ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ
ਮੀਰਾਂ ਚੱਕ ਤੇ ਮੱਖਣਵਿੰਡੀ ਵਿੱਚ ਲੋਕ ਮਿਲਣੀ ਪ੍ਰੋਗਰਾਮ, ਅਧਿਕਾਰੀਆਂ ਨੂੰ ਮੌਕੇ ''ਤੇ ਹੀ ਨਿਰਦੇਸ਼ ਅੰਮ੍ਰਿਤਸਰ, 29 ਜੂਨ (ਹਿੰ.ਸ.)| ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਆਪਣੇ ਵਿਧਾਨ ਸਭਾ ਹਲਕੇ ਦੇ ਪਿੰਡ ਮੀਰਾਂ ਚੱਕ ਅਤੇ ਮੱਖਣਵਿੰਡੀ ਵਿਖੇ ਲੋਕ ਮਿਲਣੀ ਪ੍ਰੋਗਰਾਮ ਕਰ
ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ.


ਮੀਰਾਂ ਚੱਕ ਤੇ ਮੱਖਣਵਿੰਡੀ ਵਿੱਚ ਲੋਕ ਮਿਲਣੀ ਪ੍ਰੋਗਰਾਮ, ਅਧਿਕਾਰੀਆਂ ਨੂੰ ਮੌਕੇ 'ਤੇ ਹੀ ਨਿਰਦੇਸ਼

ਅੰਮ੍ਰਿਤਸਰ, 29 ਜੂਨ (ਹਿੰ.ਸ.)| ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਆਪਣੇ ਵਿਧਾਨ ਸਭਾ ਹਲਕੇ ਦੇ ਪਿੰਡ ਮੀਰਾਂ ਚੱਕ ਅਤੇ ਮੱਖਣਵਿੰਡੀ ਵਿਖੇ ਲੋਕ ਮਿਲਣੀ ਪ੍ਰੋਗਰਾਮ ਕਰਵਾਏ। ਇਸ ਦੌਰਾਨ ਉਨ੍ਹਾਂ ਨੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੌਕੇ 'ਤੇ ਹੀ ਨਿਪਟਾਰੇ ਲਈ ਲੋੜੀਂਦੇ ਨਿਰਦੇਸ਼ ਦਿੱਤੇ।ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਸਰਕਾਰੀ ਸੇਵਾਵਾਂ ਉਪਲਬਧ ਕਰਵਾਉਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲੋਕ ਮਿਲਣੀ ਪ੍ਰੋਗਰਾਮਾਂ ਦਾ ਮੁੱਖ ਉਦੇਸ਼ ਲੋਕਾਂ ਨਾਲ ਸਿੱਧਾ ਸੰਵਾਦ ਸਥਾਪਤ ਕਰਨਾ ਅਤੇ ਸਰਕਾਰੀ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣਾ ਹੈ।ਉਨ੍ਹਾਂ ਸਪੱਸ਼ਟ ਕੀਤਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਲੋਕ ਭਲਾਈ ਨਾਲ ਸਬੰਧਤ ਹਰ ਕੰਮ ਨੂੰ ਪਹਿਲ ਦੇ ਆਧਾਰ 'ਤੇ ਮੁਕੰਮਲ ਕੀਤਾ ਜਾ ਰਿਹਾ ਹੈ। ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਵੱਖ-ਵੱਖ ਹਲਕਿਆਂ ਵਿੱਚ ਕੁੱਲ 25 ਓਪਨ ਜਿਮ ਸਾਈਟਾਂ ਲੋਕਾਂ ਨੂੰ ਸਮਰਪਿਤ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਹਰ ਜਿਮ ਸਾਈਟ 'ਤੇ ਕਰੀਬ 5 ਲੱਖ ਰੁਪਏ ਦੀ ਲਾਗਤ ਆਈ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਭਰ ਵਿੱਚ 3,500 ਨਵੀਆਂ ਜਿਮ ਸਾਈਟਾਂ ਅਤੇ 3,100 ਖੇਡ ਮੈਦਾਨ ਵਿਕਸਤ ਕਰ ਰਹੀ ਹੈ, ਤਾਂ ਜੋ ਨੌਜਵਾਨਾਂ ਨੂੰ ਖੇਡਾਂ ਅਤੇ ਸਿਹਤਮੰਦ ਜੀਵਨ ਸ਼ੈਲੀ ਨਾਲ ਜੋੜਿਆ ਜਾ ਸਕੇ। ਕੈਬਨਿਟ ਮੰਤਰੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੁਲਤਾਨਵਿੰਡ ਚੌਂਕ ਵਿਖੇ ਬਣੇ ਨਵੇਂ ਫਲਾਈਓਵਰ ਨੂੰ ਲੋਕਾਂ ਨੂੰ ਸਮਰਪਿਤ ਕਰਨਾ ਅੰਮ੍ਰਿਤਸਰ ਦੇ ਵਿਕਾਸ ਲਈ ਇੱਕ ਮਹੱਤਵਪੂਰਨ ਕਦਮ ਹੈ।ਉਨ੍ਹਾਂ ਕਿਹਾ ਕਿ ਇਸ ਫਲਾਈਓਵਰ ਦੇ ਚਾਲੂ ਹੋਣ ਨਾਲ ਅੰਮ੍ਰਿਤਸਰ ਤੋਂ ਤਰਨ ਤਾਰਨ ਅਤੇ ਗੁਰਦੁਆਰਾ ਸ੍ਰੀ ਸ਼ਹੀਦਾਂ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਅਤੇ ਰਾਹਗੀਰਾਂ ਨੂੰ ਟਰੈਫਿਕ ਜਾਮ ਤੋਂ ਰਾਹਤ ਮਿਲੇਗੀ ਅਤੇ ਸਫ਼ਰ ਹੋਰ ਸੁਖਾਲਾ ਅਤੇ ਸੁਰੱਖਿਅਤ ਬਣੇਗਾ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਅਤੇ ਸੂਬੇ ਦੇ ਹਰ ਖੇਤਰ ਵਿੱਚ ਵਿਕਾਸ ਨੂੰ ਨਵੀਂ ਗਤੀ ਦੇਣ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਪੰਚ-ਸਰਪੰਚ, ਪਤਵੰਤੇ ਵਿਅਕਤੀ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਮੌਜੂਦ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande