
ਕੋਟਕਪੂਰਾ, 28 ਜੂਨ (ਹਿੰ.ਸ.)। ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਆਪਣੇ ਹਲਕੇ ਦੇ ਨਾਨਕ ਨਗਰੀ ਵਾਰਡ ਨੰਬਰ 2 ਅਤੇ ਪਿੰਡ ਬਾਹਮਣਵਾਲਾ ਵਿਖੇ ਲੋਕ ਮਿਲਣੀ ਕਰਕੇ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ, ਮੰਗਾਂ ਅਤੇ ਸੁਝਾਵਾਂ ਨੂੰ ਸੁਣਿਆ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨੂੰ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਅਤੇ ਵਿਕਾਸ ਕਾਰਜਾਂ ਬਾਰੇ ਜਾਣੂ ਕਰਵਾਇਆ।
ਸਪੀਕਰ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀਆਂ ਉਮੀਦਾਂ ਤੇ ਖਰਾ ਉਤਰਨ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਵਿਕਾਸ ਕਾਰਜਾਂ ਨੂੰ ਪਿੰਡਾਂ ਦੇ ਪੱਧਰ ਤੱਕ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕ ਮਿਲਣੀਆਂ ਰਾਹੀਂ ਸਰਕਾਰ ਅਤੇ ਲੋਕਾਂ ਵਿਚਕਾਰ ਸਿੱਧਾ ਸੰਪਰਕ ਸਥਾਪਿਤ ਹੋ ਰਿਹਾ ਹੈ, ਜਿਸ ਨਾਲ ਆਮ ਲੋਕਾਂ ਦੀਆਂ ਮੁਸ਼ਕਲਾਂ ਦਾ ਤੁਰੰਤ ਹੱਲ ਸੰਭਵ ਹੋ ਰਿਹਾ ਹੈ।
ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਸੜਕਾਂ, ਗਲੀਆਂ-ਨਾਲੀਆਂ, ਪੀਣ ਵਾਲੇ ਪਾਣੀ, ਸੀਵਰੇਜ, ਸਿਹਤ ਅਤੇ ਸਿੱਖਿਆ ਵਰਗੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਰੱਖੀਆਂ ਗਈਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ਤੇ ਪੂਰਾ ਕੀਤਾ ਜਾਵੇਗਾ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ।
ਸਪੀਕਰ ਸੰਧਵਾਂ ਨੇ ਕਿਹਾ ਕਿ ਲੋਕਾਂ ਦੀ ਸੇਵਾ ਕਰਨਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ ਅਤੇ ਉਹ ਹਮੇਸ਼ਾ ਆਪਣੇ ਹਲਕੇ ਦੇ ਲੋਕਾਂ ਲਈ ਉਪਲਬਧ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਅਤੇ ਲੋਕ ਭਲਾਈ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਹਰ ਯੋਗ ਵਿਕਾਸ ਕਾਰਜ ਨੂੰ ਨੇਪਰੇ ਚਾੜ੍ਹਿਆ ਜਾਵੇਗਾ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ