
ਬਰਨਾਲਾ, 26 ਜੂਨ (ਹਿੰ.ਸ.)| ਬਰਨਾਲਾ ਦੇ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ 'ਤੇ ਮੋਗਾ ਪੁਲ ਨੇੜੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਇੱਕ ਤੇਜ਼ ਰਫ਼ਤਾਰ ਆਈ-20 ਕਾਰ ਨੇ ਅੱਗੇ ਜਾ ਰਹੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਮੋਟਰਸਾਈਕਲ ਸਵਾਰ ਅਤੇ ਕਾਰ ਚਾਲਕ ਦੋਵੇਂ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ਅਤੇ ਸਿਵਲ ਹਸਪਤਾਲ ਪਹੁੰਚੀ। ਪੁਲਿਸ ਨੇ ਦੋਵੇਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤਾ। ਪੁਲਿਸ ਵੱਲੋਂ ਹਾਦਸੇ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਚਸ਼ਮਦੀਦਾਂ ਦੇ ਬਿਆਨਾਂ ਦੇ ਆਧਾਰ 'ਤੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।ਪੁਲਿਸ ਅਤੇ ਹਸਪਤਾਲ ਤੋਂ ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕਾਂ ਦੀ ਪਛਾਣ ਬਠਿੰਡਾ ਦੇ ਗੁਰਸੇਵਕ ਨਗਰ ਵਾਸੀ ਬੂਟਾ ਸਿੰਘ ਅਤੇ ਰਾਮਪੁਰਾ ਦੇ ਹਰਪ੍ਰੀਤ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਬੂਟਾ ਸਿੰਘ ਰੋਜ਼ਾਨਾ ਦੀ ਤਰ੍ਹਾਂ ਬਰਨਾਲਾ ਟੀ-ਪੁਆਇੰਟ 'ਤੇ ਦੁੱਧ ਦੀ ਸਪਲਾਈ ਦੇ ਕੇ ਆਪਣੇ ਮੋਟਰਸਾਈਕਲ 'ਤੇ ਘਰ ਵਾਪਸ ਜਾ ਰਹੇ ਸਨ। ਜਦੋਂ ਉਹ ਮੋਗਾ ਪੁਲ ਨੇੜੇ ਪਹੁੰਚੇ ਤਾਂ ਪਿੱਛੋਂ ਆ ਰਹੀ ਤੇਜ਼ ਰਫ਼ਤਾਰ ਆਈ-20 ਕਾਰ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ।ਚਸ਼ਮਦੀਦਾਂ ਮੁਤਾਬਕ ਟੱਕਰ ਤੋਂ ਬਾਅਦ ਕਾਰ ਮੋਟਰਸਾਈਕਲ ਨੂੰ ਕਾਫ਼ੀ ਦੂਰ ਤੱਕ ਘਸੀਟਦੀ ਹੋਈ ਲੈ ਗਈ ਅਤੇ ਫਿਰ ਬੇਕਾਬੂ ਹੋ ਕੇ ਸੜਕ ਕਿਨਾਰੇ ਖੜ੍ਹੇ ਇੱਕ ਦਰੱਖਤ ਨਾਲ ਜਾ ਟਕਰਾਈ। ਟੱਕਰ ਇੰਨੀ ਭਿਆਨਕ ਸੀ ਕਿ ਕਾਰ ਅਤੇ ਮੋਟਰਸਾਈਕਲ ਦੋਵੇਂ ਬੁਰੀ ਤਰ੍ਹਾਂ ਨੁਕਸਾਨੇ ਗਏ। ਸਥਾਨਕ ਲੋਕਾਂ ਨੇ ਤੁਰੰਤ ਦੋਵੇਂ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਬੂਟਾ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ। ਕਾਰ ਚਾਲਕ ਹਰਪ੍ਰੀਤ ਸਿੰਘ ਨੂੰ ਗੰਭੀਰ ਹਾਲਤ ਵਿੱਚ ਉੱਚ ਸਿਹਤ ਕੇਂਦਰ ਰੈਫਰ ਕੀਤਾ ਗਿਆ, ਪਰ ਰਸਤੇ ਵਿੱਚ ਹੀ ਉਸ ਦੀ ਵੀ ਮੌਤ ਹੋ ਗਈ।ਮ੍ਰਿਤਕ ਬੂਟਾ ਸਿੰਘ ਆਪਣੇ ਪਿੱਛੇ ਪਤਨੀ, ਬਜ਼ੁਰਗ ਮਾਂ ਅਤੇ ਤਿੰਨ ਛੋਟੇ ਬੱਚੇ ਛੱਡ ਗਏ ਹਨ। ਉਹ ਪਰਿਵਾਰ ਦੇ ਇਕਲੌਤੇ ਕਮਾਉਣ ਵਾਲੇ ਮੈਂਬਰ ਸਨ। ਉਨ੍ਹਾਂ ਦੀ ਅਚਾਨਕ ਮੌਤ ਨਾਲ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਪੁਲਿਸ ਨੇ ਕਿਹਾ ਕਿ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਪੂਰੀ ਹੋਣ ਉਪਰੰਤ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਹਿੰਦੂਸਥਾਨ ਸਮਾਚਾਰ / GURSHARAN SINGH