
ਚੰਡੀਗੜ੍ਹ, 30 ਜੂਨ (ਹਿੰ.ਸ.)| ਪੰਜਾਬ ਵਿੱਚ ਬਿਜਲੀ ਸੰਕਟ ਨੂੰ ਲੈ ਕੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਮੰਗਲਵਾਰ ਨੂੰ ਸੂਬੇ ਭਰ ਵਿੱਚ ਵੱਡਾ ਪ੍ਰਦਰਸ਼ਨ ਕੀਤਾ ਗਿਆ। ਸੰਗਠਨ ਦੀ ਅਗਵਾਈ ਹੇਠ 17 ਜ਼ਿਲ੍ਹਿਆਂ ਦੀਆਂ 31 ਥਾਵਾਂ ’ਤੇ ਪਾਵਰਕਾਮ ਅਧਿਕਾਰੀਆਂ ਦੇ ਦਫ਼ਤਰਾਂ ਦੇ ਬਾਹਰ ਧਰਨੇ ਲਗਾ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਕਿਸਾਨ ਆਗੂਆਂ ਨੇ ਦੋਸ਼ ਲਗਾਇਆ ਕਿ ਸੂਬਾ ਸਰਕਾਰ ਨੇ ਚੋਣਾਂ ਦੌਰਾਨ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਦਾ ਵਾਅਦਾ ਕੀਤਾ ਸੀ, ਪਰ ਮੌਜੂਦਾ ਸਮੇਂ ਵਿੱਚ ਪੰਜਾਬ ਦੇ ਕਈ ਇਲਾਕਿਆਂ ਵਿੱਚ ਲੰਬੇ ਸਮੇਂ ਤੱਕ ਬਿਜਲੀ ਕੱਟ ਲੱਗ ਰਹੇ ਹਨ। ਉਨ੍ਹਾਂ ਕਿਹਾ ਕਿ ਬਿਜਲੀ ਦੀ ਘਾਟ ਕਾਰਨ ਕਿਸਾਨਾਂ ਅਤੇ ਆਮ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਕਿਸਾਨ ਆਗੂਆਂ ਨੇ ਕਿਹਾ ਕਿ ਦਿਨ ਅਤੇ ਰਾਤ ਦੋਵੇਂ ਸਮੇਂ ਬਿਜਲੀ ਦੀ ਕਮੀ ਕਾਰਨ ਖੇਤੀਬਾੜੀ ਪ੍ਰਭਾਵਿਤ ਹੋ ਰਹੀ ਹੈ। ਖਾਸ ਕਰਕੇ ਝੋਨੇ ਦੀ ਫਸਲ ਲਈ ਸਮੇਂ ਸਿਰ ਸਿੰਚਾਈ ਨਾ ਹੋਣ ਕਾਰਨ ਕਿਸਾਨਾਂ ਨੂੰ ਨੁਕਸਾਨ ਦਾ ਡਰ ਬਣਿਆ ਹੋਇਆ ਹੈ।
ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਮੰਗ ਕੀਤੀ ਕਿ ਖੇਤੀਬਾੜੀ ਲਈ ਵਰਤੀਆਂ ਜਾਣ ਵਾਲੀਆਂ ਬਿਜਲੀ ਮੋਟਰਾਂ ਨੂੰ ਹਰ ਰੋਜ਼ ਘੱਟੋ-ਘੱਟ 16 ਘੰਟੇ ਲਗਾਤਾਰ ਬਿਜਲੀ ਸਪਲਾਈ ਦਿੱਤੀ ਜਾਵੇ। ਇਸ ਦੇ ਨਾਲ ਹੀ ਘਰੇਲੂ ਖਪਤਕਾਰਾਂ ਨੂੰ 24 ਘੰਟੇ ਨਿਰਵਿਘਨ ਬਿਜਲੀ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਗਈ। ਕਿਸਾਨ ਮਜ਼ਦੂਰ ਮੋਰਚਾ ਨੇ ਸਮਾਰਟ ਮੀਟਰ ਲਗਾਉਣ ਦੇ ਫੈਸਲੇ ਦਾ ਵੀ ਵਿਰੋਧ ਕੀਤਾ। ਆਗੂਆਂ ਦਾ ਕਹਿਣਾ ਹੈ ਕਿ ਸਮਾਰਟ ਮੀਟਰ ਲਾਗੂ ਹੋਣ ਨਾਲ ਪਿੰਡਾਂ ਅਤੇ ਸ਼ਹਿਰਾਂ ਦੇ ਖਪਤਕਾਰਾਂ ’ਤੇ ਵਾਧੂ ਆਰਥਿਕ ਬੋਝ ਪੈ ਸਕਦਾ ਹੈ। ਉਨ੍ਹਾਂ ਮੰਗ ਕੀਤੀ ਕਿ ਪੁਰਾਣੇ ਬਿਜਲੀ ਮੀਟਰਾਂ ਦੀ ਪ੍ਰਣਾਲੀ ਜਾਰੀ ਰੱਖੀ ਜਾਵੇ।
ਕਿਸਾਨ ਆਗੂਆਂ ਨੇ ਦੋਸ਼ ਲਗਾਇਆ ਕਿ ਸਰਕਾਰ ਬਿਜਲੀ ਬੋਰਡ ਦੇ ਨਿੱਜੀਕਰਨ ਵੱਲ ਵਧ ਰਹੀ ਹੈ, ਜਿਸ ਦਾ ਕਿਸਾਨ ਅਤੇ ਮੁਲਾਜ਼ਮ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਵਰਕਾਮ ਵਿੱਚ ਵੱਡੀ ਗਿਣਤੀ ਵਿੱਚ ਕਰਮਚਾਰੀ ਰਿਟਾਇਰ ਹੋ ਚੁੱਕੇ ਹਨ, ਪਰ ਖਾਲੀ ਅਸਾਮੀਆਂ ’ਤੇ ਨਵੀਂ ਭਰਤੀ ਨਹੀਂ ਕੀਤੀ ਜਾ ਰਹੀ। ਕਿਸਾਨ ਮਜ਼ਦੂਰ ਮੋਰਚਾ ਨੇ ਸਰਕਾਰ ਤੋਂ ਮੰਗ ਕੀਤੀ ਕਿ ਪਾਵਰਕਾਮ ਵਿੱਚ ਖਾਲੀ ਅਹੁਦਿਆਂ ’ਤੇ ਜਲਦ ਭਰਤੀ ਕੀਤੀ ਜਾਵੇ, ਕਿਸਾਨਾਂ ਅਤੇ ਆਮ ਖਪਤਕਾਰਾਂ ਨੂੰ ਲੋੜੀਂਦੀ ਬਿਜਲੀ ਸਪਲਾਈ ਦਿੱਤੀ ਜਾਵੇ ਅਤੇ ਬਿਜਲੀ ਸੰਕਟ ਦਾ ਸਥਾਈ ਹੱਲ ਕੱਢਣ ਲਈ ਤੁਰੰਤ ਕਦਮ ਚੁੱਕੇ ਜਾਣ।
ਹਿੰਦੂਸਥਾਨ ਸਮਾਚਾਰ / GURSHARAN SINGH