
ਜੰਡਵਾਲਾ ਭੀਮੇਸ਼ਾਹ (ਫਾਜ਼ਿਲਕਾ), 28 ਜੂਨ (ਹਿੰ.ਸ.)| ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਨੈਸ਼ਨਲ ਤੰਬਾਕੂ ਕੰਟਰੋਲ ਪ੍ਰੋਗਰਾਮ ਤਹਿਤ ਤੰਬਾਕੂ ਵਿਰੋਧੀ ਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਸਬ ਸੈਂਟਰ ਖੁੜੰਜ ਵਿਖੇ ਇੱਕ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ। ਇਹ ਕੈਂਪ ਸਿਵਲ ਸਰਜਨ ਡਾ. ਕਵਿਤਾ ਸਿੰਘ, ਜ਼ਿਲ੍ਹਾ ਐਨ.ਟੀ.ਸੀ.ਪੀ. ਨੋਡਲ ਅਫ਼ਸਰ ਡਾ. ਪੰਕਜ ਚੌਹਾਨ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸੁਨੀਤਾ ਕੰਬੋਜ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੀ.ਐੱਚ.ਸੀ. ਜੰਡਵਾਲਾ ਭੀਮੇਸ਼ਾਹ ਦੇ ਐੱਸ.ਐੱਮ.ਓ. ਡਾ. ਵਿਕਾਸ ਗਾਂਧੀ ਦੀ ਅਗਵਾਈ ਵਿੱਚ ਆਯੋਜਿਤ ਕੀਤਾ ਗਿਆ।ਕੈਂਪ ਦੌਰਾਨ ਬਲਾਕ ਐਨ.ਟੀ.ਸੀ.ਪੀ. ਨੋਡਲ ਅਫ਼ਸਰ ਸੁਮਨ ਕੁਮਾਰ ਨੇ ਆਸ਼ਾ ਵਰਕਰਾਂ ਨੂੰ ਤੰਬਾਕੂ ਕੰਟਰੋਲ ਪ੍ਰੋਗਰਾਮ ਅਤੇ ਕੋਟਪਾ ਐਕਟ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਆਸ਼ਾ ਵਰਕਰਾਂ ਨੂੰ ਘਰ-ਘਰ ਜਾ ਕੇ ਲੋਕਾਂ ਨੂੰ ਤੰਬਾਕੂ ਦੇ ਸੇਵਨ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਜਾਗਰੂਕ ਕਰਨ ਅਤੇ ਤੰਬਾਕੂ ਛੱਡਣ ਲਈ ਪ੍ਰੇਰਿਤ ਕਰਨ ਦੀ ਅਪੀਲ ਕੀਤੀ।ਉਨ੍ਹਾਂ ਕਿਹਾ ਕਿ ਤੰਬਾਕੂ ਦਿਲ ਦੀਆਂ ਬਿਮਾਰੀਆਂ, ਫੇਫੜਿਆਂ ਦੇ ਰੋਗਾਂ, ਮੂੰਹ ਦੇ ਕੈਂਸਰ ਅਤੇ ਹੋਰ ਕਈ ਜਾਨਲੇਵਾ ਬਿਮਾਰੀਆਂ ਦਾ ਮੁੱਖ ਕਾਰਨ ਹੈ।ਇਸ ਮੌਕੇ ਸਿਹਤ ਵਿਭਾਗ ਦੀ ਟੀਮ ਵੱਲੋਂ ਦੁਕਾਨਾਂ ਦਾ ਨਿਰੀਖਣ ਕਰਕੇ ਕੋਟਪਾ ਐਕਟ ਦੀ ਪਾਲਣਾ ਯਕੀਨੀ ਬਣਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ। ਨਿਰੀਖਣ ਦੌਰਾਨ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਮੌਕੇ ’ਤੇ ਹੀ ਜੁਰਮਾਨੇ ਕੀਤੇ ਗਏ। ਟੀਮ ਨੇ ਦੁਕਾਨਦਾਰਾਂ ਨੂੰ ਨਾਬਾਲਗਾਂ ਨੂੰ ਤੰਬਾਕੂ ਉਤਪਾਦ ਨਾ ਵੇਚਣ ਅਤੇ ਤੰਬਾਕੂ ਸਬੰਧੀ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਹਦਾਇਤ ਵੀ ਦਿੱਤੀ।ਸਿਹਤ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਤੰਬਾਕੂ ਤੋਂ ਦੂਰ ਰਹਿ ਕੇ ਆਪਣੇ ਅਤੇ ਆਪਣੇ ਪਰਿਵਾਰ ਦੀ ਸਿਹਤ ਦੀ ਸੰਭਾਲ ਕਰਨ ਅਤੇ ਤੰਬਾਕੂ-ਮੁਕਤ ਸਮਾਜ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾਉਣ।ਇਸ ਮੌਕੇ ਬਲਾਕ ਐਨ.ਟੀ.ਸੀ.ਪੀ. ਨੋਡਲ ਅਫ਼ਸਰ ਸੁਮਨ ਕੁਮਾਰ, ਬਲਾਕ ਐਨ.ਟੀ.ਸੀ.ਪੀ. ਡੀਲਿੰਗ ਜਸਪਾਲ ਸਿੰਘ ਸਿੱਧੂ, ਐੱਮ.ਪੀ.ਐੱਚ.ਡਬਲਯੂ. ਅਮਨਦੀਪ ਕੌਰ, ਆਸ਼ਾ ਫੈਸੀਲੀਟੇਟਰ ਬਲਵਿੰਦਰ ਕੌਰ, ਆਸ਼ਾ ਵਰਕਰ ਪਰਮਜੀਤ ਕੌਰ, ਮਨਜੀਤ ਕੌਰ, ਬਿਮਲਾ ਰਾਣੀ, ਅਮਨਦੀਪ ਕੌਰ, ਟੀਮ ਮੈਂਬਰ ਸੂਰਜ, ਪਤਵੰਤੇ ਸੱਜਣ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH