
ਤਰਨ ਤਾਰਨ, 26 ਜੂਨ (ਹਿੰ.ਸ.)। ਵਿਦਿਆਰਥੀਆਂ ਨੂੰ ਸਿੱਖਿਆ ਖੇਤਰ ਵਿੱਚ ਹੋਰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਬਾਰ੍ਹਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ 90 ਫੀਸਦੀ ਤੋਂ ਵੱਧ ਅੰਕ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ 'ਪੰਜਾਬ ਬ੍ਰਾਈਟ ਮਾਇੰਡਜ਼ 2026' ਦੇ ਤਹਿਤ ਖਹਿਰਾ ਫਾਰਮ, ਤਰਨ ਤਾਰਨ ਵਿਖੇ ਅੱਜ (26 ਜੂਨ) ਨੂੰ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮ ਦੌਰਾਨ ਸਨਮਾਨਿਤ ਕੀਤਾ ਜਾਵੇਗਾ। ਇਸ ਸਮਾਗਮ ਵਿੱਚ ਵਿਦਿਆਰਥੀਆਂ ਦੇ ਮਾਤਾ-ਪਿਤਾ ਵੀ ਸ਼ਾਮਿਲ ਹੋਣਗੇ ।
ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਰਾਜੇਸ਼ ਕੁਮਾਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਰਜਿੰਦਰ ਕੌਰ ਦੀ ਅਗਵਾਈ ਹੇਠ ਇਸ ਪ੍ਰੋਗਰਾਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਇਸ ਪ੍ਰਭਾਵਸ਼ਾਲੀ ਸਮਾਗਮ ਵਿੱਚ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਸਾਬਕਾ ਉੱਪ ਮੁੱਖ ਮੰਤਰੀ ਦਿੱਲੀ ਮਨੀਸ਼ ਸਿਸੋਦੀਆ, ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਸੋਨਾਲੀ ਗਿਰੀ, ਡਾਇਰੈਕਟਰ ਸਕੂਲ ਸਿੱਖਿਆ (ਸੈਕੰਡਰੀ) ਪੰਜਾਬ ਸਕੱਤਰ ਸਿੰਘ ਬੱਲ ਅਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋ ਕੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਨਗੀਆਂ।
ਉਨ੍ਹਾਂ ਦੱਸਿਆ ਕਿ ਇਸ ਉਪਰਾਲੇ ਦਾ ਮੁੱਖ ਉਦੇਸ਼ ਮਿਹਨਤੀ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕਰਨਾ ਅਤੇ ਹੋਰਨਾਂ ਵਿਦਿਆਰਥੀਆਂ ਨੂੰ ਵੀ ਸਿੱਖਿਆ ਵਿੱਚ ਬਿਹਤਰ ਪ੍ਰਦਰਸ਼ਨ ਲਈ ਪ੍ਰੇਰਿਤ ਕਰਨਾ ਹੈ।
---------------
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ