
ਖੰਨਾ, 01 ਜੁਲਾਈ (ਹਿੰ.ਸ.)|
ਲੁਧਿਆਣਾ ਜ਼ਿਲ੍ਹੇ ਦੇ ਖੰਨਾ ਸ਼ਹਿਰ ਵਿੱਚ ਸਥਿਤ ਗ੍ਰੀਨਲੈਂਡ ਹੋਟਲ ਦੇ ਇੱਕ ਕਮਰੇ ਵਿੱਚ ਨੌਜਵਾਨ ਅਤੇ ਲੜਥੀ ਦੀਆਂ ਗੋਲੀਆਂ ਲੱਗੀਆਂ ਲਾਸ਼ਾਂ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਘਟਨਾ ਸਥਾਨ ਤੋਂ ਇੱਕ ਪਿਸਤੌਲ ਵੀ ਬਰਾਮਦ ਹੋਈ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਮੁੱਢਲੀ ਜਾਣਕਾਰੀ ਅਨੁਸਾਰ ਦੋਵੇਂ ਅੱਜ ਤੜਕੇ ਹੋਟਲ ਵਿੱਚ ਆਏ ਸਨ ਅਤੇ ਇੱਕ ਕਮਰਾ ਕਿਰਾਏ 'ਤੇ ਲਿਆ ਸੀ। ਕਾਫ਼ੀ ਸਮੇਂ ਤੱਕ ਕਮਰੇ ਵਿੱਚੋਂ ਕੋਈ ਹਰਕਤ ਨਾ ਹੋਣ 'ਤੇ ਹੋਟਲ ਕਰਮਚਾਰੀਆਂ ਨੇ ਦਰਵਾਜ਼ਾ ਖੋਲ੍ਹਣ ਦੀ ਕੋਸ਼ਿਸ਼ ਕੀਤੀ। ਜਦੋਂ ਦਰਵਾਜ਼ਾ ਨਾ ਖੁੱਲਿਆ ਤਾਂ ਉਸ ਨੂੰ ਤੋੜਿਆ ਗਿਆ, ਜਿਸ ਤੋਂ ਬਾਅਦ ਕਮਰੇ ਅੰਦਰ ਦੋਵਾਂ ਦੀਆਂ ਖੂਨ ਨਾਲ ਲੱਥਪੱਥ ਲਾਸ਼ਾਂ ਮਿਲੀਆਂ।
ਪੁਲਿਸ ਦੀ ਮੁੱਢਲੀ ਜਾਂਚ ਵਿੱਚ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਨੌਜਵਾਨ ਨੇ ਪਹਿਲਾਂ ਲੜਕੀ ਨੂੰ ਗੋਲੀ ਮਾਰੀ ਅਤੇ ਬਾਅਦ ਵਿੱਚ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਹਾਲਾਂਕਿ ਪੁਲਿਸ ਨੇ ਇਸ ਸੰਭਾਵਨਾ ਦੀ ਅਜੇ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਹੈ ਅਤੇ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ।
ਪੁਲਿਸ ਮੁਤਾਬਕ ਦੋਵਾਂ ਮ੍ਰਿਤਕਾਂ ਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ। ਜਾਂਚ ਦੌਰਾਨ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਹੋਟਲ ਪ੍ਰਬੰਧਕਾਂ ਨੇ ਕਥਿਤ ਤੌਰ 'ਤੇ ਦੋਵਾਂ ਤੋਂ ਕੋਈ ਪਛਾਣ ਪੱਤਰ ਲਏ ਬਿਨਾਂ ਹੀ ਕਮਰਾ ਦੇ ਦਿੱਤਾ ਸੀ, ਜਿਸ ਨੂੰ ਗੰਭੀਰ ਲਾਪਰਵਾਹੀ ਮੰਨਿਆ ਜਾ ਰਿਹਾ ਹੈ।
ਸੂਚਨਾ ਮਿਲਣ 'ਤੇ ਪੁਲਿਸ ਅਤੇ ਫੋਰੈਂਸਿਕ ਟੀਮ ਮੌਕੇ 'ਤੇ ਪਹੁੰਚ ਗਈ। ਪਿਸਤੌਲ ਨੂੰ ਕਬਜ਼ੇ ਵਿੱਚ ਲੈ ਕੇ ਸਬੂਤ ਇਕੱਠੇ ਕੀਤੇ ਜਾ ਰਹੇ ਹਨ। ਦੋਵਾਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲਿਸ ਹੋਟਲ ਦੇ ਸੀਸੀਟੀਵੀ ਫੁਟੇਜ ਅਤੇ ਹੋਰ ਸਬੂਤਾਂ ਦੀ ਜਾਂਚ ਕਰ ਰਹੀ ਹੈ।
ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਘਟਨਾ ਦੇ ਅਸਲ ਕਾਰਨਾਂ ਦਾ ਖੁਲਾਸਾ ਹੋ ਸਕੇਗਾ। ਫਿਲਹਾਲ ਮਾਮਲੇ ਨੂੰ ਹਰ ਪੱਖ ਤੋਂ ਗੰਭੀਰਤਾ ਨਾਲ ਜਾਂਚਿਆ ਜਾ ਰਿਹਾ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH