
ਖਰੜ, 28 ਜੂਨ (ਹਿੰ.ਸ.)| ਪੰਜਾਬ ਟਰੇਡਰਜ਼ ਕਮਿਸ਼ਨ ਹਲਕਾ ਖਰੜ ਦੀ ਇੱਕ ਅਹਿਮ ਮੀਟਿੰਗ ਅੱਜ ਬੱਸ ਸਟੈਂਡ ਖਰੜ ਵਿਖੇ ਆਯੋਜਿਤ ਕੀਤੀ ਗਈ। ਮੀਟਿੰਗ ਦੀ ਅਗਵਾਈ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਮੋਹਾਲੀ ਦੇ ਵਾਈਸ ਚੇਅਰਮੈਨ ਤਰਲੋਚਨ ਸਿੰਘ ਬੈਦਵਾਣ ਨੇ ਕੀਤੀ। ਇਸ ਮੌਕੇ ਹਲਕਾ ਟਰੇਡ ਕਮਿਸ਼ਨ ਖਰੜ ਦੇ ਚੇਅਰਮੈਨ ਯਸ਼ਪਾਲ ਬਾਂਸਲ, ਐਸ.ਸੀ. ਵਿੰਗ ਮੋਹਾਲੀ ਦੇ ਪ੍ਰਧਾਨ ਮਨਦੀਪ ਸਿੰਘ, ਸੁਰਿੰਦਰ ਸਿੰਘ ਮਟੌਰ, ਹਿਮਾਂਸ਼ੂ ਬਾਂਸਲ ਅਤੇ ਟਰੇਡ ਕਮਿਸ਼ਨ ਖਰੜ ਦੇ ਮੈਂਬਰ ਵਿਵੇਕ ਗੁਪਤਾ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।ਮੀਟਿੰਗ ਵਿੱਚ ਜੀਐਸਟੀ, ਬਿਜਲੀ ਵਿਭਾਗ ਅਤੇ ਨਗਰ ਕੌਂਸਲ ਨਾਲ ਸਬੰਧਤ ਅਧਿਕਾਰੀਆਂ ਨੇ ਵੀ ਹਿੱਸਾ ਲਿਆ। ਇਨ੍ਹਾਂ ਵਿੱਚ ਈ.ਟੀ.ਓ. ਜੀਐਸਟੀ ਰਾਜੀਵ ਸ਼ਰਮਾ, ਏ.ਐਸ.ਟੀ.ਓ. ਜੀਐਸਟੀ ਹਰੀ ਓਮ, ਪੀ.ਐਸ.ਪੀ.ਸੀ.ਐਲ. ਦੇ ਐਸ.ਡੀ.ਓ. ਜਸਨੂਰ ਸਿੰਘ, ਜੇ.ਈ. ਗੋਪੀ ਚੰਦ, ਨਗਰ ਕੌਂਸਲ ਖਰੜ ਦੇ ਸੈਨੇਟਰੀ ਇੰਸਪੈਕਟਰ ਦਰਸ਼ਨ ਸਿੰਘ ਅਤੇ ਜੇ.ਈ. ਸਤਨਾਮ ਸਿੰਘ ਸ਼ਾਮਲ ਸਨ।ਮੀਟਿੰਗ ਦੌਰਾਨ ਵੱਡੀ ਗਿਣਤੀ ਵਿੱਚ ਪਹੁੰਚੇ ਵਪਾਰੀਆਂ ਨੇ ਆਪਣੀਆਂ ਸਮੱਸਿਆਵਾਂ ਅਤੇ ਮੰਗਾਂ ਲਿਖਤੀ ਰੂਪ ਵਿੱਚ ਕਮਿਸ਼ਨ ਅੱਗੇ ਰੱਖੀਆਂ। ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੌਕੇ ’ਤੇ ਹੀ ਸ਼ਿਕਾਇਤਾਂ ਸੌਂਪਦਿਆਂ ਜਲਦ ਤੋਂ ਜਲਦ ਕਾਰਵਾਈ ਕਰਕੇ ਮਸਲਿਆਂ ਦਾ ਹੱਲ ਕਰਨ ਦੇ ਨਿਰਦੇਸ਼ ਦਿੱਤੇ ਗਏ।ਵਪਾਰੀਆਂ ਨੇ ਪੰਜਾਬ ਸਰਕਾਰ ਵੱਲੋਂ ਟਰੇਡਰਜ਼ ਕਮਿਸ਼ਨ ਦੀ ਸਥਾਪਨਾ ਕਰਨ ’ਤੇ ਧੰਨਵਾਦ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਕਮਿਸ਼ਨ ਰਾਹੀਂ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਸੁਣਨ ਅਤੇ ਹੱਲ ਕਰਨ ਲਈ ਇੱਕ ਪ੍ਰਭਾਵਸ਼ਾਲੀ ਮੰਚ ਮਿਲਿਆ ਹੈ। ਕਮਿਸ਼ਨ ਦੇ ਅਹੁਦੇਦਾਰਾਂ ਨੇ ਵਪਾਰੀਆਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਵਪਾਰੀ ਵਰਗ ਦੇ ਮਸਲਿਆਂ ਦੇ ਹੱਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਨਿਪਟਾਇਆ ਜਾਵੇਗਾ।
ਹਿੰਦੂਸਥਾਨ ਸਮਾਚਾਰ / GURSHARAN SINGH