
ਫ਼ਰੀਦਕੋਟ, 30 ਜੂਨ (ਹਿੰ.ਸ.)| ਅੰਮ੍ਰਿਤਸਰ–ਬਠਿੰਡਾ ਨੈਸ਼ਨਲ ਹਾਈਵੇ 'ਤੇ ਕੋਟਕਪੂਰਾ ਨੇੜੇ ਮੰਗਲਵਾਰ ਸਵੇਰੇ ਇੱਕ ਅਣਪਛਾਤੇ ਵਾਹਨ ਦੀ ਟੱਕਰ ਨਾਲ ਟਰੈਕਟਰ-ਟਰਾਲੀ ਸਵਾਰ ਕਿਸਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪਿੰਡ ਸੰਧਵਾਂ ਦੇ ਵਸਨੀਕ 45 ਸਾਲਾ ਬਸੰਤ ਸਿੰਘ ਪੁੱਤਰ ਜਗਸੀਰ ਸਿੰਘ ਵਜੋਂ ਹੋਈ ਹੈ। ਸੂਚਨਾ ਮਿਲਣ 'ਤੇ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਹੈ। ਜਾਣਕਾਰੀ ਅਨੁਸਾਰ ਸਬਜ਼ੀਆਂ ਦੀ ਖੇਤੀ ਕਰਨ ਵਾਲਾ ਬਸੰਤ ਸਿੰਘ ਆਪਣੇ ਖੇਤਾਂ ਤੋਂ ਟਮਾਟਰਾਂ ਨਾਲ ਭਰੀ ਟਰੈਕਟਰ-ਟਰਾਲੀ ਲੈ ਕੇ ਸਵੇਰੇ ਕਰੀਬ 3:15 ਵਜੇ ਕੋਟਕਪੂਰਾ ਸਬਜ਼ੀ ਮੰਡੀ ਵੱਲ ਜਾ ਰਿਹਾ ਸੀ।
ਜਿਵੇਂ ਹੀ ਉਹ ਪਿੰਡ ਦੀ ਸੰਪਰਕ ਸੜਕ ਤੋਂ ਨਿਕਲ ਕੇ ਅੰਮ੍ਰਿਤਸਰ–ਬਠਿੰਡਾ ਨੈਸ਼ਨਲ ਹਾਈਵੇ 'ਤੇ ਚੜ੍ਹਿਆ ਤਾਂ ਪਿੱਛੋਂ ਆ ਰਹੇ ਇੱਕ ਅਣਪਛਾਤੇ ਵਾਹਨ ਨੇ ਉਸ ਦੀ ਟਰੈਕਟਰ-ਟਰਾਲੀ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਟਰੈਕਟਰ-ਟਰਾਲੀ ਪਲਟ ਗਈ ਅਤੇ ਬਸੰਤ ਸਿੰਘ ਦੇ ਸਿਰ ਵਿੱਚ ਗੰਭੀਰ ਸੱਟਾਂ ਲੱਗਣ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਇਸ ਸਬੰਧੀ ਪਿੰਡ ਦੇ ਸਾਬਕਾ ਸਰਪੰਚ ਜਸਵਿੰਦਰ ਸਿੰਘ ਨੇ ਦੱਸਿਆ ਕਿ ਹਾਦਸੇ ਦੀ ਸੂਚਨਾ ਮਿਲਦੇ ਹੀ ਪਿੰਡ ਵਾਸੀ ਮੌਕੇ 'ਤੇ ਪਹੁੰਚ ਗਏ ਸਨ। ਪੁਲਿਸ ਨੇ ਵੀ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਹਾਦਸੇ ਲਈ ਜ਼ਿੰਮੇਵਾਰ ਅਣਪਛਾਤੇ ਵਾਹਨ ਅਤੇ ਉਸ ਦੇ ਚਾਲਕ ਦੀ ਜਲਦ ਪਛਾਣ ਕਰਕੇ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਹਿੰਦੂਸਥਾਨ ਸਮਾਚਾਰ / GURSHARAN SINGH