
ਲੁਧਿਆਣਾ, 25 ਜੂਨ (ਹਿੰ.ਸ.)| ਲੁਧਿਆਣਾ ਦੇ ਪ੍ਰਤਾਪ ਸਿੰਘ ਵਾਲਾ ਇਲਾਕੇ ਵਿੱਚ ਇੱਕ 16 ਸਾਲਾ ਨਾਬਾਲਿਗ ਲੜਕੀ ਨਾਲ ਜਬਰ-ਜ਼ਨਾਹ ਕਰਨ ਅਤੇ ਧਮਕੀਆਂ ਦੇਣ ਦੇ ਦੋਸ਼ਾਂ ਤਹਿਤ ਪੁਲਿਸ ਨੇ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਦੂਜੇ ਦੀ ਭਾਲ ਜਾਰੀ ਹੈ।ਪੀੜਤਾ ਦੀ ਮਾਤਾ ਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ ਮੁੱਖ ਮੁਲਜ਼ਮ ਬਲਵਿੰਦਰ ਯਾਦਵ ਨੂੰ ਕਾਬੂ ਕਰ ਲਿਆ ਹੈ, ਜਦਕਿ ਦੂਜੇ ਮੁਲਜ਼ਮ ਅਜੈ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।ਪੁਲਿਸ ਨੂੰ ਦਿੱਤੀ ਸ਼ਿਕਾਇਤ ਅਨੁਸਾਰ, ਪਰਿਵਾਰ ਦੇ ਘਰ ਦੀ ਉੱਪਰਲੀ ਮੰਜ਼ਿਲ 'ਤੇ ਰਹਿੰਦੇ ਕਿਰਾਏਦਾਰ ਬਲਵਿੰਦਰ ਯਾਦਵ ਨੇ ਨਾਬਾਲਿਗ ਲੜਕੀ ਨੂੰ ਇਕੱਲੀ ਦੇਖ ਕੇ ਉਸ ਨਾਲ ਜਬਰਦਸਤੀ ਕੀਤੀ। ਦੋਸ਼ ਹੈ ਕਿ ਘਟਨਾ ਤੋਂ ਬਾਅਦ ਮੁਲਜ਼ਮ ਨੇ ਲੜਕੀ ਨੂੰ ਕਿਸੇ ਨੂੰ ਵੀ ਇਸ ਬਾਰੇ ਦੱਸਣ 'ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ। ਸ਼ਿਕਾਇਤ ਮੁਤਾਬਕ, ਬਾਅਦ ਵਿੱਚ ਬਲਵਿੰਦਰ ਯਾਦਵ ਦੇ ਰਿਸ਼ਤੇਦਾਰ ਅਜੈ 'ਤੇ ਵੀ ਨਾਬਾਲਿਗ ਨਾਲ ਜਬਰਦਸਤੀ ਕਰਨ ਦੇ ਦੋਸ਼ ਲੱਗੇ ਹਨ। ਇਸ ਤੋਂ ਬਾਅਦ ਪੀੜਤਾ ਨੇ ਹਿੰਮਤ ਕਰਕੇ ਆਪਣੀ ਮਾਤਾ ਨੂੰ ਪੂਰੀ ਘਟਨਾ ਬਾਰੇ ਜਾਣਕਾਰੀ ਦਿੱਤੀ।ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਿਸ ਨੇ ਭਾਰਤੀ ਨਿਆਂ ਸੰਹਿਤਾ ਦੀ ਧਾਰਾ 64 ਅਤੇ ਪੋਕਸੋ ਐਕਟ ਦੀ ਧਾਰਾ 6 ਤਹਿਤ ਕੇਸ ਦਰਜ ਕਰ ਲਿਆ ਹੈ। ਮੁੱਖ ਮੁਲਜ਼ਮ ਬਲਵਿੰਦਰ ਯਾਦਵ ਨੂੰ ਗ੍ਰਿਫ਼ਤਾਰ ਕਰਕੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਅਨੁਸਾਰ ਦੂਜੇ ਮੁਲਜ਼ਮ ਅਜੈ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਉਸ ਨੂੰ ਵੀ ਜਲਦ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH