
ਅੰਮ੍ਰਿਤਸਰ, 01 ਜੁਲਾਈ (ਹਿੰ.ਸ.)| ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਫਤੇਹਪੁਰ ਵਿੱਚ ਜੇਲ੍ਹ ਪ੍ਰਸ਼ਾਸਨ ਵੱਲੋਂ ਕੀਤੀ ਗਈ ਤਲਾਸ਼ੀ ਦੌਰਾਨ ਇੱਕ ਜੇਲ੍ਹ ਵਾਰਡਰ ਕੋਲੋਂ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਅਤੇ ਇੱਕ ਮੋਬਾਈਲ ਫੋਨ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਤੋਂ ਬਾਅਦ ਥਾਣਾ ਇਸਲਾਮਾਬਾਦ ਪੁਲਿਸ ਨੇ ਐਨਡੀਪੀਐਸ ਐਕਟ ਅਤੇ ਪ੍ਰਿਜ਼ਨ ਐਕਟ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।ਪੁਲਿਸ ਅਨੁਸਾਰ ਡਿਊਟੀ ਦੌਰਾਨ ਜੇਲ੍ਹ ਵਾਰਡਰ ਰੋਬਿਨਪ੍ਰੀਤ ਸਿੰਘ ਦੀ ਤਲਾਸ਼ੀ ਲਈ ਗਈ। ਇਸ ਦੌਰਾਨ ਉਸ ਦੇ ਕਬਜ਼ੇ ਵਿੱਚੋਂ 79.40 ਗ੍ਰਾਮ ਅਫ਼ੀਮ, 41.18 ਗ੍ਰਾਮ ਕਾਲੇ ਰੰਗ ਦਾ ਨਸ਼ੀਲਾ ਪਦਾਰਥ, 93.32 ਗ੍ਰਾਮ ਚਿੱਟਾ ਨਸ਼ੀਲਾ ਪਾਊਡਰ, 215 ਗ੍ਰਾਮ ਤੰਬਾਕੂ, 205 ਨਸ਼ੀਲੇ ਪੇਪਰ ਅਤੇ ਐਪਲ ਕੰਪਨੀ ਦਾ ਟੱਚ ਸਕਰੀਨ ਮੋਬਾਈਲ ਫੋਨ ਬਰਾਮਦ ਕੀਤਾ ਗਿਆ।ਮੁੱਢਲੀ ਪੁੱਛਗਿੱਛ ਦੌਰਾਨ ਜੇਲ੍ਹ ਵਿੱਚ ਬੰਦ ਹਵਾਲਾਤੀ ਰਾਹੁਲ ਕੁਮਾਰ ਦਾ ਨਾਮ ਵੀ ਸਾਹਮਣੇ ਆਇਆ ਹੈ। ਪੁਲਿਸ ਨੂੰ ਸ਼ੱਕ ਹੈ ਕਿ ਜੇਲ੍ਹ ਅੰਦਰ ਨਸ਼ੀਲੇ ਪਦਾਰਥ ਅਤੇ ਹੋਰ ਪਾਬੰਦੀਸ਼ੁਦਾ ਸਮਾਨ ਪਹੁੰਚਾਉਣ ਲਈ ਇੱਕ ਸੰਗਠਿਤ ਗਿਰੋਹ ਸਰਗਰਮ ਸੀ।ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਨਸ਼ੀਲਾ ਸਮਾਨ ਜੇਲ੍ਹ ਦੇ ਅੰਦਰ ਕਿਸ ਮਕਸਦ ਨਾਲ ਲਿਆਂਦਾ ਜਾ ਰਿਹਾ ਸੀ ਅਤੇ ਇਸ ਰੈਕੇਟ ਵਿੱਚ ਹੋਰ ਕਿਹੜੇ ਲੋਕ ਸ਼ਾਮਲ ਹਨ।ਥਾਣਾ ਇਸਲਾਮਾਬਾਦ ਪੁਲਿਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਅਤੇ ਪ੍ਰਿਜ਼ਨ ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਖੁਲਾਸੇ ਅਤੇ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।ਕੇਂਦਰੀ ਜੇਲ੍ਹ ਅੰਦਰੋਂ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਨੇ ਜੇਲ੍ਹ ਦੀ ਸੁਰੱਖਿਆ ਪ੍ਰਣਾਲੀ 'ਤੇ ਵੀ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ, ਜਿਸ ਕਾਰਨ ਇਸ ਮਾਮਲੇ ਨੂੰ ਬੇਹੱਦ ਸੰਵੇਦਨਸ਼ੀਲ ਮੰਨਿਆ ਜਾ ਰਿਹਾ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH