
ਮੋਗਾ, 30 ਜੂਨ (ਹਿੰ.ਸ.)| ਭਾਰਤੀ ਕਿਸਾਨ ਯੂਨੀਅਨ ਖੋਸਾ ਵੱਲੋਂ ਮੰਗਲਵਾਰ ਨੂੰ ਮੋਗਾ ਸਥਿਤ ਕੋਆਪਰੇਟਿਵ ਬੈਂਕ ਦੇ ਬਾਹਰ ਕਰਜ਼ਾ ਮੁਆਫ਼ੀ ਅਤੇ ਬੈਂਕਾਂ ਵੱਲੋਂ ਵਧਾਏ ਜਾ ਰਹੇ ਵਿਆਜ ਦੇ ਵਿਰੋਧ ਵਿੱਚ ਧਰਨਾ ਦਿੱਤਾ ਗਿਆ। ਇਸ ਦੌਰਾਨ ਕਿਸਾਨਾਂ ਨੇ ਪੰਜਾਬ ਸਰਕਾਰ ਅਤੇ ਸਹਿਕਾਰੀ ਬੈਂਕਾਂ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਮੰਗਾਂ ਜਲਦ ਪੂਰੀਆਂ ਕਰਨ ਦੀ ਮੰਗ ਕੀਤੀ।
ਭਾਰਤੀ ਕਿਸਾਨ ਯੂਨੀਅਨ ਦੇ ਆਗੂ ਸੁਖਜਿੰਦਰ ਸਿੰਘ ਖੋਸਾ ਅਤੇ ਗੁਰਦਰਸ਼ਨ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਸਮੇਂ-ਸਮੇਂ 'ਤੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੇ ਵਾਅਦੇ ਕਰਦੀ ਰਹੀ ਹੈ, ਪਰ ਕੋਆਪਰੇਟਿਵ ਅਤੇ ਸਹਿਕਾਰੀ ਬੈਂਕ ਕਰਜ਼ਾ ਮੁਆਫ਼ ਕਰਨ ਦੀ ਬਜਾਏ ਵਿਆਜ ਦਾ ਬੋਝ ਵਧਾ ਰਹੇ ਹਨ ਅਤੇ ਕਿਸਾਨਾਂ ਦੀਆਂ ਜ਼ਮੀਨਾਂ 'ਤੇ ਕਬਜ਼ਾ ਕਰਨ ਦੀ ਕਾਰਵਾਈ ਕਰ ਰਹੇ ਹਨ।
ਕਿਸਾਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜ਼ਮੀਨਾਂ 'ਤੇ ਕਬਜ਼ਾ ਕਰਨ ਵਰਗੀ ਕਾਰਵਾਈ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਅੱਜ ਪੰਜਾਬ ਭਰ ਵਿੱਚ ਕੋਆਪਰੇਟਿਵ ਬੈਂਕਾਂ ਦੇ ਮੁੱਖ ਦਫ਼ਤਰਾਂ ਦੇ ਬਾਹਰ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਕਿਸਾਨ ਆਪਣਾ ਕਰਜ਼ਾ ਅਦਾ ਕਰਨ ਲਈ ਤਿਆਰ ਹਨ, ਪਰ ਉਹ ਨਿਆਂਪੂਰਨ ਅਤੇ ਵਾਜਬ ਤਰੀਕੇ ਨਾਲ ਕਰਜ਼ੇ ਦਾ ਨਿਪਟਾਰਾ ਚਾਹੁੰਦੇ ਹਨ। ਕਿਸਾਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਕਿਸਾਨਾਂ ਨਾਲ ਬੇਇਨਸਾਫ਼ੀ ਜਾਰੀ ਰਹੀ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਸੂਬਾ ਪੱਧਰ 'ਤੇ ਵੱਡਾ ਅੰਦੋਲਨ ਸ਼ੁਰੂ ਕੀਤਾ ਜਾਵੇਗਾ।
ਹਿੰਦੂਸਥਾਨ ਸਮਾਚਾਰ / GURSHARAN SINGH