
ਅੰਮ੍ਰਿਤਸਰ, 29 ਜੂਨ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਮਕਸਦ ਨਾਲ ਨਸ਼ਾ ਮੁਕਤੀ ਮੋਰਚਾ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਹਾਲ ਵਿਖੇ ‘ਪਿੰਡਾਂ ਦਾ ਹਾਲ ਮੁੱਖ ਮੰਤਰੀ ਦੇ ਨਾਲ’ ਪ੍ਰੋਗਰਾਮ ਕਰਵਾਇਆ ਗਿਆ। ਸਮਾਗਮ ਵਿੱਚ ਮਾਝਾ ਖੇਤਰ ਦੇ ਵਲੰਟੀਅਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।ਸਮਾਗਮ ਵਿੱਚ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ੍ਰੀ ਹਰਭਜਨ ਸਿੰਘ ਈ.ਟੀ.ਓ., ਅਟਾਰੀ ਦੇ ਵਿਧਾਇਕ ਸ੍ਰੀ ਜਸਵਿੰਦਰ ਸਿੰਘ ਰਮਦਾਸ, ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਸੰਧੂ, ਸੋਨੀਆ ਮਾਨ ਅਤੇ ਵੱਖ-ਵੱਖ ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀਆਂ ਨੇ ਹਾਜ਼ਰੀ ਭਰੀ।ਮੀਟਿੰਗ ਦੌਰਾਨ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਣ ਅਤੇ ਲੋਕਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਪਿੰਡ ਪੱਧਰ 'ਤੇ ਜਾਗਰੂਕਤਾ ਵਧਾਉਣ ਅਤੇ ਸਮਾਜ ਦੇ ਹਰ ਵਰਗ ਨੂੰ ਇਸ ਮੁਹਿੰਮ ਨਾਲ ਜੋੜਨ 'ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ।ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਨਸ਼ਾ ਮੁਕਤੀ ਮੋਰਚਾ ਦੇ ਵਲੰਟੀਅਰ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਪੂਰੀ ਸਮਰਪਣ ਭਾਵਨਾ ਨਾਲ ਕੰਮ ਕਰਨ। ਉਨ੍ਹਾਂ ਕਿਹਾ ਕਿ ਇਹ ਵਲੰਟੀਅਰ ਅਜਿਹੇ ਯੋਧੇ ਹਨ ਜੋ ਪੰਜਾਬ ਨੂੰ ਨਸ਼ਿਆਂ ਦੀ ਸਮੱਸਿਆ ਤੋਂ ਮੁਕਤ ਕਰਨ ਲਈ ਅਹਿਮ ਭੂਮਿਕਾ ਨਿਭਾ ਰਹੇ ਹਨ।ਉਨ੍ਹਾਂ ਵਲੰਟੀਅਰਾਂ ਨੂੰ ਅਪੀਲ ਕੀਤੀ ਕਿ ਨਸ਼ਾ ਤਸਕਰਾਂ ਜਾਂ ਨਸ਼ਿਆਂ ਨਾਲ ਸਬੰਧਤ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀ ਬਾਰੇ ਜਾਣਕਾਰੀ ਤੁਰੰਤ ਪੁਲਿਸ ਨਾਲ ਸਾਂਝੀ ਕੀਤੀ ਜਾਵੇ ਤਾਂ ਜੋ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਸਕੇ।ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਖਾਤਮੇ ਲਈ ਪੂਰੀ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ ਅਤੇ ਇਸ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਲੋਕਾਂ ਦਾ ਸਹਿਯੋਗ ਅਤੇ ਸਮਾਜਿਕ ਭਾਗੀਦਾਰੀ ਬਹੁਤ ਜ਼ਰੂਰੀ ਹੈ।ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਇਹ ਲੜਾਈ ਸਿਰਫ਼ ਸਰਕਾਰ ਦੀ ਨਹੀਂ, ਸਗੋਂ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਹਰ ਨਾਗਰਿਕ ਨੂੰ ਇਸ ਲੋਕ ਭਲਾਈ ਮੁਹਿੰਮ ਨਾਲ ਜੁੜਨਾ ਚਾਹੀਦਾ ਹੈ।ਨਸ਼ਾ ਮੁਕਤੀ ਮੋਰਚਾ ਦੇ ਮਾਝਾ ਜੋਨ ਇੰਚਾਰਜ ਦੀਕਸ਼ਿਤ ਧਵਨ ਨੇ ਕਿਹਾ ਕਿ ਵਲੰਟੀਅਰ ਪਿੰਡਾਂ ਅਤੇ ਸ਼ਹਿਰਾਂ ਦੇ ਹਰ ਵਾਰਡ ਵਿੱਚ ਜਾ ਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH