ਅਕਾਲ ਤਖ਼ਤ ਸਾਹਿਬ ਅੱਗੇ 29 ਜੂਨ ਨੂੰ ਪੇਸ਼ ਹੋਣਗੇ 'ਆਪ' ਦੇ ਵਿਧਾਇਕ ਤੇ ਮੰਤਰੀ: ਭਗਵੰਤ ਮਾਨ
ਅੰਮ੍ਰਿਤਸਰ, 28 ਜੂਨ (ਹਿੰ.ਸ.)| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਸਾਰੇ ਸਿੱਖ ਵਿਧਾਇਕ ਅਤੇ ਮੰਤਰੀ 29 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋ ਕੇ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਸਬੰਧੀ ਸਰਕਾਰ ਦਾ
ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਅਰਵਿੰਦ ਕੇਜਰੀਵਾਲ।


ਅੰਮ੍ਰਿਤਸਰ, 28 ਜੂਨ (ਹਿੰ.ਸ.)| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਸਾਰੇ ਸਿੱਖ ਵਿਧਾਇਕ ਅਤੇ ਮੰਤਰੀ 29 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋ ਕੇ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਸਬੰਧੀ ਸਰਕਾਰ ਦਾ ਪੱਖ ਰੱਖਣਗੇ। ਅੰਮ੍ਰਿਤਸਰ ਵਿੱਚ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਸਾਂਝੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਾਰਟੀ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਦਾ ਪੂਰਾ ਸਤਿਕਾਰ ਕਰਦੀ ਹੈ ਅਤੇ ਇਸ ਮਾਮਲੇ ਸਬੰਧੀ ਆਪਣਾ ਲਿਖਤੀ ਜਵਾਬ ਵੀ ਸੌਂਪੇਗੀ। ਉਨ੍ਹਾਂ ਦੱਸਿਆ ਕਿ ਗੈਰ-ਸਿੱਖ ਵਿਧਾਇਕ ਵੀ ਆਪਣਾ ਲਿਖਤੀ ਪੱਖ ਅਕਾਲ ਤਖ਼ਤ ਸਾਹਿਬ ਨੂੰ ਭੇਜਣਗੇ।

ਭਗਵੰਤ ਮਾਨ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਜਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਵੱਲੋਂ ਜੋ ਵੀ ਹਦਾਇਤਾਂ ਜਾਰੀ ਕੀਤੀਆਂ ਜਾਣਗੀਆਂ, ਸਰਕਾਰ ਉਨ੍ਹਾਂ 'ਤੇ ਗੰਭੀਰਤਾ ਨਾਲ ਵਿਚਾਰ ਕਰੇਗੀ। ਆਪਣੇ ਨਾਲ ਜੋੜੀ ਗਈ ਵਿਵਾਦਤ ਵੀਡੀਓ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਮਾਮਲੇ ਵਿੱਚ ਆਪਣਾ ਲਿਖਤੀ ਸਪੱਸ਼ਟੀਕਰਨ ਅਤੇ ਵਾਇਰਲ ਹੋਈ ਮਾਸਕ ਪਹਿਨੇ ਵਿਅਕਤੀ ਦੀ ਵੀਡੀਓ ਵੀ ਅਕਾਲ ਤਖ਼ਤ ਸਾਹਿਬ ਨੂੰ ਸੌਂਪਣਗੇ। ਉਨ੍ਹਾਂ ਦੁਹਰਾਇਆ ਕਿ ਵੀਡੀਓ ਵਿੱਚ ਦਿਖਾਈ ਦੇ ਰਿਹਾ ਵਿਅਕਤੀ ਉਹ ਨਹੀਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਹਮੇਸ਼ਾ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਤਿਕਾਰ ਕਰਦੇ ਆਏ ਹਨ ਅਤੇ ਜਦੋਂ ਵੀ ਉਨ੍ਹਾਂ ਨੂੰ ਬੁਲਾਇਆ ਗਿਆ, ਉਹ ਹਾਜ਼ਰ ਹੋਏ ਹਨ। ਉਨ੍ਹਾਂ ਕਿਹਾ, ਮੈਂ ਕਦੇ ਵੀ ਅਕਾਲ ਤਖ਼ਤ ਸਾਹਿਬ ਦਾ ਸਾਹਮਣਾ ਕਰਨ ਬਾਰੇ ਸੋਚ ਵੀ ਨਹੀਂ ਸਕਦਾ। ਉਨ੍ਹਾਂ ਨੂੰ ਗੁਰੂ ਦੋਖੀ ਅਤੇ ਪੰਥ ਦੋਖੀ ਕਰਾਰ ਦੇਣ ਅਤੇ ਸਮਾਜਿਕ ਬਾਈਕਾਟ ਦੀ ਅਪੀਲ ਬਾਰੇ ਪੁੱਛੇ ਜਾਣ 'ਤੇ ਮਾਨ ਨੇ ਕਿਹਾ ਕਿ ਸਿੱਖ ਸੰਗਤ ਜੋ ਵੀ ਫ਼ੈਸਲਾ ਕਰੇਗੀ, ਉਹ ਉਸ ਨੂੰ ਸਵੀਕਾਰ ਕਰਨਗੇ। ਉਨ੍ਹਾਂ ਦਾਅਵਾ ਕੀਤਾ ਕਿ ਬਾਈਕਾਟ ਦੀਆਂ ਅਪੀਲਾਂ ਦੇ ਬਾਵਜੂਦ ਗੁਰਦੁਆਰਿਆਂ ਵਿੱਚ ਸੰਗਤ ਵੱਲੋਂ ਉਨ੍ਹਾਂ ਨੂੰ ਪਿਆਰ ਅਤੇ ਸਤਿਕਾਰ ਮਿਲਦਾ ਰਿਹਾ ਹੈ।

ਇਸ ਮੌਕੇ ਅਰਵਿੰਦ ਕੇਜਰੀਵਾਲ ਨੇ ਅਯੋਧਿਆ ਮਾਮਲੇ ਦਾ ਜ਼ਿਕਰ ਕਰਦਿਆਂ ਦੋਸ਼ ਲਾਇਆ ਕਿ ਅਸਲ ਦੋਸ਼ੀਆਂ ਦੀ ਥਾਂ ਸਿਰਫ਼ ਛੋਟੇ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਬਿਨਾਂ ਢੁੱਕਵੀਂ ਪੁੱਛਗਿੱਛ ਦੇ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਕੇਜਰੀਵਾਲ ਨੇ ਧਾਰਮਿਕ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਇੱਕ ਨਵੀਂ ਪਹਿਲ ਦਾ ਵੀ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਅੰਮ੍ਰਿਤਸਰ ਦੇ ਰਾਮ ਤੀਰਥ ਸਥਿਤ ਵਾਲਮੀਕੀ ਮੰਦਰ ਨੇੜੇ ਮਾਤਾ ਸੀਤਾ ਅਤੇ ਲਵ-ਕੁਸ਼ ਨੂੰ ਸਮਰਪਿਤ ਇੱਕ ਵਿਸ਼ਾਲ ਮੰਦਰ ਬਣਾਉਣ ਲਈ ਸਿਧਾਂਤਕ ਮਨਜ਼ੂਰੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਦੀ ਵਿਸਥਾਰਤ ਯੋਜਨਾ ਜਲਦ ਤਿਆਰ ਕੀਤੀ ਜਾਵੇਗੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande