
ਅੰਮ੍ਰਿਤਸਰ, 28 ਜੂਨ (ਹਿੰ.ਸ.)। ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ਨਸ਼ਾ ਮੁਕਤੀ ਮੋਰਚਾ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਹਾਲ ਵਿਖੇ ‘ਪਿੰਡਾਂ ਦਾ ਹਾਲ ਮੁੱਖ ਮੰਤਰੀ ਦੇ ਨਾਲ’ ਪ੍ਰੋਗਰਾਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਨਸ਼ਾ ਮੁਕਤੀ ਮੋਰਚਾ ਦੇ ਮਾਝਾ ਵਿੰਗ ਦੇ ਵਲੰਟੀਅਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।
ਇਸ ਮੌਕੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ., ਹਲਕਾ ਅਟਾਰੀ ਦੇ ਵਿਧਾਇਕ ਜਸਵਿੰਦਰ ਸਿੰਘ ਰਮਦਾਸ, ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਸੰਧੂ, ਸੋਨੀਆ ਮਾਨ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਪੱਲਵੀ ਮਿਸ਼ਰਾ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੁਰਿੰਦਰ ਸਿੰਘ, ਐੱਸ.ਡੀ.ਐੱਮ. ਅੰਮ੍ਰਿਤਸਰ-1 ਅਲਕਾ ਕਾਲੀਆ, ਨਸ਼ਾ ਮੁਕਤੀ ਮੋਰਚਾ ਦੇ ਮਾਝਾ ਜੋਨ ਦੇ ਇੰਚਾਰਜ ਦੀਕਸ਼ਤ ਧਵਨ, ਏ.ਡੀ.ਸੀ.ਪੀ. ਜੇ.ਐੱਸ. ਸੰਧੂ, ਐੱਸ.ਪੀ. ਗੁਰਜੀਤ ਪਾਲ ਸਿੰਘ ਤੋਂ ਇਲਾਵਾ ਹੋਰ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀ ਵੀ ਹਾਜ਼ਰ ਸਨ।
ਮੀਟਿੰਗ ਦੌਰਾਨ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਲੋਕ ਭਾਗੀਦਾਰੀ ਨਾਲ ਅੱਗੇ ਵਧਾਉਣ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਨਸ਼ਿਆਂ ਦੇ ਖਾਤਮੇ ਲਈ ਪਿੰਡ ਪੱਧਰ 'ਤੇ ਜਾਗਰੂਕਤਾ ਵਧਾਉਣ ਅਤੇ ਸਮਾਜ ਦੇ ਹਰ ਵਰਗ ਨੂੰ ਇਸ ਮੁਹਿੰਮ ਨਾਲ ਜੋੜਨ 'ਤੇ ਜ਼ੋਰ ਦਿੱਤਾ ਗਿਆ।
ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਨਸ਼ਾ ਮੁਕਤੀ ਮੋਰਚਾ ਦੇ ਸਾਰੇ ਵਲੰਟੀਅਰ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਪੂਰੀ ਸਮਰਪਣ ਭਾਵਨਾ ਨਾਲ ਕੰਮ ਕਰਨ। ਉਹਨਾ ਕਿਹਾ ਕਿ ਨਸ਼ਾ ਮੁਕਤੀ ਮੋਰਚਾ ਦੇ ਵਲੰਟੀਅਰ ਉਹ ਯੋਧੇ ਹਨ ਜੋ ਸੂਬੇ ਨੂੰ ਨਸ਼ਾ ਮੁਕਤ ਕਰਨ ਦੀ ਵੱਡੀ ਲੜਾਈ ਲੜ ਰਹੇ ਹਨ। ਉਨ੍ਹਾਂ ਵਲੰਟੀਅਰਾਂ ਨੂੰ ਅਪੀਲ ਕੀਤੀ ਕਿ ਨਸ਼ਾ ਤਸਕਰਾਂ ਅਤੇ ਨਸ਼ਿਆਂ ਨਾਲ ਸਬੰਧਤ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀ ਬਾਰੇ ਪ੍ਰਾਪਤ ਜਾਣਕਾਰੀ ਨੂੰ ਤੁਰੰਤ ਪੁਲਿਸ ਵਿਭਾਗ ਨਾਲ ਸਾਂਝਾ ਕੀਤਾ ਜਾਵੇ ਤਾਂ ਜੋ ਨਸ਼ਾ ਤਸਕਰਾਂ ਵਿਰੁੱਧ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਖਾਤਮੇ ਲਈ ਪੂਰੀ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ ਅਤੇ ਇਸ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਲੋਕਾਂ ਦਾ ਸਹਿਯੋਗ ਅਤੇ ਸਮਾਜਿਕ ਭਾਗੀਦਾਰੀ ਬਹੁਤ ਜ਼ਰੂਰੀ ਹੈ ਅਤੇ ਹਰ ਨਾਗਰਿਕ ਨੂੰ ਇਸ ਲੋਕ ਹਿੱਤ ਮੁਹਿੰਮ ਦਾ ਹਿੱਸਾ ਬਣਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਸਿਰਫ਼ ਸਰਕਾਰ ਦੀ ਨਹੀਂ, ਸਗੋਂ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ।
ਇਸ ਮੌਕੇ ਨਸ਼ਾ ਮੁਕਤੀ ਮੋਰਚਾ ਦੇ ਮਾਝਾ ਜੋਨ ਇੰਚਾਰਜ ਦੀਕਸ਼ਿਤ ਧਵਨ ਨੇ ਕਿਹਾ ਕਿ ਨਸ਼ਾ ਮੁਕਤੀ ਮੋਰਚਾ ਦੇ ਸਮੂਹ ਵਲੰਟੀਅਰ ਪਿੰਡ-ਪਿੰਡ ਅਤੇ ਸ਼ਹਿਰਾਂ ਦੇ ਹਰ ਵਾਰਡ ਵਿੱਚ ਜਾ ਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੱਧ ਕਰ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਵਲੰਟੀਅਰਾਂ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਲੋਕ ਲਹਿਰ ਬਣਾਇਆ ਜਾ ਰਿਹਾ ਹੈ। ਇਸ ਮੌਕੇ ਹੋਰ ਬੁਲਾਰਿਆਂ ਨੇ ਵੀ ਆਪਣੇ ਕੀਮਤੀ ਵਿਚਾਰ ਸਾਂਝੇ ਕੀਤੇ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ