
ਫਾਜ਼ਿਲਕਾ, 26 ਜੂਨ (ਹਿੰ.ਸ.)| ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਹੈ ਕਿ ਫਾਜ਼ਿਲਕਾ ਨੂੰ ਨਸ਼ਾ-ਮੁਕਤ ਬਣਾਉਣ ਲਈ ਹਰ ਵਿਭਾਗ, ਸਮਾਜਿਕ ਸੰਸਥਾਵਾਂ ਅਤੇ ਆਮ ਲੋਕਾਂ ਨੂੰ ਸਰਗਰਮ ਭੂਮਿਕਾ ਨਿਭਾਉਣੀ ਹੋਵੇਗੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਸਿਰਫ਼ ਪੁਲਿਸ ਜਾਂ ਪ੍ਰਸ਼ਾਸਨ ਹੀ ਨਹੀਂ, ਸਗੋਂ ਸਮੁੱਚੇ ਸਮਾਜ ਨੂੰ ਮਿਲ ਕੇ ਕੰਮ ਕਰਨਾ ਪਵੇਗਾ।
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਹੋਈ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਸਮੇਤ ਜ਼ਿਲ੍ਹਾ ਅਤੇ ਹਲਕਾ ਕੋਆਰਡੀਨੇਟਰਾਂ ਨਾਲ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਵਿੱਚ ਨਸ਼ਿਆਂ ਖ਼ਿਲਾਫ਼ ਚੱਲ ਰਹੀਆਂ ਕਾਰਵਾਈਆਂ, ਜਾਗਰੂਕਤਾ ਮੁਹਿੰਮਾਂ ਅਤੇ ਪੁਨਰਵਾਸ ਯਤਨਾਂ ਦੀ ਸਮੀਖਿਆ ਕੀਤੀ ਗਈ।
ਇਸ ਮੌਕੇ “ਨਸ਼ਾ ਮੁਕਤੀ ਮੋਰਚਾ” ਦੇ ਮਾਲਵਾ ਜ਼ੋਨ ਦੇ ਇੰਚਾਰਜ ਚਸਪਿੰਦਰ ਸਿੰਘ ਚਹਿਲ, ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ, ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਅਤੇ ਅਬੋਹਰ ਹਲਕੇ ਦੇ ਆਮ ਆਦਮੀ ਪਾਰਟੀ ਦੇ ਇੰਚਾਰਜ ਅਰੁਣ ਨਾਰੰਗ ਵੀ ਮੌਜੂਦ ਸਨ।
ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਦੀ ਲੋੜ ਹੈ ਅਤੇ ਇਸ ਲਈ ਪਿੰਡਾਂ ਦੀਆਂ ਪੰਚਾਇਤਾਂ, ਸਮਾਜ ਸੇਵੀ ਸੰਸਥਾਵਾਂ, ਡਾਕਟਰਾਂ, ਮੈਡੀਕਲ ਟੀਮਾਂ ਅਤੇ ਮਾਪਿਆਂ ਨੂੰ ਵੀ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ।
ਉਨ੍ਹਾਂ ਪੁਲਿਸ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਕਿ ਨਸ਼ਿਆਂ ਦੇ ਸੌਦਾਗਰਾਂ ਖ਼ਿਲਾਫ਼ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇ ਅਤੇ ਨਸ਼ਾ ਤਸਕਰੀ ਨਾਲ ਜੁੜੇ ਲੋਕਾਂ ਦੀ ਪੂਰੀ ਜਾਣਕਾਰੀ ਰੱਖੀ ਜਾਵੇ।
“ਨਸ਼ਾ ਮੁਕਤੀ ਮੋਰਚਾ” ਦੇ ਮਾਲਵਾ ਜ਼ੋਨ ਦੇ ਇੰਚਾਰਜ ਚਸਪਿੰਦਰ ਸਿੰਘ ਚਹਿਲ ਨੇ ਨਸ਼ਾ ਛੁਡਾਊ ਅਤੇ ਪੁਨਰਵਾਸ ਕਾਰਜਾਂ ਦੀ ਸਮੀਖਿਆ ਕਰਦਿਆਂ ਕਿਹਾ ਕਿ ਨਸ਼ਿਆਂ ਦੀ ਲਤ ਤੋਂ ਪੀੜਤ ਵਿਅਕਤੀਆਂ ਨੂੰ ਮੁੜ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਲਈ ਹਰ ਸੰਭਵ ਸਹਾਇਤਾ ਦਿੱਤੀ ਜਾਵੇਗੀ।
ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਮੰਤਰੀ ਨੂੰ ਜ਼ਿਲ੍ਹੇ ਵਿੱਚ ਚਲਾਈਆਂ ਜਾ ਰਹੀਆਂ ਜਾਗਰੂਕਤਾ ਗਤੀਵਿਧੀਆਂ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਦਿੱਤੇ ਜਾ ਰਹੇ ਯੋਗਦਾਨ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਨਸ਼ਾ-ਮੁਕਤ ਫਾਜ਼ਿਲਕਾ ਦੇ ਟੀਚੇ ਨੂੰ ਪੂਰਾ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਿਹਾ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH