
ਸੰਗਰੂਰ, 30 ਜੂਨ (ਹਿੰ.ਸ.)| ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਇਤਿਹਾਸਕ ਅਤੇ ਸ਼ਰਧਾਪੂਰਵਕ ਢੰਗ ਨਾਲ ਮਨਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 50 ਮੋਬਾਈਲ ਡਾਕੂਮੈਂਟਰੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।
ਇਹ ਵੈਨਾਂ ਸੂਬੇ ਭਰ ਵਿੱਚ ਜਾ ਕੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਫਲਸਫੇ ਅਤੇ ਪਵਿੱਤਰ ਸਿੱਖਿਆਵਾਂ ਨਾਲ ਲੋਕਾਂ ਨੂੰ ਜੋੜਨ ਦਾ ਕੰਮ ਕਰਨਗੀਆਂ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਵਿਸ਼ੇਸ਼ ਮੁਹਿੰਮ ਗੁਰੂ ਜੀ ਦੇ ਬਰਾਬਰੀ, ਸਮਾਜਿਕ ਨਿਆਂ, ਭਗਤੀ ਅਤੇ ਮਨੁੱਖਤਾ ਦੀ ਸਾਂਝੀਵਾਲਤਾ ਦੇ ਸੰਦੇਸ਼ ਨੂੰ ਹਰ ਘਰ ਤੱਕ ਪਹੁੰਚਾਉਣ ਲਈ ਸ਼ੁਰੂ ਕੀਤੀ ਗਈ ਹੈ। ਐਲ.ਈ.ਡੀ. ਸਕਰੀਨਾਂ ਨਾਲ ਲੈਸ ਇਹ ਮੋਬਾਈਲ ਵੈਨਾਂ ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਦੇ ਕਰੀਬ 13,000 ਪਿੰਡਾਂ ਵਿੱਚ ਜਾ ਕੇ 30 ਮਿੰਟ ਦੀ ਦਸਤਾਵੇਜ਼ੀ ਫਿਲਮ ਦਿਖਾਉਣਗੀਆਂ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੇ ਆਪਣੀ ਸਾਰੀ ਜ਼ਿੰਦਗੀ ਸਮਾਜ ਵਿੱਚੋਂ ਜਾਤ-ਪਾਤ, ਭੇਦਭਾਵ ਅਤੇ ਅਸਮਾਨਤਾ ਨੂੰ ਖ਼ਤਮ ਕਰਨ ਲਈ ਸਮਰਪਿਤ ਕੀਤੀ। ਉਨ੍ਹਾਂ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਲਈ ਮਾਰਗਦਰਸ਼ਕ ਹਨ ਅਤੇ ਮਨੁੱਖੀ ਬਰਾਬਰੀ ਤੇ ਭਾਈਚਾਰੇ ਦਾ ਸੰਦੇਸ਼ ਦਿੰਦੀਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਦੇ ਸਮਾਗਮ ਕਰਵਾਏ ਜਾ ਰਹੇ ਹਨ, ਜਿਸ ਲਈ 100 ਕਰੋੜ ਰੁਪਏ ਦਾ ਬਜਟ ਰਾਖਵਾਂ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਗੁਰੂ ਜੀ ਦੀ ਵਿਚਾਰਧਾਰਾ ਅਤੇ ਸਿੱਖਿਆਵਾਂ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣਾ ਹੈ।
ਉਨ੍ਹਾਂ ਦੱਸਿਆ ਕਿ ਹਰ ਮੋਬਾਈਲ ਡਾਕੂਮੈਂਟਰੀ ਵੈਨ ’ਤੇ 12 ਫੁੱਟ × 8 ਫੁੱਟ ਦੀ ਵੱਡੀ ਐਲ.ਈ.ਡੀ. ਸਕਰੀਨ ਲਗਾਈ ਗਈ ਹੈ। ਇਹ ਦਸਤਾਵੇਜ਼ੀ ਫਿਲਮ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ ਅਤੇ ਉਨ੍ਹਾਂ ਦੇ ਮਨੁੱਖਤਾ ਪੱਖੀ ਸੰਦੇਸ਼ ਨੂੰ ਸੌਖੇ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਸਾਹਮਣੇ ਪੇਸ਼ ਕਰੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਮੁਹਿੰਮ ਦਾ ਖਾਸ ਧਿਆਨ ਨੌਜਵਾਨ ਪੀੜ੍ਹੀ ਨੂੰ ਗੁਰੂ ਜੀ ਦੀਆਂ ਸਿੱਖਿਆਵਾਂ ਨਾਲ ਜੋੜਨਾ ਹੈ, ਤਾਂ ਜੋ ਉਹ ਸਮਾਜ ਵਿੱਚ ਬਰਾਬਰੀ, ਸਦਭਾਵਨਾ ਅਤੇ ਆਪਸੀ ਸਤਿਕਾਰ ਦੇ ਮੁੱਲਾਂ ਨੂੰ ਅੱਗੇ ਵਧਾਉਣ। ਉਨ੍ਹਾਂ ਕਿਹਾ ਕਿ ਗੁਰੂ ਜੀ ਦਾ ਸੁਪਨਾ ਇੱਕ ਅਜਿਹੇ ਸਮਾਜ ਦਾ ਸੀ ਜਿੱਥੇ ਹਰ ਵਿਅਕਤੀ ਬਿਨਾਂ ਕਿਸੇ ਭੇਦਭਾਵ ਦੇ ਮਾਣ-ਸਤਿਕਾਰ ਨਾਲ ਜੀਵਨ ਬਤੀਤ ਕਰ ਸਕੇ।
ਇਸ ਮੌਕੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਅਤੇ ਤਰੁਨਪ੍ਰੀਤ ਸਿੰਘ ਸੌਂਦ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH