(ਅੱਪਡੇਟ) ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਸਿਰ ਮੱਥੇ, ਸੋਮਵਾਰ ਨੂੰ ਪੇਸ਼ ਹੋਣਗੇ 'ਆਪ' ਦੇ ਮੰਤਰੀ ਤੇ ਵਿਧਾਇਕ: ਭਗਵੰਤ ਮਾਨ
ਅੰਮ੍ਰਿਤਸਰ, 28 ਜੂਨ (ਹਿੰ.ਸ.)| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਸਰਵਉੱਚ ਧਾਰਮਿਕ ਸੰਸਥਾ ਹੈ ਅਤੇ ਇਸ ਵੱਲੋਂ ਜਾਰੀ ਕੀਤੇ ਹਰ ਹੁਕਮ ਨੂੰ ਪੂਰੀ ਸ਼ਰਧਾ ਨਾਲ ਸਵੀਕਾਰ ਕੀਤਾ ਜਾਵੇਗਾ। ਉਨ੍ਹਾਂ ਐਲਾਨ ਕੀਤਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋ
ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਅਰਵਿੰਦ ਕੇਜਰੀਵਾਲ।


ਅੰਮ੍ਰਿਤਸਰ, 28 ਜੂਨ (ਹਿੰ.ਸ.)| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਸਰਵਉੱਚ ਧਾਰਮਿਕ ਸੰਸਥਾ ਹੈ ਅਤੇ ਇਸ ਵੱਲੋਂ ਜਾਰੀ ਕੀਤੇ ਹਰ ਹੁਕਮ ਨੂੰ ਪੂਰੀ ਸ਼ਰਧਾ ਨਾਲ ਸਵੀਕਾਰ ਕੀਤਾ ਜਾਵੇਗਾ। ਉਨ੍ਹਾਂ ਐਲਾਨ ਕੀਤਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਲਬ ਕੀਤੇ ਗਏ ਪੰਜਾਬ ਵਿਧਾਨ ਸਭਾ ਦੇ ਸਪੀਕਰ ਸਮੇਤ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਉੱਥੇ ਪੇਸ਼ ਹੋ ਕੇ ਨਿਮਰਤਾ ਨਾਲ ਸਰਕਾਰ ਦਾ ਪੱਖ ਰੱਖਣਗੇ।

ਅੰਮ੍ਰਿਤਸਰ ਵਿਖੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਹਰ ਸਿੱਖ ਲਈ ਪਵਿੱਤਰ ਅਸਥਾਨ ਹੈ। ਉਨ੍ਹਾਂ ਕਿਹਾ ਕਿ ਤਖ਼ਤ ਸਾਹਿਬ ਵੱਲੋਂ ਆਉਣ ਵਾਲੇ ਹਰ ਆਦੇਸ਼ ਦੀ ਪਾਲਣਾ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ, ਸਾਡੇ ਸਾਰੇ ਮੰਤਰੀ, ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ, ਜਿਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਲਬ ਕੀਤਾ ਗਿਆ ਹੈ, ਉਹ ਸੋਮਵਾਰ ਨੂੰ ਉੱਥੇ ਹਾਜ਼ਰ ਹੋਣਗੇ। ਉਹ ਇੱਕ ਨਿਮਾਣੇ ਸਿੱਖ ਵਜੋਂ ਸਰਕਾਰ ਦੀ ਸਥਿਤੀ ਸਪੱਸ਼ਟ ਕਰਨਗੇ ਅਤੇ ਆਪਣਾ ਪੱਖ ਪੇਸ਼ ਕਰਨਗੇ।

ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਤਿਕਾਰ ਸਭ ਤੋਂ ਉੱਪਰ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਜਦੋਂ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬੁਲਾਇਆ ਗਿਆ ਸੀ ਤਾਂ ਉਨ੍ਹਾਂ ਨੇ ਹਾਜ਼ਰੀ ਭਰਨ ਲਈ ਰਾਸ਼ਟਰਪਤੀ ਦੇ ਇੱਕ ਸਮਾਗਮ ਵਿੱਚ ਜਾਣਾ ਵੀ ਛੱਡ ਦਿੱਤਾ ਸੀ।

ਮੁੱਖ ਮੰਤਰੀ ਨੇ ਆਪਣੇ ਨਾਲ ਜੁੜੀ ਵਿਵਾਦਤ ਵੀਡੀਓ ਬਾਰੇ ਕਿਹਾ ਕਿ ਸਰਕਾਰ ਵੱਲੋਂ ਉਸ ਵਿਅਕਤੀ ਦੀ ਜਾਣਕਾਰੀ ਅਤੇ ਫਰਜ਼ੀ ਵੀਡੀਓ ਦੇ ਵੇਰਵੇ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪੇ ਜਾਣਗੇ, ਜਿਸ ਵਿੱਚ ਉਨ੍ਹਾਂ ਦੀ ਨਕਲ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਇਸ ਮਾਮਲੇ ਨੂੰ ਧਾਰਮਿਕ ਰੰਗਤ ਦੇ ਕੇ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਸਿਆਸਤ ਅਤੇ ਧਰਮ ਨੂੰ ਇਕੱਠਾ ਨਹੀਂ ਕਰਨਾ ਚਾਹੀਦਾ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਉਨ੍ਹਾਂ ਨੂੰ ਧਾਰਮਿਕ ਤੌਰ 'ਤੇ ਬਦਨਾਮ ਕਰਕੇ ਸਿਆਸੀ ਫਾਇਦਾ ਲੈਣਾ ਚਾਹੁੰਦੇ ਹਨ।

ਮੁੱਖ ਮੰਤਰੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮਾਜਿਕ ਬਾਈਕਾਟ ਸਬੰਧੀ ਕੀਤੇ ਗਏ ਫ਼ੈਸਲੇ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਜਦੋਂ ਪਿਛਲੇ ਸਮੇਂ ਵਿੱਚ ਕੁਝ ਆਗੂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋ ਕੇ ਆਪਣੀਆਂ ਗਲਤੀਆਂ ਮੰਨ ਚੁੱਕੇ ਹਨ, ਤਾਂ ਉਨ੍ਹਾਂ ਖ਼ਿਲਾਫ਼ ਇਸ ਤਰ੍ਹਾਂ ਦੇ ਪੋਸਟਰ ਕਿਉਂ ਨਹੀਂ ਲਗਾਏ ਗਏ।

ਉਨ੍ਹਾਂ ਕਿਹਾ ਕਿ ਸੰਗਤ ਸਭ ਤੋਂ ਵੱਡੀ ਹੈ ਅਤੇ ਲੋਕ ਸੂਝਵਾਨ ਹਨ। ਉਨ੍ਹਾਂ ਦਾਅਵਾ ਕੀਤਾ ਕਿ ਵਿਰੋਧੀ ਧਿਰ ਕੋਲ ਸਰਕਾਰ ਖ਼ਿਲਾਫ਼ ਕੋਈ ਵੱਡਾ ਮੁੱਦਾ ਨਹੀਂ ਬਚਿਆ, ਇਸ ਲਈ ਉਹ ਧਾਰਮਿਕ ਮੁੱਦਿਆਂ ਨੂੰ ਸਿਆਸੀ ਹਥਿਆਰ ਵਜੋਂ ਵਰਤ ਰਹੇ ਹਨ।

ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਧਿਆਨ ਰੋਜ਼ਗਾਰ, ਪਾਣੀ, ਬਿਜਲੀ, ਸਿਹਤ, ਸਿੱਖਿਆ ਅਤੇ ਸੂਬੇ ਦੇ ਵਿਕਾਸ 'ਤੇ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅਜਿਹੀ ਰਾਜਨੀਤੀ ਨੂੰ ਕਦੇ ਵੀ ਸਵੀਕਾਰ ਨਹੀਂ ਕਰਨਗੇ।

ਮਹਾਰਾਸ਼ਟਰ ਸਰਕਾਰ ਵੱਲੋਂ ਨਾਂਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਐਕਟ, 1956 ਵਿੱਚ ਬਦਲਾਅ ਦੇ ਮਾਮਲੇ 'ਤੇ ਮੁੱਖ ਮੰਤਰੀ ਨੇ ਕਿਹਾ ਕਿ ਸਿੱਖ ਧਾਰਮਿਕ ਮਾਮਲਿਆਂ ਵਿੱਚ ਦਖ਼ਲ ਨਹੀਂ ਦਿੱਤਾ ਜਾਣਾ ਚਾਹੀਦਾ। ਉਨ੍ਹਾਂ ਮਹਾਰਾਸ਼ਟਰ ਸਰਕਾਰ ਨੂੰ ਅਪੀਲ ਕੀਤੀ ਕਿ ਅਜਿਹੇ ਫੈਸਲਿਆਂ ਤੋਂ ਬਚਿਆ ਜਾਵੇ, ਜਿਨ੍ਹਾਂ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚ ਸਕਦੀ ਹੈ।

ਉਨ੍ਹਾਂ ਕਿਹਾ ਕਿ ਧਰਮ ਅਤੇ ਸਿਆਸਤ ਵੱਖ-ਵੱਖ ਮਾਮਲੇ ਹਨ ਅਤੇ ਦੋਵਾਂ ਨੂੰ ਕਿਸੇ ਵੀ ਹਾਲਤ ਵਿੱਚ ਮਿਲਾਉਣਾ ਨਹੀਂ ਚਾਹੀਦਾ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਪ੍ਰਤੀ ਉਨ੍ਹਾਂ ਦੀ ਸ਼ਰਧਾ ਹਮੇਸ਼ਾ ਬਣੀ ਰਹੇਗੀ ਅਤੇ ਸੰਗਤ ਦੇ ਫੈਸਲੇ ਦਾ ਸਤਿਕਾਰ ਕੀਤਾ ਜਾਵੇਗਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande