
ਖੰਨਾ, 29 ਜੂਨ (ਹਿੰ.ਸ.)। ਪੰਜਾਬ ਭਰ ਦੇ ਸਰਕਾਰੀ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ ਕੰਪਿਊਟਰ ਅਧਿਆਪਕਾਂ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਿਰੁੱਧ ਮੋਰਚਾਬੰਦੀ ਸ਼ੁਰੂ ਕਰ ਦਿੱਤੀ ਹੈ। ਸਰਕਾਰ ਦੀਆਂ ਨੀਤੀਆਂ ਅਤੇ ਵਾਅਦਾਖਿਲਾਫ਼ੀ ਤੋਂ ਨਾਰਾਜ਼ ਕੰਪਿਊਟਰ ਫੈਕਲਟੀ ਐਸੋਸੀਏਸ਼ਨ ਪੰਜਾਬ ਨੇ ਵੱਡਾ ਫੈਸਲਾ ਲੈਂਦਿਆਂ ਐਲਾਨ ਕੀਤਾ ਹੈ ਕਿ 1 ਜੁਲਾਈ ਨੂੰ ਸੂਬੇ ਭਰ ਵਿੱਚ 'ਆਪ' ਵੱਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਵੇਲੇ ਜਾਰੀ ਕੀਤੇ ਗਏ ਚੋਣ ਮਨੋਰਥ ਪੱਤਰ (ਮੈਨੀਫੈਸਟੋ) ਦੀਆਂ ਕਾਪੀਆਂ ਫੂਕੀਆਂ ਜਾਣਗੀਆਂ। ਅਧਿਆਪਕ ਜਥੇਬੰਦੀ ਨੇ ਸਰਕਾਰ 'ਤੇ ਵਾਅਦਿਆਂ ਤੋਂ ਮੁਕਰਨ ਅਤੇ ਅਧਿਆਪਕ ਵਰਗ ਨੂੰ ਅਣਗੌਲਿਆ ਕਰਨ ਦੇ ਗੰਭੀਰ ਦੋਸ਼ ਲਗਾਏ ਹਨ।
ਇਸ ਤਿੱਖੇ ਸੰਘਰਸ਼ ਦੀ ਰਣਨੀਤੀ ਉਲੀਕਣ ਲਈ ਐਸੋਸੀਏਸ਼ਨ ਦੀ ਇੱਕ ਅਹਿਮ ਆਨਲਾਈਨ ਮੀਟਿੰਗ ਪ੍ਰਦੀਪ ਕੁਮਾਰ ਮਲੂਕਾ ਦੀ ਅਗਵਾਈ ਵਿੱਚ ਹੋਈ। ਇਸ ਮੀਟਿੰਗ ਵਿੱਚ ਲਖਵਿੰਦਰ ਸਿੰਘ ਫ਼ਿਰੋਜ਼ਪੁਰ, ਜਸਪਾਲ ਫ਼ਤਹਿਗੜ੍ਹ ਸਾਹਿਬ, ਦਵਿੰਦਰ ਪਾਠਕ, ਪਰਮਵੀਰ ਸਿੰਘ ਪੰਮੀ, ਹਰਚਰਨ ਸਿੰਘ ਅਤੇ ਜਤਿੰਦਰ ਸਿੰਘ ਸੋਢੀ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ।
ਮੀਟਿੰਗ ਦੇ ਫੈਸਲਿਆਂ ਬਾਰੇ ਪੱਤਰਕਾਰਾਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਪ੍ਰਦੀਪ ਕੁਮਾਰ ਮਲੂਕਾ ਨੇ ਦੱਸਿਆ ਕਿ 1 ਜੁਲਾਈ 2011 ਨੂੰ ਤਤਕਾਲੀਨ ਸਰਕਾਰ ਵੱਲੋਂ ਕੰਪਿਊਟਰ ਅਧਿਆਪਕਾਂ ਦੀਆਂ ਸੇਵਾਵਾਂ ਨੂੰ ਪਿਕਟਸ ਸੁਸਾਇਟੀ ਅਧੀਨ ਰੈਗੂਲਰ ਕੀਤਾ ਗਿਆ ਸੀ। ਪਰ 15 ਸਾਲ ਬੀਤ ਜਾਣ ਦੇ ਬਾਵਜੂਦ ਵੀ ਕਿਸੇ ਸਰਕਾਰ ਨੇ ਉਨ੍ਹਾਂ ਦੇ ਬਣਦੇ ਹੱਕ ਅਤੇ ਲਾਭ ਬਹਾਲ ਨਹੀਂ ਕੀਤੇ। ਉਨ੍ਹਾਂ ਦੋਸ਼ ਲਗਾਇਆ ਕਿ 2022 ਦੀਆਂ ਚੋਣਾਂ ਵੇਲੇ ਮੌਜੂਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਅਰਵਿੰਦ ਕੇਜਰੀਵਾਲ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਅਨਮੋਲ ਗਗਨ ਮਾਨ ਵੱਲੋਂ ਸਾਰੇ ਲਾਭ ਦੇਣ ਦਾ ਭਰੋਸਾ ਦਿੱਤਾ ਗਿਆ ਸੀ, ਪਰ ਇਹ ਸਿਰਫ਼ 'ਚੋਣ ਜੁਮਲਾ' ਬਣ ਕੇ ਰਹਿ ਗਿਆ। ਇੱਥੋਂ ਤੱਕ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਜਨਤਕ ਤੌਰ 'ਤੇ ਕੀਤੇ ਗਏ ਐਲਾਨ ਵੀ ਹਕੀਕਤ ਵਿੱਚ ਬਦਲ ਨਹੀਂ ਸਕੇ।
ਐਸੋਸੀਏਸ਼ਨ ਦੇ ਆਗੂਆਂ ਮੁਤਾਬਕ ਮੌਜੂਦਾ ਸਰਕਾਰ ਨੇ ਪੁਰਾਣੇ ਲਾਭ ਦੇਣ ਦੀ ਬਜਾਏ ਮਿਲਦੀਆਂ ਸਹੂਲਤਾਂ 'ਤੇ ਵੀ ਰੋਕ ਲਗਾ ਦਿੱਤੀ ਹੈ। ਅਧਿਆਪਕਾਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਸਮਾਂ ਰਹਿੰਦੇ ਉਨ੍ਹਾਂ ਦੀਆਂ ਮੰਗਾਂ, ਜਿਨ੍ਹਾਂ ਵਿੱਚ 6ਵਾਂ ਪੇ-ਕਮਿਸ਼ਨ ਲਾਗੂ ਕਰਨਾ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ ਅਤੇ ਮ੍ਰਿਤਕ ਅਧਿਆਪਕਾਂ ਦੇ ਵਾਰਸਾਂ ਨੂੰ ਨੌਕਰੀ ਦੇਣਾ ਸ਼ਾਮਲ ਹੈ, ਪੂਰੀਆਂ ਨਾ ਕੀਤੀਆਂ ਗਈਆਂ ਤਾਂ ਉਹ ਸੰਗਰੂਰ ਵਿਖੇ ਪੱਕਾ ਮੋਰਚਾ ਲਗਾ ਕੇ ਭੁੱਖ ਹੜਤਾਲ ਸ਼ੁਰੂ ਕਰਨਗੇ। ਇਸ ਦੇ ਨਾਲ ਹੀ ਪਿੰਡਾਂ-ਸ਼ਹਿਰਾਂ ਵਿੱਚ ਘਰ-ਘਰ ਜਾ ਕੇ ਸਰਕਾਰ ਵਿਰੁੱਧ ਪ੍ਰਚਾਰ ਪਰਚੇ ਵੰਡੇ ਜਾਣਗੇ। 1 ਜੁਲਾਈ ਦੇ ਇਸ ਐਕਸ਼ਨ ਦੌਰਾਨ ਪੰਜਾਬ ਭਰ ਦੇ ਕੰਪਿਊਟਰ ਅਧਿਆਪਕ ਆਪਣੇ-ਆਪਣੇ ਸਕੂਲਾਂ ਵਿੱਚ ਸਟਾਫ਼ ਦੇ ਸਹਿਯੋਗ ਨਾਲ 'ਆਪ' ਦਾ ਚੋਣ ਮਨੋਰਥ ਪੱਤਰ ਫੂਕ ਕੇ ਰੋਸ ਪ੍ਰਦਰਸ਼ਨ ਕਰਨਗੇ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ