
ਚੰਡੀਗੜ੍ਹ, 25 ਜੂਨ (ਹਿੰ.ਸ.)| ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵੀਰਵਾਰ ਨੂੰ ਹਰਿਆਣਾ ਸਿਵਲ ਸਕੱਤਰੇਤ ਵਿਖੇ ਉੱਚ ਸਿੱਖਿਆ ਵਿਭਾਗ ਵੱਲੋਂ ਤਿਆਰ ਕੀਤੇ ਗਏ ‘ਹਰਿਆਣਾ ਵਿਜ਼ਨ-2047’ ਦੇ ਰੋਡਮੈਪ ਅਤੇ ਕਾਰਜ ਯੋਜਨਾ ਦੀ ਸਮੀਖਿਆ ਕੀਤੀ। ਮੀਟਿੰਗ ਦੌਰਾਨ ਉੱਚ ਸਿੱਖਿਆ ਨੂੰ ਆਧੁਨਿਕ, ਗੁਣਵੱਤਾ ਭਰਪੂਰ, ਰੁਜ਼ਗਾਰ-ਮੁਖੀ ਅਤੇ ਵਿਸ਼ਵ ਪੱਧਰੀ ਮਾਪਦੰਡਾਂ ਅਨੁਸਾਰ ਬਣਾਉਣ ਲਈ ਚੱਲ ਰਹੀਆਂ ਯੋਜਨਾਵਾਂ ਅਤੇ ਪ੍ਰੋਜੈਕਟਾਂ ‘ਤੇ ਵਿਸਥਾਰ ਨਾਲ ਚਰਚਾ ਕੀਤੀ ਗਈ।
ਮੀਟਿੰਗ ਵਿੱਚ ਸਿੱਖਿਆ ਮੰਤਰੀ ਮਹੀਪਾਲ ਢਾਂਡਾ, ਉੱਚ ਸਿੱਖਿਆ ਵਿਭਾਗ ਦੇ ਵਧੀਕ ਮੁੱਖ ਸਕੱਤਰ ਏ.ਕੇ. ਸਿੰਘ, ਡਿਪਾਰਟਮੈਂਟ ਆਫ ਫਿਊਚਰ ਦੀ ਪ੍ਰਧਾਨ ਸਕੱਤਰ ਅਮਨੀਤ ਪੀ. ਕੁਮਾਰ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਰਹੇ।
ਅਧਿਕਾਰੀਆਂ ਨੇ ਮੁੱਖ ਮੰਤਰੀ ਨੂੰ ਜਾਣਕਾਰੀ ਦਿੱਤੀ ਕਿ ਸੂਬੇ ਦੇ 22 ਮਾਡਲ ਸੰਸਕ੍ਰਿਤੀ ਕਾਲਜਾਂ ਨੂੰ ਖੁਦਮੁਖਤਿਆਰ ਸੰਸਥਾਵਾਂ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ। ਇਨ੍ਹਾਂ ਕਾਲਜਾਂ ਵਿੱਚ ਸਮਾਰਟ ਕਲਾਸਰੂਮ, ਡਿਜੀਟਲ ਲਾਇਬ੍ਰੇਰੀਆਂ ਅਤੇ ਆਧੁਨਿਕ ਤਕਨੀਕੀ ਸਹੂਲਤਾਂ ਦਾ ਵਿਸਥਾਰ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਨਿਰਮਾਣ ਅਧੀਨ ਸਾਰੇ ਪ੍ਰੋਜੈਕਟ ਸਮੇਂ ਸਿਰ ਅਤੇ ਉੱਚ ਗੁਣਵੱਤਾ ਨਾਲ ਪੂਰੇ ਕਰਨ ਦੇ ਨਿਰਦੇਸ਼ ਦਿੱਤੇ।
ਮੀਟਿੰਗ ਵਿੱਚ ਇਹ ਵੀ ਦੱਸਿਆ ਗਿਆ ਕਿ ਹਰਿਆਣਾ ਦੀਆਂ ਸਿੱਖਿਆ ਸੰਸਥਾਵਾਂ ਨੂੰ ਨੈਸ਼ਨਲ ਇੰਸਟੀਚਿਊਸ਼ਨਲ ਰੈਂਕਿੰਗ ਫਰੇਮਵਰਕ ਦੀਆਂ ਚੋਟੀ ਦੀਆਂ 150 ਸੰਸਥਾਵਾਂ ਵਿੱਚ ਸ਼ਾਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ। ਇਸ ਲਈ ਵਿਦੇਸ਼ੀ ਯੂਨੀਵਰਸਿਟੀਆਂ ਨਾਲ ਸਹਿਯੋਗ, ਵਿਦਿਆਰਥੀ ਵਟਾਂਦਰਾ ਪ੍ਰੋਗਰਾਮ ਅਤੇ ਖੋਜ ਗਤੀਵਿਧੀਆਂ ਨੂੰ ਪ੍ਰੋਤਸਾਹਿਤ ਕੀਤਾ ਜਾ ਰਿਹਾ ਹੈ।
ਨਾਇਬ ਸੈਣੀ ਨੇ ਕਿਹਾ ਕਿ ਭਵਿੱਖ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਏਆਈ ਆਧਾਰਿਤ ਸਿੱਖਿਆ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਪੰਚਕੂਲਾ ਅਤੇ ਗੁਰੂਗ੍ਰਾਮ ਵਿੱਚ ਆਟੋਨੋਮਸ ਏਆਈ ਡਿਜੀਟਲ ਕਾਲਜ ਸਥਾਪਿਤ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਖੋਜ ਅਤੇ ਨਵੀਨਤਾ ਨੂੰ ਪ੍ਰੋਤਸਾਹਿਤ ਕਰਨ ਲਈ 10 ਕਰੋੜ ਰੁਪਏ ਦੇ ‘ਉੱਚ ਸਿੱਖਿਆ ਗੁਣਵੱਤਾ ਅਤੇ ਖੋਜ ਕੋਸ਼’ ਦੀ ਸਥਾਪਨਾ ਵੀ ਕੀਤੀ ਜਾ ਰਹੀ ਹੈ।
ਮੁੱਖ ਮੰਤਰੀ ਨੇ ਵਿਦਿਆਰਥੀਆਂ ਦੇ ਡ੍ਰਾਪਆਊਟ ਨੂੰ ਘਟਾਉਣ, ਸਕਾਲਰਸ਼ਿਪ ਯੋਜਨਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਅਤੇ ਹੋਣਹਾਰ ਵਿਦਿਆਰਥਣਾਂ ਲਈ ‘ਅਵੱਲ ਬਾਲਿਕਾ ਯੋਜਨਾ’ ਤਹਿਤ ਸਕੂਟੀਆਂ ਦੇ ਵੰਡ ਕਾਰਜ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਵੀ ਦਿੱਤੇ।
ਹਿੰਦੂਸਥਾਨ ਸਮਾਚਾਰ / GURSHARAN SINGH