
ਫਾਜ਼ਿਲਕਾ, 30 ਜੂਨ (ਹਿੰ.ਸ.)| ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਜਲਾਲਾਬਾਦ ਇਲਾਕੇ ਵਿੱਚ ਇੱਕ ਵਾਰ ਫਿਰ ਪਾਕਿਸਤਾਨੀ ਤਸਕਰਾਂ ਦੀ ਨਾਪਾਕ ਕੋਸ਼ਿਸ਼ ਨੂੰ ਸੁਰੱਖਿਆ ਬਲਾਂ ਨੇ ਨਾਕਾਮ ਕਰ ਦਿੱਤਾ। ਸਰਹੱਦ 'ਤੇ ਡਰੋਨ ਦੀ ਹਲਚਲ ਦੀ ਸੂਚਨਾ ਮਿਲਣ ਤੋਂ ਬਾਅਦ ਬੀਐੱਸਐੱਫ ਅਤੇ ਪੰਜਾਬ ਪੁਲਿਸ ਨੇ ਸਾਂਝਾ ਸਰਚ ਆਪ੍ਰੇਸ਼ਨ ਚਲਾ ਕੇ 1 ਕਿਲੋ 170 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਜਾਣਕਾਰੀ ਅਨੁਸਾਰ ਇਹ ਹੈਰੋਇਨ ਡਰੋਨ ਰਾਹੀਂ ਭਾਰਤੀ ਸਰਹੱਦ ਅੰਦਰ ਸੁੱਟੀ ਗਈ ਸੀ। ਬਰਾਮਦ ਕੀਤੇ ਗਏ ਪੈਕੇਟ 'ਤੇ ਰੇਡੀਅਮ ਟੇਪ ਲਗਾਈ ਗਈ ਸੀ ਤਾਂ ਜੋ ਰਾਤ ਦੇ ਹਨੇਰੇ ਵਿੱਚ ਸਥਾਨਕ ਤਸਕਰ ਇਸ ਨੂੰ ਆਸਾਨੀ ਨਾਲ ਲੱਭ ਸਕਣ।
ਜਲਾਲਾਬਾਦ ਸਦਰ ਥਾਣੇ ਦੇ ਐੱਸਐੱਚਓ ਜੁਗਰਾਜ ਸਿੰਘ ਨੇ ਦੱਸਿਆ ਕਿ ਪੁਲਿਸ ਟੀਮ ਕਾਨੂੰਨ-ਵਿਵਸਥਾ ਦੇ ਮੱਦੇਨਜ਼ਰ ਇਲਾਕੇ ਵਿੱਚ ਗਸ਼ਤ ਕਰ ਰਹੀ ਸੀ। ਇਸ ਦੌਰਾਨ ਬੀਐੱਸਐੱਫ ਦੇ ਅਧਿਕਾਰੀਆਂ ਨੇ ਸੂਚਨਾ ਦਿੱਤੀ ਕਿ ਭਾਰਤ-ਪਾਕਿਸਤਾਨ ਸਰਹੱਦ ਨੇੜੇ ਪਿੰਡ ਜੋਧਾ ਭੈਣੀ ਦੇ ਖੇਤਾਂ ਵਿੱਚ ਇੱਕ ਪਾਕਿਸਤਾਨੀ ਡਰੋਨ ਦੀ ਹਲਚਲ ਦੇਖੀ ਗਈ ਹੈ।
ਸੂਚਨਾ ਮਿਲਦੇ ਹੀ ਬੀਐੱਸਐੱਫ ਅਤੇ ਪੰਜਾਬ ਪੁਲਿਸ ਨੇ ਪੂਰੇ ਇਲਾਕੇ ਦੀ ਘੇਰਾਬੰਦੀ ਕਰਕੇ ਸਾਂਝਾ ਤਲਾਸ਼ੀ ਅਭਿਆਨ ਸ਼ੁਰੂ ਕੀਤਾ। ਕਰੀਬ ਢਾਈ ਘੰਟੇ ਤੱਕ ਚੱਲੇ ਸਰਚ ਆਪ੍ਰੇਸ਼ਨ ਦੌਰਾਨ ਸੁਰੱਖਿਆ ਬਲਾਂ ਨੂੰ ਖੇਤ ਵਿੱਚੋਂ ਇੱਕ ਲਾਵਾਰਿਸ ਪੈਕੇਟ ਮਿਲਿਆ। ਜਾਂਚ ਕਰਨ 'ਤੇ ਉਸ ਵਿੱਚੋਂ 1 ਕਿਲੋ 170 ਗ੍ਰਾਮ ਉੱਚ ਗੁਣਵੱਤਾ ਵਾਲੀ ਹੈਰੋਇਨ ਬਰਾਮਦ ਹੋਈ।
ਐੱਸਐੱਚਓ ਜੁਗਰਾਜ ਸਿੰਘ ਨੇ ਦੱਸਿਆ ਕਿ ਹੈਰੋਇਨ ਦੀ ਖੇਪ ਨੂੰ ਪੁਲਿਸ ਨੇ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਇਸ ਸਬੰਧੀ ਅਣਪਛਾਤੇ ਤਸਕਰਾਂ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਪੁਲਿਸ ਅਧਿਕਾਰੀਆਂ ਮੁਤਾਬਕ ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਸਰਹੱਦ ਪਾਰ ਬੈਠੇ ਪਾਕਿਸਤਾਨੀ ਤਸਕਰਾਂ ਦੇ ਇਸ਼ਾਰੇ 'ਤੇ ਪੰਜਾਬ ਜਾਂ ਭਾਰਤ ਦੇ ਕਿਸ ਸਥਾਨਕ ਤਸਕਰ ਨੇ ਇਸ ਨਸ਼ੇ ਦੀ ਖੇਪ ਨੂੰ ਪ੍ਰਾਪਤ ਕਰਨਾ ਸੀ। ਪੁਲਿਸ ਦਾ ਦਾਅਵਾ ਹੈ ਕਿ ਜਲਦੀ ਹੀ ਇਸ ਤਸਕਰੀ ਨੈੱਟਵਰਕ ਨਾਲ ਜੁੜੇ ਸਥਾਨਕ ਤੱਤਾਂ ਦਾ ਵੀ ਪਰਦਾਫਾਸ਼ ਕੀਤਾ ਜਾਵੇਗਾ।
ਹਿੰਦੂਸਥਾਨ ਸਮਾਚਾਰ / GURSHARAN SINGH