
ਅੰਮ੍ਰਿਤਸਰ, 26 ਜੂਨ (ਹਿੰ.ਸ.)। ਸਨਾਤਨ ਸੇਵਾ ਸੰਮਿਤੀ ਪੰਜਾਬ ਅਤੇ ਪੰਜਾਬ ਸਰਕਾਰ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਵਿਭਾਗ ਦੇ ਸਾਂਝੇ ਉਪਰਾਲੇ ਨਾਲ 27 ਜੂਨ 2026 ਨੂੰ ਪਾਇਟੈਕਸ ਗਰਾਊਂਡ ਰਣਜੀਤ ਐਵੀਨਿਊ ਅੰਮ੍ਰਿਤਸਰ ਵਿਖੇ ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ ਧਾਰਮਿਕ ਸਮਾਗਮ ਕਰਵਾਇਆ ਜਾਵੇਗਾ। ਇਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਅੱਜ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵੱਲੋਂ ਜ਼ਿਲ੍ਹਾ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਸਨਾਤਨ ਸੇਵਾ ਸਮਿਤੀ ਪੰਜਾਬ ਅਤੇ ਪੰਜਾਬ ਸਰਕਾਰ ਵੱਲੋਂ 27 ਜੂਨ ਦੀ ਸ਼ਾਮ 6:30 ਵਜੇ ਪਾਇਟੈਕਸ ਗਰਾਊਂਡ, ਰਣਜੀਤ ਐਵੀਨਿਊ ਵਿਖੇ ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ ਧਾਰਮਿਕ ਸਮਾਗਮ ਕਰਵਾਇਆ ਜਾਵੇਗਾ ਜਿਸ ਵਿੱਚ ਪ੍ਰਸਿੱਧ ਭਜਨ ਗਾਇਕ ਹੰਸਰਾਜ ਰਘੂਵੰਸ਼ੀ ਵੱਲੋਂ ਭਗਵਾਨ ਸ਼ਿਵ ਦੇ ਭਜਨਾਂ ਨੂੰ ਗਾਇਨ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮਾਗਮ ਦੀ ਸਫ਼ਲਤਾ ਲਈ ਆਪਣੇ ਜ਼ਿੰਮੇ ਦੇ ਕੰਮ ਸਮਾਂ ਰਹਿੰਦਿਆਂ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਸੰਗਤਾਂ ਦੀ ਸੁਰੱਖਿਆ, ਪਾਰਕਿੰਗ, ਪਾਣੀ ਅਤੇ ਮੈਡੀਕਲ ਦੇ ਪੁਖਤਾ ਪ੍ਰਬੰਧ ਕੀਤੇ ਗਏ ਜਾਣਗੇ।
ਮੀਟਿੰਗ ਦੌਰਾਨ ਸਨਾਤਨ ਸੇਵਾ ਸਮਿਤੀ ਪੰਜਾਬ ਦੇ ਰਾਸ਼ਟਰੀ ਪ੍ਰਧਾਨ ਵਿਜੇ ਸ਼ਰਮਾ ਨੇ ਕਿਹਾ ਕਿ ਇਸ ਸਮਾਗਮ ਰਾਹੀਂ ਅਸੀਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਆਪਣੇ ਸੱਭਿਆਚਾਰ ਨਾਲ ਜੋੜਨਾ ਚਾਹੁੰਦੇ ਹਾਂ। ਇਹ ਸਮਾਗਮ ਰਾਜਨੀਤੀ ਤੋਂ ਉੱਪਰ ਉੱਠ ਕੇ ਸਮਾਜ ਲਈ ਹੈ। ਮਾਝਾ ਜ਼ੋਨ ਇੰਚਾਰਜ ਪ੍ਰਣਵ ਧਵਨ ਨੇ ਤਿਆਰੀਆਂ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਦੇ ਆਉਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਵਿੱਚ ਦਾਖਲਾ ਬਿਲਕੁਲ ਮੁਫ਼ਤ ਹੋਵੇਗਾ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਜਨਰਲ ਪੱਲਵੀ ਮਿਸ਼ਰਾ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੁਰਿੰਦਰ ਸਿੰਘ, ਡੀ.ਸੀ.ਪੀ. ਵਿਜੈ ਆਲਮ, ਐਸ.ਡੀ.ਐਮ. ਅੰਮ੍ਰਿਤਸਰ 1 ਅਲਕਾ ਕਾਲੀਆ, ਐਸ.ਡੀ.ਐਮ. ਅੰਮ੍ਰਿਤਸਰ 2 ਗੁਰਮਿੰਦਰ ਸਿੰਘ, ਟੂਰਿਸਟ ਅਫ਼ਸਰ ਸੁਖਮਿੰਦਰ ਸਿੰਘ ਅਤੇ ਸਨਾਤਨ ਸੇਵਾ ਸਮਿਤੀ ਪੰਜਾਬ ਦੇ ਰਾਸ਼ਟਰੀ ਪ੍ਰਧਾਨ ਵਿਜੈ ਸ਼ਰਮਾ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ