
ਹੁਸ਼ਿਆਰਪੁਰ, 01 ਜੁਲਾਈ (ਹਿੰ.ਸ.)। ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਪਿੰਡ ਫਤਹਿਗੜ੍ਹ ਨਿਆੜਾ ਵਿਖੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਹੱਲ ਕਰਨ ਅਤੇ ਸਰਕਾਰੀ ਭਲਾਈ ਯੋਜਨਾਵਾਂ ਦਾ ਲਾਭ ਹਰ ਯੋਗ ਪਰਿਵਾਰ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਵਿਸ਼ੇਸ਼ ਲੋਕ ਮਿਲਣੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਮੰਤਰੀ ਡਾ. ਰਵਜੋਤ ਸਿੰਘ ਨੇ ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੀ ਵੰਡੀਆਂ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਹਰ ਲੋੜਵੰਦ ਪਰਿਵਾਰ ਨੂੰ ਸਮੇਂ ਸਿਰ ਲੋੜੀਂਦੀ ਸਹਾਇਤਾ ਮਿਲੇ।
ਮੰਤਰੀ ਡਾ. ਰਵਜੋਤ ਸਿੰਘ ਨੇ ਇਸ ਸਮੇਂ ਕਿਹਾ ਕਿ ਅੱਜ 1 ਜੁਲਾਈ ਤੋਂ ਨੂੰ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਦੇ ਤਹਿਤ ਹਲਕਾ ਸ਼ਾਮਚੁਰਾਸੀ ਦੀਆਂ ਹਜਾਰਾਂ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਯੋਜਨਾ ਦੀ ਰਾਸ਼ੀ ਆ ਜਾਵੇਗੀ ਅਤੇ ਜਿਨ੍ਹਾਂ ਦੀ ਰਜਿਸਟ੍ਰੇਸ਼ਨ ਦੇਰੀ ਨਾਲ ਹੋਈ ਹੈ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਵੀ ਆਉਣ ਵਾਲੇ ਦਿਨਾਂ ਦੌਰਾਨ ਯੋਜਨਾ ਦੀ ਰਾਸ਼ੀ ਆ ਜਾਵੇਗੀ।
ਮੰਤਰੀ ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਕਟਵਾਉਣ ਦੀ ਬਜਾਏ ਸਰਕਾਰ ਨੂੰ ਲੋਕਾਂ ਦੇ ਦਰਵਾਜ਼ੇ ਤੱਕ ਲੈ ਕੇ ਜਾਣਾ ਹੈ ਅਤੇ ਲੋਕ ਮਿਲਣੀ ਪ੍ਰੋਗਰਾਮ ਇਸੇ ਸੋਚ ਦਾ ਹਿੱਸਾ ਹੈ, ਜਿਸ ਤਹਿਤ ਲੋਕ ਆਪਣੀਆਂ ਸਮੱਸਿਆਵਾਂ ਸਿੱਧੇ ਤੌਰ ’ਤੇ ਸਰਕਾਰ ਦੇ ਨੁਮਾਇੰਦਿਆਂ ਸਾਹਮਣੇ ਰੱਖ ਸਕਦੇ ਹਨ ਅਤੇ ਉਨ੍ਹਾਂ ਦਾ ਤੁਰੰਤ ਹੱਲ ਯਕੀਨੀ ਬਣਾਇਆ ਜਾ ਸਕਦਾ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿੱਖਿਆ, ਸਿਹਤ, ਰੋਜ਼ਗਾਰ, ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਸਮਾਜਿਕ ਸੁਰੱਖਿਆ ਦੇ ਖੇਤਰ ਵਿੱਚ ਇਤਿਹਾਸਕ ਫ਼ੈਸਲੇ ਲੈ ਰਹੀ ਹੈ। ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਯੋਜਨਾਵਾਂ ਦਾ ਲਾਭ ਬਿਨਾਂ ਕਿਸੇ ਭੇਦਭਾਵ ਦੇ ਹਰ ਯੋਗ ਨਾਗਰਿਕ ਤੱਕ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦਾ ਵਿਸ਼ਵਾਸ ਹੀ ਸਰਕਾਰ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਇਸ ਵਿਸ਼ਵਾਸ ਨੂੰ ਹੋਰ ਮਜ਼ਬੂਤ ਕਰਨ ਲਈ ਅਜਿਹੇ ਲੋਕ ਸੰਪਰਕ ਪ੍ਰੋਗਰਾਮ ਨਿਰੰਤਰ ਜਾਰੀ ਰਹਿਣਗੇ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ