
ਅੰਮ੍ਰਿਤਸਰ, 29 ਜੂਨ (ਹਿੰ.ਸ.)| ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਇਲਾਕੇ ਵਿੱਚ ਇੱਕ ਸਨੂਕਰ ਸੈਂਟਰ ਵਿੱਚ ਨੌਜਵਾਨ 'ਤੇ ਹੋਏ ਜਾਨਲੇਵਾ ਹਮਲੇ ਦੇ ਮਾਮਲੇ ਵਿੱਚ ਪੁਲਿਸ ਨੇ ਕਾਰਵਾਈ ਕਰਦਿਆਂ 24 ਘੰਟਿਆਂ ਦੇ ਅੰਦਰ ਦੋ ਮੁੱਖ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਘਟਨਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਤੁਰੰਤ ਜਾਂਚ ਸ਼ੁਰੂ ਕਰ ਦਿੱਤੀ ਸੀ।ਏਡੀਸੀਪੀ ਸਿਰੀਵੈਨਿਲਾ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਰਣਜੀਤ ਐਵੀਨਿਊ ਦੀ ਪੁਲਿਸ ਵੱਲੋਂ ਵਿਸ਼ੇਸ਼ ਟੀਮਾਂ ਗਠਿਤ ਕਰਕੇ ਜਾਂਚ ਸ਼ੁਰੂ ਕੀਤੀ ਗਈ। ਜਾਂਚ ਦੌਰਾਨ ਪੁਲਿਸ ਨੇ ਸਾਹਿਲ ਅਤੇ ਰਿਤਿਕ ਨਾਮਕ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ, ਜੋ ਅੰਮ੍ਰਿਤਸਰ ਦੇ ਹੀ ਰਹਿਣ ਵਾਲੇ ਹਨ। ਪੁਲਿਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਪੀੜਤ ਪ੍ਰਯਾਸ ਸ਼ਰਮਾ ਅਤੇ ਮੁਲਜ਼ਮਾਂ ਵਿਚਾਲੇ ਕਰੀਬ ਦੋ ਮਹੀਨੇ ਪਹਿਲਾਂ ਸ਼ਕਤੀ ਨਗਰ ਸਥਿਤ ਇੱਕ ਸਨੂਕਰ ਸੈਂਟਰ ਵਿੱਚ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋਈ ਸੀ। ਇਸੇ ਪੁਰਾਣੀ ਰੰਜਿਸ਼ ਕਾਰਨ ਇਹ ਹਮਲਾ ਕੀਤਾ ਗਿਆ।ਏਡੀਸੀਪੀ ਨੇ ਸਪੱਸ਼ਟ ਕੀਤਾ ਕਿ ਸੋਸ਼ਲ ਮੀਡੀਆ 'ਤੇ ਵਾਇਰਲ ਵੀਡੀਓ ਵਿੱਚ ਦਿਖਾਈ ਦੇਣ ਵਾਲਾ ਹਥਿਆਰ ਅਸਲੀ ਨਹੀਂ ਸੀ, ਸਗੋਂ ਇੱਕ ਟੌਏ ਪਿਸਤੌਲ ਸੀ। ਹਾਲਾਂਕਿ ਪੁਲਿਸ ਵੱਲੋਂ ਮਾਮਲੇ ਦੀ ਹਰ ਪੱਖ ਤੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।ਹਮਲੇ ਦੌਰਾਨ ਪ੍ਰਯਾਸ ਸ਼ਰਮਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਸੀ। ਜਾਣਕਾਰੀ ਅਨੁਸਾਰ ਉਸ ਦੀ ਇੱਕ ਉਂਗਲੀ ਵੀ ਕੱਟੀ ਗਈ। ਘਟਨਾ ਤੋਂ ਬਾਅਦ ਉਸ ਨੂੰ ਤੁਰੰਤ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦਾ ਇਲਾਜ ਜਾਰੀ ਹੈ। ਦੂਜੇ ਪਾਸੇ, ਪੀੜਤ ਪਰਿਵਾਰ ਵੱਲੋਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਅਤੇ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ। ਏਡੀਸੀਪੀ ਸ੍ਰੀ ਵਨੀਲਾ ਨੇ ਕਿਹਾ ਕਿ ਅੰਮ੍ਰਿਤਸਰ ਪੁਲਿਸ ਹਰ ਗੰਭੀਰ ਅਪਰਾਧ ਨੂੰ ਜਲਦੀ ਟਰੇਸ ਕਰਨ ਲਈ ਵਚਨਬੱਧ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਘਟਨਾ ਸਬੰਧੀ ਅਫਵਾਹਾਂ ਤੋਂ ਬਚਿਆ ਜਾਵੇ ਅਤੇ ਅਪਰਾਧ-ਮੁਕਤ ਸਮਾਜ ਦੀ ਸਿਰਜਣਾ ਲਈ ਪੁਲਿਸ ਦਾ ਸਹਿਯੋਗ ਕੀਤਾ ਜਾਵੇ।
ਹਿੰਦੂਸਥਾਨ ਸਮਾਚਾਰ / GURSHARAN SINGH