ਮਮਦੋਟ ਨਗਰ ਪੰਚਾਇਤ ਚੋਣਾਂ ਦੌਰਾਨ ਹੰਗਾਮਾ, ਦੋ ਧਿਰਾਂ ਵਿਚਾਲੇ ਝੜਪ ਤੋਂ ਬਾਅਦ ਫਾਇਰਿੰਗ; ਇੱਕ ਨੌਜਵਾਨ ਜ਼ਖ਼ਮੀ
ਫਿਰੋਜ਼ਪੁਰ, 25 ਜੂਨ (ਹਿੰ.ਸ.)| ਫਿਰੋਜ਼ਪੁਰ ਦੇ ਕਸਬਾ ਮਮਦੋਟ ਵਿੱਚ ਨਗਰ ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦੀ ਪ੍ਰਕਿਰਿਆ ਦੌਰਾਨ ਸਿਆਸੀ ਮਾਹੌਲ ਉਸ ਸਮੇਂ ਤਣਾਅਪੂਰਨ ਹੋ ਗਿਆ ਜਦੋਂ ਸਮਾਜਸੇਵੀ ਗੁਰਪ੍ਰੀਤ ਸਿੰਘ ਸੇਖੋਂ ਅਤੇ ਕਾਂਗਰਸੀ ਵਰਕਰਾਂ ਵਿਚਾਲੇ ਤਿੱਖੀ ਤਕਰਾਰ ਹੋ ਗਈ। ਕੁਝ ਹੀ ਸਮੇਂ ਵਿੱਚ
ਮਮਦੋਟ ਨਗਰ ਪੰਚਾਇਤ ਚੋਣਾਂ ਦੌਰਾਨ ਹੰਗਾਮਾ, ਦੋ ਧਿਰਾਂ ਵਿਚਾਲੇ ਝੜਪ ਤੋਂ ਬਾਅਦ ਫਾਇਰਿੰਗ; ਇੱਕ ਨੌਜਵਾਨ ਜ਼ਖ਼ਮੀ


ਫਿਰੋਜ਼ਪੁਰ, 25 ਜੂਨ (ਹਿੰ.ਸ.)| ਫਿਰੋਜ਼ਪੁਰ ਦੇ ਕਸਬਾ ਮਮਦੋਟ ਵਿੱਚ ਨਗਰ ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦੀ ਪ੍ਰਕਿਰਿਆ ਦੌਰਾਨ ਸਿਆਸੀ ਮਾਹੌਲ ਉਸ ਸਮੇਂ ਤਣਾਅਪੂਰਨ ਹੋ ਗਿਆ ਜਦੋਂ ਸਮਾਜਸੇਵੀ ਗੁਰਪ੍ਰੀਤ ਸਿੰਘ ਸੇਖੋਂ ਅਤੇ ਕਾਂਗਰਸੀ ਵਰਕਰਾਂ ਵਿਚਾਲੇ ਤਿੱਖੀ ਤਕਰਾਰ ਹੋ ਗਈ। ਕੁਝ ਹੀ ਸਮੇਂ ਵਿੱਚ ਬਹਿਸ ਨੇ ਝੜਪ ਅਤੇ ਹੰਗਾਮੇ ਦਾ ਰੂਪ ਧਾਰ ਲਿਆ, ਜਿਸ ਤੋਂ ਬਾਅਦ ਫਾਇਰਿੰਗ ਹੋਣ ਦੀ ਵੀ ਖ਼ਬਰ ਹੈ। ਇਸ ਘਟਨਾ ਵਿੱਚ ਇੱਕ ਨੌਜਵਾਨ ਦੇ ਜ਼ਖ਼ਮੀ ਹੋਣ ਦੀ ਜਾਣਕਾਰੀ ਮਿਲੀ ਹੈ।

ਜਾਣਕਾਰੀ ਅਨੁਸਾਰ ਨਗਰ ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦੌਰਾਨ ਨਾਮਜ਼ਦਗੀ ਕੇਂਦਰ ਦੇ ਬਾਹਰ ਦੋਵਾਂ ਧਿਰਾਂ ਵਿਚਾਲੇ ਤਕਰਾਰ ਸ਼ੁਰੂ ਹੋਈ। ਦੇਖਦੇ ਹੀ ਦੇਖਦੇ ਮਾਹੌਲ ਗਰਮਾ ਗਿਆ ਅਤੇ ਦੋਵੇਂ ਪਾਸਿਆਂ ਦੇ ਸਮਰਥਕ ਆਹਮੋ-ਸਾਹਮਣੇ ਹੋ ਗਏ। ਇਸ ਦੌਰਾਨ ਧੱਕਾ-ਮੁੱਕੀ ਅਤੇ ਹੰਗਾਮਾ ਵੀ ਹੋਇਆ।

ਸਮਾਜਸੇਵੀ ਗੁਰਪ੍ਰੀਤ ਸਿੰਘ ਸੇਖੋਂ ਨੇ ਦੋਸ਼ ਲਗਾਇਆ ਕਿ ਕਾਂਗਰਸ ਸਮਰਥਕਾਂ ਵੱਲੋਂ ਨਾਮਜ਼ਦਗੀ ਕੇਂਦਰ ਦੇ ਬਾਹਰ ਇਕੱਠ ਕਰਕੇ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਕਿਹਾ ਕਿ ਪੁਲਿਸ ਸਥਿਤੀ ਨੂੰ ਸ਼ਾਂਤ ਰੱਖਣ ਦੀ ਕੋਸ਼ਿਸ਼ ਕਰ ਰਹੀ ਸੀ, ਪਰ ਕੁਝ ਲੋਕਾਂ ਨੇ ਜਾਣਬੁੱਝ ਕੇ ਤਣਾਅ ਪੈਦਾ ਕੀਤਾ।

ਦੂਜੇ ਪਾਸੇ ਕਾਂਗਰਸੀ ਆਗੂ ਆਸ਼ੂ ਬਾਂਗੜ ਨੇ ਦੋਸ਼ ਲਗਾਇਆ ਕਿ ਗੁਰਪ੍ਰੀਤ ਸੇਖੋਂ ਦੇ ਸਮਰਥਕਾਂ ਵੱਲੋਂ ਕਾਂਗਰਸੀ ਵਰਕਰਾਂ ‘ਤੇ ਹਮਲਾ ਕੀਤਾ ਗਿਆ। ਉਨ੍ਹਾਂ ਦਾ ਕਹਿਣਾ ਹੈ ਕਿ ਕਾਂਗਰਸ ਦੇ ਉਮੀਦਵਾਰਾਂ ਅਤੇ ਸਮਰਥਕਾਂ ਨੂੰ ਨਾਮਜ਼ਦਗੀ ਦਾਖ਼ਲ ਕਰਨ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਗਈ ਅਤੇ ਇਸ ਦੌਰਾਨ ਫਾਇਰਿੰਗ ਵੀ ਹੋਈ।

ਫਾਇਰਿੰਗ ਵਿੱਚ ਜ਼ਖ਼ਮੀ ਹੋਏ ਨੌਜਵਾਨ ਨੇ ਦਾਅਵਾ ਕੀਤਾ ਕਿ ਉਸ ‘ਤੇ ਜਾਨੋਂ ਮਾਰਨ ਦੀ ਨੀਅਤ ਨਾਲ ਗੋਲੀਆਂ ਚਲਾਈਆਂ ਗਈਆਂ। ਜ਼ਖ਼ਮੀ ਨੂੰ ਪਹਿਲਾਂ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੋਂ ਉਸ ਦੀ ਹਾਲਤ ਨੂੰ ਦੇਖਦੇ ਹੋਏ ਅੱਗੇ ਇਲਾਜ ਲਈ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਰੈਫਰ ਕਰ ਦਿੱਤਾ ਗਿਆ।

ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਿਸ ਦੇ ਸੀਨੀਅਰ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਹਾਲਾਤ ਨੂੰ ਕਾਬੂ ਵਿੱਚ ਲਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਹੰਗਾਮੇ ਵਿੱਚ ਸ਼ਾਮਲ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande