
ਚੰਡੀਗੜ੍ਹ, 25 ਜੂਨ (ਹਿੰ.ਸ.)| ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਨਸ਼ਾ ਅਤੇ ਨਜਾਇਜ਼ ਤਸਕਰੀ ਵਿਰੋਧੀ ਦਿਵਸ ਮੌਕੇ ‘ਸਾਂਝਾ ਸੁਨੇਹਾ–ਇਕਜੁੱਟ ਪੰਜਾਬ’ ਨਾਮੀ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪਹਿਲ ਦਾ ਮਕਸਦ ਸਰਕਾਰੀ ਏਜੰਸੀਆਂ, ਸਮਾਜਿਕ ਸੰਸਥਾਵਾਂ, ਕਮਿਊਨਿਟੀ ਲੀਡਰਾਂ ਅਤੇ ਸੋਸ਼ਲ ਮੀਡੀਆ ਇਨਫਲੂਐਂਸਰਾਂ ਨੂੰ ਇੱਕ ਮੰਚ ‘ਤੇ ਲਿਆ ਕੇ ਨਸ਼ਿਆਂ ਖ਼ਿਲਾਫ਼ ਸਾਂਝੀ ਲੜਾਈ ਨੂੰ ਮਜ਼ਬੂਤ ਕਰਨਾ ਹੈ।
ਡਾਟਾ ਇੰਟੈਲੀਜੈਂਸ ਐਂਡ ਟੈਕਨੀਕਲ ਸਪੋਰਟ ਯੂਨਿਟ (ਡਿਟਸੂ) ਵੱਲੋਂ ਆਯੋਜਿਤ ਇਸ ਸੰਮੇਲਨ ਵਿੱਚ 40 ਤੋਂ ਵੱਧ ਸੰਸਥਾਵਾਂ ਦੇ 80 ਤੋਂ ਵੱਧ ਪ੍ਰਤੀਨਿਧੀਆਂ ਨੇ ਭਾਗ ਲਿਆ। ਇਹ ਸੰਸਥਾਵਾਂ ਸਿੱਖਿਆ, ਮਾਨਸਿਕ ਸਿਹਤ, ਨਸ਼ਾ ਮੁਕਤੀ, ਬਾਲ ਸੁਰੱਖਿਆ, ਮਹਿਲਾ ਸਸ਼ਕਤੀਕਰਨ, ਯੁਵਾ ਭਲਾਈ ਅਤੇ ਖੇਡਾਂ ਦੇ ਖੇਤਰਾਂ ਵਿੱਚ ਕੰਮ ਕਰ ਰਹੀਆਂ ਹਨ।
ਸਮਾਗਮ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜਾਈ ਸਿਰਫ਼ ਸਰਕਾਰ ਦੀ ਨਹੀਂ, ਸਗੋਂ ਪੂਰੇ ਸਮਾਜ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕਾਨੂੰਨੀ ਕਾਰਵਾਈ, ਇਲਾਜ, ਮੁੜ ਵਸੇਬਾ ਅਤੇ ਜਾਗਰੂਕਤਾ ਦੇ ਚਾਰ ਪੱਖਾਂ ‘ਤੇ ਇੱਕੋ ਸਮੇਂ ਕੰਮ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਸਕੂਲਾਂ ਅਤੇ ਕਾਲਜਾਂ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ, ਖੇਡ ਗਤੀਵਿਧੀਆਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਅਤੇ ਮਾਪਿਆਂ ਤੇ ਅਧਿਆਪਕਾਂ ਨੂੰ ਵੀ ਇਸ ਮੁਹਿੰਮ ਨਾਲ ਜੋੜਿਆ ਜਾ ਰਿਹਾ ਹੈ। ਡਾ. ਬਲਬੀਰ ਸਿੰਘ ਨੇ ਕਿਹਾ ਕਿ “ਇਕਜੁੱਟ ਪੰਜਾਬ ਹੀ ਰੰਗਲਾ ਪੰਜਾਬ ਹੈ” ਅਤੇ ਨਸ਼ਾ ਵਿਰੋਧੀ ਮੁਹਿੰਮ ਨੂੰ ਲੋਕ ਲਹਿਰ ਬਣਾਉਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ।
ਸੰਮੇਲਨ ਦੌਰਾਨ ਵੱਖ-ਵੱਖ ਸੰਸਥਾਵਾਂ ਨੇ ਨਸ਼ਾ ਰੋਕਥਾਮ, ਮਾਨਸਿਕ ਸਿਹਤ ਸਹਾਇਤਾ, ਨੌਜਵਾਨਾਂ ਦੇ ਸਸ਼ਕਤੀਕਰਨ ਅਤੇ ਕਮਿਊਨਿਟੀ ਭਾਗੀਦਾਰੀ ਨਾਲ ਸਬੰਧਤ ਆਪਣੇ ਤਜਰਬੇ ਸਾਂਝੇ ਕੀਤੇ। ਸੋਸ਼ਲ ਮੀਡੀਆ ਦੀ ਭੂਮਿਕਾ ‘ਤੇ ਹੋਈ ਵਿਸ਼ੇਸ਼ ਚਰਚਾ ਵਿੱਚ ਪ੍ਰਸਿੱਧ ਡਿਜੀਟਲ ਇਨਫਲੂਐਂਸਰਾਂ ਨੇ ਸਕਾਰਾਤਮਕ ਸੁਨੇਹੇ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੀ ਲੋੜ ‘ਤੇ ਜ਼ੋਰ ਦਿੱਤਾ।
ਭਾਗੀਦਾਰਾਂ ਨੇ ਰੈਫਰਲ ਸਿਸਟਮ ਨੂੰ ਮਜ਼ਬੂਤ ਕਰਨ, ਸਿੱਖਿਆ ਸੰਸਥਾਵਾਂ ਵਿੱਚ ਮਾਨਸਿਕ ਸਿਹਤ ਸੇਵਾਵਾਂ ਵਧਾਉਣ, ਲੋੜਵੰਦ ਵਰਗਾਂ ਤੱਕ ਪਹੁੰਚ ਬਣਾਉਣ ਅਤੇ ਖੇਡਾਂ ਤੇ ਹੁਨਰ ਵਿਕਾਸ ਰਾਹੀਂ ਨੌਜਵਾਨਾਂ ਨੂੰ ਮੁੱਖ ਧਾਰਾ ਨਾਲ ਜੋੜਨ ਲਈ ਸਾਂਝੇ ਯਤਨਾਂ ਦੀ ਲੋੜ ਉਤੇ ਸਹਿਮਤੀ ਪ੍ਰਗਟਾਈ। ਇਸ ਮੌਕੇ ਹਾਜ਼ਰ ਸੰਸਥਾਵਾਂ ਦੇ ਪ੍ਰਤੀਨਿਧੀਆਂ ਨੇ ਕਿਹਾ ਕਿ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਸਰਕਾਰ ਅਤੇ ਸਮਾਜ ਦੇ ਸਾਂਝੇ ਉਪਰਾਲੇ ਹੀ ਸਭ ਤੋਂ ਪ੍ਰਭਾਵਸ਼ਾਲੀ ਸਾਬਤ ਹੋ ਸਕਦੇ ਹਨ।
ਹਿੰਦੂਸਥਾਨ ਸਮਾਚਾਰ / GURSHARAN SINGH