
ਮੋਹਾਲੀ, 29 ਜੂਨ (ਹਿੰ.ਸ.)| ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀਪੀਸੀਸੀ) ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ਸਬੰਧੀ ਫਰਜ਼ੀ ਪੱਤਰ ਸੋਸ਼ਲ ਮੀਡੀਆ 'ਤੇ ਵਾਇਰਲ ਕਰਨ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਦੇ ਸਟੇਟ ਸਾਈਬਰ ਕ੍ਰਾਈਮ ਥਾਣੇ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।
ਇਹ ਕਾਰਵਾਈ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਪੰਜਾਬ ਦੇ ਡੀਜੀਪੀ ਨੂੰ ਦਿੱਤੀ ਗਈ ਸ਼ਿਕਾਇਤ ਦੇ ਆਧਾਰ 'ਤੇ ਕੀਤੀ ਗਈ ਹੈ। ਸ਼ਿਕਾਇਤ ਵਿੱਚ ਰੰਧਾਵਾ ਨੇ ਦੱਸਿਆ ਕਿ ਸੋਸ਼ਲ ਮੀਡੀਆ ਅਤੇ ਵੱਖ-ਵੱਖ ਵਟਸਐਪ ਗਰੁੱਪਾਂ ਵਿੱਚ ਆਲ ਇੰਡੀਆ ਕਾਂਗਰਸ ਕਮੇਟੀ (ਏਆਈਸੀਸੀ) ਦੇ ਨਾਂ 'ਤੇ ਇੱਕ ਫਰਜ਼ੀ ਅਤੇ ਮਨਘੜਤ ਪੱਤਰ ਪ੍ਰਸਾਰਿਤ ਕੀਤਾ ਜਾ ਰਿਹਾ ਹੈ। ਇਸ ਪੱਤਰ ਵਿੱਚ ਉਨ੍ਹਾਂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਕਰਨ ਦਾ ਦਾਅਵਾ ਕੀਤਾ ਗਿਆ ਹੈ।
ਸੰਸਦ ਮੈਂਬਰ ਨੇ ਸਪੱਸ਼ਟ ਕੀਤਾ ਕਿ ਇਹ ਪੱਤਰ ਪੂਰੀ ਤਰ੍ਹਾਂ ਫਰਜ਼ੀ, ਗੈਰ-ਅਧਿਕਾਰਤ ਅਤੇ ਗਲਤ ਮਨਸੂਬੇ ਨਾਲ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਦਾ ਮਕਸਦ ਲੋਕਾਂ ਅਤੇ ਕਾਂਗਰਸ ਵਰਕਰਾਂ ਨੂੰ ਗੁੰਮਰਾਹ ਕਰਨਾ ਅਤੇ ਸਿਆਸੀ ਭੰਬਲਭੂਸਾ ਪੈਦਾ ਕਰਨਾ ਹੈ। ਰੰਧਾਵਾ ਨੇ ਇਹ ਵੀ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਉਨ੍ਹਾਂ ਦੇ ਦੇਹਾਂਤ ਦੀ ਝੂਠੀ ਖ਼ਬਰ ਸੋਸ਼ਲ ਮੀਡੀਆ 'ਤੇ ਫੈਲਾਉਣ ਦੇ ਮਾਮਲੇ ਵਿੱਚ ਉਨ੍ਹਾਂ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ। ਉਨ੍ਹਾਂ ਖਦਸ਼ਾ ਜਤਾਇਆ ਕਿ ਦੋਵੇਂ ਘਟਨਾਵਾਂ ਪਿੱਛੇ ਇੱਕੋ ਗਿਰੋਹ ਦੀ ਭੂਮਿਕਾ ਹੋ ਸਕਦੀ ਹੈ ਅਤੇ ਮਾਮਲਿਆਂ ਦੀ ਜਾਂਚ ਆਪਸ ਵਿੱਚ ਜੋੜ ਕੇ ਕਰਨ ਦੀ ਮੰਗ ਕੀਤੀ ਹੈ।
ਸ਼ਿਕਾਇਤ ਵਿੱਚ ਉਨ੍ਹਾਂ ਕਿਹਾ ਕਿ ਕਿਸੇ ਰਾਸ਼ਟਰੀ ਰਾਜਨੀਤਿਕ ਪਾਰਟੀ ਦੇ ਨਾਂ 'ਤੇ ਫਰਜ਼ੀ ਦਸਤਾਵੇਜ਼ ਤਿਆਰ ਕਰਕੇ ਸੋਸ਼ਲ ਮੀਡੀਆ 'ਤੇ ਫੈਲਾਉਣਾ ਨਾ ਸਿਰਫ਼ ਉਨ੍ਹਾਂ ਦੀ ਨਿੱਜੀ ਛਵੀ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਹੈ, ਸਗੋਂ ਇਸ ਨਾਲ ਲੋਕਤੰਤਰਿਕ ਸੰਸਥਾਵਾਂ ਅਤੇ ਲੋਕਾਂ ਦੇ ਭਰੋਸੇ 'ਤੇ ਵੀ ਅਸਰ ਪੈ ਸਕਦਾ ਹੈ।
ਸਟੇਟ ਸਾਈਬਰ ਕ੍ਰਾਈਮ ਮੋਹਾਲੀ ਨੇ ਜਾਂਚ ਤੋਂ ਬਾਅਦ ਅਣਪਛਾਤਿਆਂ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ 2023 ਦੀਆਂ ਧਾਰਾਵਾਂ 336(2), 340(2) ਅਤੇ 356(1) ਤਹਿਤ ਕੇਸ ਦਰਜ ਕਰ ਲਿਆ ਹੈ। ਪੁਲਿਸ ਮੁਤਾਬਕ ਮਾਮਲੇ ਦੀ ਸਾਈਬਰ ਅਤੇ ਤਕਨੀਕੀ ਜਾਂਚ ਕੀਤੀ ਜਾ ਰਹੀ ਹੈ। ਫਰਜ਼ੀ ਪੱਤਰ ਤਿਆਰ ਕਰਨ ਵਾਲੇ, ਇਸ ਨੂੰ ਫੈਲਾਉਣ ਵਾਲੇ ਅਤੇ ਵਾਇਰਲ ਕਰਨ ਵਿੱਚ ਸ਼ਾਮਲ ਵਿਅਕਤੀਆਂ ਦੀ ਪਛਾਣ ਲਈ ਯਤਨ ਜਾਰੀ ਹਨ। ਜਾਂਚ ਦੌਰਾਨ ਲੋੜ ਪੈਣ 'ਤੇ ਹੋਰ ਧਾਰਾਵਾਂ ਵੀ ਜੋੜੀਆਂ ਜਾ ਸਕਦੀਆਂ ਹਨ।
ਹਿੰਦੂਸਥਾਨ ਸਮਾਚਾਰ / GURSHARAN SINGH