
ਵਪਾਰੀਆਂ ਨੂੰ ਸੁਖਾਵਾਂ ਕਾਰੋਬਾਰੀ ਮਾਹੌਲ ਦੇਣ ਲਈ ਪੰਜਾਬ ਸਰਕਾਰ ਵਚਨਬੱਧ: ਰਣਜੀਤ ਪਾਲ ਸਿੰਘਮੋਹਾਲੀ, 28 ਜੂਨ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਸਮੇਂ ਸਿਰ ਨਿਪਟਾਰੇ ਅਤੇ ਵਪਾਰਕ ਭਾਈਚਾਰੇ ਨਾਲ ਲਗਾਤਾਰ ਸੰਵਾਦ ਕਾਇਮ ਰੱਖਣ ਦੇ ਮੰਤਵ ਨਾਲ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵੱਲੋਂ ਸੈਕਟਰ-71, ਮੋਹਾਲੀ ਵਿਖੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਬੀਤੀ ਰਾਤ ਇੱਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਰਣਜੀਤ ਪਾਲ ਸਿੰਘ ਨੇ ਕੀਤੀ। ਇਸ ਮੌਕੇ ਵਾਈਸ ਚੇਅਰਮੈਨ ਤਰਲੋਚਨ ਸਿੰਘ ਬੈਦਵਾਨ ਵੀ ਮੌਜੂਦ ਰਹੇ। ਦੋਵਾਂ ਆਗੂਆਂ ਨੇ ਹਾਜ਼ਰ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਅਤੇ ਸੁਝਾਵਾਂ ਨੂੰ ਧਿਆਨ ਨਾਲ ਸੁਣਿਆ।ਚੇਅਰਮੈਨ ਰਣਜੀਤ ਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਨੂੰ ਸੁਖਾਵਾਂ ਅਤੇ ਅਨੁਕੂਲ ਕਾਰੋਬਾਰੀ ਮਾਹੌਲ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਮੀਟਿੰਗ ਦੌਰਾਨ ਉਠਾਏ ਗਏ ਜਾਇਜ਼ ਮਸਲਿਆਂ ਨੂੰ ਸਬੰਧਤ ਵਿਭਾਗਾਂ ਦੇ ਧਿਆਨ ਵਿੱਚ ਲਿਆ ਕੇ ਸਮੇਂਬੱਧ ਢੰਗ ਨਾਲ ਉਨ੍ਹਾਂ ਦਾ ਨਿਪਟਾਰਾ ਕਰਵਾਇਆ ਜਾਵੇਗਾ।ਮੀਟਿੰਗ ਦੌਰਾਨ ਵਪਾਰੀਆਂ ਨੇ ਸ਼ਹਿਰੀ ਸਹੂਲਤਾਂ, ਬੁਨਿਆਦੀ ਢਾਂਚੇ ਅਤੇ ਵਪਾਰ ਨਾਲ ਸਬੰਧਤ ਵੱਖ-ਵੱਖ ਮੁੱਦੇ ਉਠਾਏ। ਕਮਿਸ਼ਨ ਦੇ ਅਹੁਦੇਦਾਰਾਂ ਨੇ ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਲੋੜੀਂਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ।ਇਸ ਮੌਕੇ ਵਿਧਾਨ ਸਭਾ ਹਲਕਾ ਚੇਅਰਮੈਨ ਅਕਵਿੰਦਰ ਸਿੰਘ ਗੋਸਲ, ਨਗਰ ਨਿਗਮ ਮੋਹਾਲੀ ਦੇ ਸੀਨੀਅਰ ਡਿਪਟੀ ਮੇਅਰ ਰਾਜਿੰਦਰ ਪ੍ਰਸਾਦ ਸ਼ਰਮਾ ਅਤੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ ਵੀ ਹਾਜ਼ਰ ਸਨ। ਮੀਟਿੰਗ ਵਿੱਚ ਵੱਡੀ ਗਿਣਤੀ ਵਿੱਚ ਵਪਾਰੀਆਂ, ਦੁਕਾਨਦਾਰਾਂ ਅਤੇ ਹੋਰ ਪਤਵੰਤੇ ਵਿਅਕਤੀਆਂ ਨੇ ਸ਼ਮੂਲੀਅਤ ਕਰਕੇ ਆਪਣੇ ਵਿਚਾਰ ਅਤੇ ਸੁਝਾਅ ਸਾਂਝੇ ਕੀਤੇ।
ਹਿੰਦੂਸਥਾਨ ਸਮਾਚਾਰ / GURSHARAN SINGH