ਼ਨਲਾਈਜੇਸਨ ਦਾ ਕੰਮ 24 ਜੁਲਾਈ 2026 ਤੱਕ ਕੀਤਾ ਜਾਵੇਗਾ ਜਦ ਕਿ ਵੋਟਰ ਸੂਚੀਆਂ ਦਾ ਖਰੜਾ 3 ਅਗਸਤ 2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਸਬੰਧੀ ਇਤਰਾਜ਼ ਅਤੇ ਦਾਅਵੇ 03-08-2026 ਤੋਂ 02-09-2026 ਤੱਕ ਪੇਸ਼ ਕੀਤੇ ਜਾ ਸਕਦੇ ਹਨ। ਇਤਰਾਜ਼ ਅਤੇ ਦਾਅਵਿਆਂ ਦਾ ਨਿਪਟਾਰਾ 03-08-2026 ਤੋਂ 28-09-2026 ਤੱਕ ਕੀਤਾ ਜਾਵੇਗਾ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ 01-10-2026 ਨੂੰ ਕੀਤੀ ਜਾਵੇਗੀ।
ਜ਼ਿਲ੍ਹਾ ਚੋਣ ਅਫ਼ਸਰ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਜ਼ਿਲ੍ਹਾ ਪ੍ਰਸ਼ਾਸਨ ਇਹ ਯਕੀਨੀ ਬਣਾਏਗਾ ਕਿ ਹਰ ਨਾਗਰਿਕ ਦੀ ਵੋਟ ਲਾਜ਼ਮੀ ਬਣੇ, ਕਿਸੇ ਵੀ ਯੋਗ ਨਾਗਰਿਕ ਦੀ ਵੋਟ ਕੱਟੀ ਨਾ ਜਾਵੇ ਅਤੇ ਕੋਈ ਵੀ ਅਯੋਗ ਵੋਟ, ਵੋਟਰ ਸੂਚੀ ਵਿੱਚ ਦਰਜ ਨਾ ਹੋ ਸਕੇ।
ਉਨ੍ਹਾਂ ਲੋਕਾਂ ਨੂੰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸਬੰਧੀ ਕਿਸੇ ਵੀ ਤਰ੍ਹਾਂ ਦੀਆਂ ਗੁੰਮਰਾਹਕੁੰਨ ਅਫਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਬਾਰੇ ਕਿਸੇ ਵੀ ਕਿਸਮ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਨਾਗਰਿਕ, ਚੋਣ ਕਮਿਸ਼ਨ ਦੇ ਟੋਲ ਫਰੀ ਨੰਬਰ 1950 `ਤੇ ਸੰਪਰਕ ਕਰ ਸਕਦੇ ਹਨ। ਇਸ ਤੋਂ ਇਲਾਵਾ ਐੱਸ.ਆਈ.ਆਰ ਸਬੰਧੀ ਕਿਸੇ ਵੀ ਕਿਸਮ ਦੀ ਸਿ਼ਕਾਇਤ ਦਾ ਨਿਪਟਾਰਾ ਕਰਨ ਲਈ ਜਿਲ੍ਹਾ ਪੱਧਰ `ਤੇ ਜਿਲ੍ਹਾ ਸਿ਼ਕਾਇਤ ਨਿਵਾਰਣ ਅਧਿਕਾਰੀ (ਡੀ.ਜੀ.ਆਰ.ਓ) ਨਿਯੁਕਤ ਕੀਤੇ ਗਏ ਹਨ। ਜ਼ਿਲ੍ਹਾ ਚੋਣ ਅਫਸਰ ਵੱਲੋਂ ਭਾਰਤ ਚੋਣ ਕਮਿਸ਼ਨ ਵੱਲੋਂ ਚਾਲੂ ਕੀਤੇ ਗਏ ਫੀਚਰ ਬੁੱਕ ਏ ਕਾਲ ਵਿਦ ਬੀ.ਐਲ.ਓ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਵੱਲੋਂ ਦੱਸਿਆ ਗਿਆ ਹੈ ਕਿ ਭਾਰਤ ਚੋਣ ਕਮਿਸ਼ਨ ਦੀ ਵੈਬਸਾਈਟ www.voters.eci.gov.in ਜਾਂ ECI NET ਮੋਬਾਇਲ ਐਪ ਰਾਹੀਂ ਇਸ ਫੀਚਰ ਤੇ ਕਲਿੱਕ ਕਰਕੇ ਵੋਟਰ ਆਪਣੇ ਪੋਲਿੰਗ ਬੂਥ ਨਾਲ ਸਬੰਧਤ ਬੀ.ਐਲ.ਓ ਨਾਲ ਫੋਨ ਉਪਰ ਰਾਬਤਾ ਕਰਕੇ ਵੋਟਰ ਸੂਚੀ/ਐਸ.ਆਈ.ਆਰ ਦੇ ਸਬੰਧ ਵਿੱਚ ਆਪਣੇ ਕਿਸੇ ਵੀ ਕਿਸਮ ਦੀ ਜਾਣਕਾਰੀ ਪ੍ਰਾਪਤ ਕਰ ਸਕਦਾ ਹੈ।
---------------
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ