
ਅੰਮ੍ਰਿਤਸਰ, 28 ਜੂਨ (ਹਿੰ.ਸ.)। ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਰਸੂਲਪੁਰ ਕਲਾਂ, ਡਡੂਆਣਾ ਅਤੇ ਮਿਹਰਬਾਨਪੁਰਾ ਵਿਖੇ ਲੋਕ ਮਿਲਣੀ ਪ੍ਰੋਗਰਾਮ ਕਰਵਾਏ ਗਏ। ਇਸ ਦੌਰਾਨ ਉਨ੍ਹਾਂ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ ਗਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਉਨ੍ਹਾਂ ਦਾ ਤੁਰੰਤ ਅਤੇ ਯੋਗ ਹੱਲ ਕਰਨ ਦੇ ਨਿਰਦੇਸ਼ ਦਿੱਤੇ ਗਏ।
ਇਸ ਮੌਕੇ ਕੈਬਿਨਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਮ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਕਈ ਲੋਕ-ਪੱਖੀ ਅਤੇ ਭਲਾਈਕਾਰੀ ਯੋਜਨਾਵਾਂ ਸ਼ੁਰੂ ਕੀਤੀਆਂ ਹਨ, ਜਿਨ੍ਹਾਂ ਦਾ ਲਾਭ ਹਰ ਵਰਗ ਦੇ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ 600 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ, 10 ਲੱਖ ਰੁਪਏ ਤੱਕ ਦੀ ਸਾਲਾਨਾ ਸਿਹਤ ਬੀਮਾ ਯੋਜਨਾ, ਸਿੱਖਿਆ ਕ੍ਰਾਂਤੀ, ਸਿਹਤ ਕ੍ਰਾਂਤੀ ਅਤੇ ਹੋਰ ਅਨੇਕਾਂ ਜਨ-ਕਲਿਆਣਕਾਰੀ ਯੋਜਨਾਵਾਂ ਸਫਲਤਾਪੂਰਵਕ ਲਾਗੂ ਕੀਤੀਆਂ ਗਈਆਂ ਹਨ। ਉਨ੍ਹਾਂ ਲੋਕਾਂ ਨੂੰ ਇਨ੍ਹਾਂ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।
ਕੈਬਿਨਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹਰ ਨਾਗਰਿਕ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਪਾਰਦਰਸ਼ੀ ਅਤੇ ਸਮੇਂ ਸਿਰ ਮਿਲੇ। ਉਨ੍ਹਾਂ ਕਿਹਾ ਕਿ ਲੋਕ ਮਿਲਣੀ ਪ੍ਰੋਗਰਾਮਾਂ ਦਾ ਮੁੱਖ ਉਦੇਸ਼ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ 'ਤੇ ਨਿਪਟਾਰਾ ਕਰਨਾ ਅਤੇ ਸਰਕਾਰ ਤੇ ਲੋਕਾਂ ਵਿਚਕਾਰ ਸਿੱਧਾ ਸੰਵਾਦ ਕਾਇਮ ਕਰਨਾ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ, ਪਾਰਟੀ ਆਗੂ, ਪੰਚਾਇਤੀ ਨੁਮਾਇੰਦੇ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ