
ਅੰਮ੍ਰਿਤਸਰ, 28 ਜੂਨ (ਹਿੰ.ਸ.)| ਅੰਮ੍ਰਿਤਸਰ ਜ਼ਿਲ੍ਹੇ ਦੇ ਅਜਨਾਲਾ ਇਲਾਕੇ ਵਿੱਚ ਪੁਲਿਸ ਨੇ ਕਾਰਵਾਈ ਕਰਦਿਆਂ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਤਿੰਨ ਨਾਜਾਇਜ਼ ਪਿਸਤੌਲ, 14 ਜਿੰਦਾ ਕਾਰਤੂਸ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਨੌਜਵਾਨ ਅਜਨਾਲਾ ਦੇ ਪਿੰਡ ਫੁੱਲੇ ਚੱਕ, ਸਰਾਏ, ਤੇੜਾ ਕਲਾਂ ਅਤੇ ਰਾਜਾਸਾਂਸੀ ਦੇ ਪਿੰਡ ਲਦੇਹ ਦੇ ਰਹਿਣ ਵਾਲੇ ਹਨ। ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕੁਝ ਨੌਜਵਾਨ ਨਾਜਾਇਜ਼ ਹਥਿਆਰਾਂ ਸਮੇਤ ਇਲਾਕੇ ਵਿੱਚ ਘੁੰਮ ਰਹੇ ਹਨ। ਇਸ ਸੂਚਨਾ ਦੇ ਆਧਾਰ 'ਤੇ ਨਾਕਾਬੰਦੀ ਕਰਕੇ ਚਾਰਾਂ ਨੂੰ ਕਾਬੂ ਕਰ ਲਿਆ ਗਿਆ।
ਤਲਾਸ਼ੀ ਦੌਰਾਨ ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਤਿੰਨ ਦੇਸੀ ਪਿਸਤੌਲ, 14 ਜਿੰਦਾ ਕਾਰਤੂਸ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ। ਮੁੱਢਲੀ ਜਾਂਚ ਵਿੱਚ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਮੁਲਜ਼ਮ ਇਹ ਹਥਿਆਰ ਕਿੱਥੋਂ ਲੈ ਕੇ ਆਏ ਸਨ ਅਤੇ ਇਨ੍ਹਾਂ ਦੀ ਵਰਤੋਂ ਕਿਸ ਮਕਸਦ ਲਈ ਕੀਤੀ ਜਾਣੀ ਸੀ। ਅਜਨਾਲਾ ਪੁਲਿਸ ਨੇ ਚਾਰਾਂ ਮੁਲਜ਼ਮਾਂ ਖ਼ਿਲਾਫ਼ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਇਹ ਵੀ ਜਾਂਚ ਕਰ ਰਹੀ ਹੈ ਕਿ ਕਿਤੇ ਇਨ੍ਹਾਂ ਦੇ ਸਬੰਧ ਕਿਸੇ ਅਪਰਾਧਿਕ ਗਿਰੋਹ ਜਾਂ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਨਾਲ ਤਾਂ ਨਹੀਂ ਜੁੜੇ ਹੋਏ।
ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH