ਪੰਜਾਬ ਵਿੱਚ ਜੀਐੱਸਟੀ ਉਗਰਾਹੀ ਨੇ ਫੜੀ ਰਫ਼ਤਾਰ, ਪਹਿਲੀ ਤਿਮਾਹੀ ਵਿੱਚ 24.45 ਫ਼ੀਸਦੀ ਵਾਧਾ: ਮੰਤਰੀ ਹਰਪਾਲ ਚੀਮਾ
ਚੰਡੀਗੜ੍ਹ, 01 ਜੁਲਾਈ (ਹਿੰ.ਸ.)| ਪੰਜਾਬ ਸਰਕਾਰ ਨੇ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਦੌਰਾਨ ਜੀਐੱਸਟੀ (ਵਸਤੂ ਅਤੇ ਸੇਵਾ ਕਰ) ਉਗਰਾਹੀ ਵਿੱਚ 24.45 ਫ਼ੀਸਦੀ ਦਾ ਵਾਧਾ ਦਰਜ ਕੀਤਾ ਹੈ। ਇਸ ਦੇ ਨਾਲ ਹੀ ਕਾਰੋਬਾਰਾਂ ਨੂੰ ਹੁਲਾਰਾ ਦੇਣ ਅਤੇ ਬਾਜ਼ਾਰ ਵਿੱਚ ਨਕਦੀ ਦੇ ਪ੍ਰਵਾਹ ਨੂੰ ਮਜ਼ਬੂਤ ਬਣਾਉਣ ਲਈ 1
ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ।


ਚੰਡੀਗੜ੍ਹ, 01 ਜੁਲਾਈ (ਹਿੰ.ਸ.)|

ਪੰਜਾਬ ਸਰਕਾਰ ਨੇ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਦੌਰਾਨ ਜੀਐੱਸਟੀ (ਵਸਤੂ ਅਤੇ ਸੇਵਾ ਕਰ) ਉਗਰਾਹੀ ਵਿੱਚ 24.45 ਫ਼ੀਸਦੀ ਦਾ ਵਾਧਾ ਦਰਜ ਕੀਤਾ ਹੈ। ਇਸ ਦੇ ਨਾਲ ਹੀ ਕਾਰੋਬਾਰਾਂ ਨੂੰ ਹੁਲਾਰਾ ਦੇਣ ਅਤੇ ਬਾਜ਼ਾਰ ਵਿੱਚ ਨਕਦੀ ਦੇ ਪ੍ਰਵਾਹ ਨੂੰ ਮਜ਼ਬੂਤ ਬਣਾਉਣ ਲਈ 1,270 ਕਰੋੜ ਰੁਪਏ ਦੇ ਜੀਐੱਸਟੀ ਰਿਫੰਡ ਵੀ ਜਾਰੀ ਕੀਤੇ ਗਏ ਹਨ। ਇਹ ਜਾਣਕਾਰੀ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਇੱਕ ਪ੍ਰੈਸ ਬਿਆਨ ਰਾਹੀਂ ਦਿੱਤੀ।

ਵਿੱਤ ਮੰਤਰੀ ਨੇ ਦੱਸਿਆ ਕਿ ਅਪ੍ਰੈਲ ਤੋਂ ਜੂਨ 2026 ਤੱਕ ਸੂਬੇ ਦੀ ਕੁੱਲ ਜੀਐੱਸਟੀ ਉਗਰਾਹੀ 7,833.45 ਕਰੋੜ ਰੁਪਏ ਰਹੀ, ਜੋ ਪਿਛਲੇ ਵਿੱਤੀ ਸਾਲ ਦੀ ਇਸੇ ਮਿਆਦ ਦੇ 6,294.57 ਕਰੋੜ ਰੁਪਏ ਦੇ ਮੁਕਾਬਲੇ 1,538.88 ਕਰੋੜ ਰੁਪਏ ਵੱਧ ਹੈ। ਉਨ੍ਹਾਂ ਕਿਹਾ ਕਿ ਇਹ ਵਾਧਾ ਸੂਬੇ ਵਿੱਚ ਵਧ ਰਹੀਆਂ ਆਰਥਿਕ ਗਤੀਵਿਧੀਆਂ, ਕਰਦਾਤਾਵਾਂ ਦੀ ਬਿਹਤਰ ਪਾਲਣਾ ਅਤੇ ਆਬਕਾਰੀ ਤੇ ਕਰ ਵਿਭਾਗ ਦੇ ਪ੍ਰਸ਼ਾਸਨਿਕ ਸੁਧਾਰਾਂ ਦਾ ਨਤੀਜਾ ਹੈ।

ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਨੇ ਐਸਜੀਐੱਸਟੀ ਨਕਦ ਉਗਰਾਹੀ ਵਿੱਚ 9 ਫ਼ੀਸਦੀ ਦੀ ਵਿਕਾਸ ਦਰ ਹਾਸਲ ਕੀਤੀ ਹੈ, ਜੋ ਕਿ ਰਾਸ਼ਟਰੀ ਔਸਤ 3 ਫ਼ੀਸਦੀ ਨਾਲੋਂ ਤਿੰਨ ਗੁਣਾ ਵੱਧ ਹੈ। ਉਨ੍ਹਾਂ ਕਿਹਾ ਕਿ ਜੀਐੱਸਟੀ ਦੇ ਨਾਲ-ਨਾਲ ਵੈਟ ਅਤੇ ਸੀਐੱਸਟੀ ਦੀ ਉਗਰਾਹੀ ਵਿੱਚ ਵੀ 242 ਕਰੋੜ ਰੁਪਏ ਤੋਂ ਵੱਧ ਦਾ ਵਾਧਾ ਦਰਜ ਕੀਤਾ ਗਿਆ ਹੈ, ਜਿਸ ਨਾਲ ਸੂਬੇ ਦੀ ਵਿੱਤੀ ਸਥਿਤੀ ਹੋਰ ਮਜ਼ਬੂਤ ਹੋਈ ਹੈ।

ਕਰ ਚੋਰੀ ਖ਼ਿਲਾਫ਼ ਸਰਕਾਰ ਦੀ ਜ਼ੀਰੋ ਟਾਲਰੈਂਸ ਨੀਤੀ ਦਾ ਜ਼ਿਕਰ ਕਰਦਿਆਂ ਵਿੱਤ ਮੰਤਰੀ ਨੇ ਦੱਸਿਆ ਕਿ ਪਹਿਲੀ ਤਿਮਾਹੀ ਦੌਰਾਨ ਵਿਭਾਗ ਨੇ 633 ਕਰੋੜ ਰੁਪਏ ਦੇ ਜੁਰਮਾਨੇ ਲਗਾ ਕੇ ਵਸੂਲੇ ਹਨ। ਇਹ ਪਿਛਲੇ ਸਾਲ ਦੀ ਇਸੇ ਮਿਆਦ ਦੌਰਾਨ ਵਸੂਲੇ ਗਏ 207 ਕਰੋੜ ਰੁਪਏ ਦੇ ਮੁਕਾਬਲੇ 207 ਫ਼ੀਸਦੀ ਦਾ ਰਿਕਾਰਡ ਵਾਧਾ ਹੈ।

ਉਨ੍ਹਾਂ ਦੱਸਿਆ ਕਿ ਇਕੱਲੇ ਜੂਨ ਮਹੀਨੇ ਦੌਰਾਨ 225 ਕਰੋੜ ਰੁਪਏ ਦੇ ਜੁਰਮਾਨੇ ਲਗਾਏ ਗਏ ਅਤੇ ਫਰਜ਼ੀ ਬਿਲਿੰਗ ਅਤੇ ਜਾਅਲੀ ਰਜਿਸਟ੍ਰੇਸ਼ਨਾਂ ਨਾਲ ਜੁੜੇ ਮਾਮਲਿਆਂ ਵਿੱਚ 20 ਐੱਫਆਈਆਰ ਦਰਜ ਕੀਤੀਆਂ ਗਈਆਂ। ਇਸ ਤੋਂ ਇਲਾਵਾ ਵੈਟ ਅਧੀਨ ਲੰਬੇ ਸਮੇਂ ਤੋਂ ਬਕਾਇਆ ਰਕਮ ਦੀ ਵਸੂਲੀ ਲਈ ਜਾਇਦਾਦਾਂ ਦੀ ਨਿਲਾਮੀ ਕਰਕੇ ਕਰੀਬ 14 ਕਰੋੜ ਰੁਪਏ ਦੀ ਰਿਕਵਰੀ ਕੀਤੀ ਗਈ ਹੈ।

ਕਾਰੋਬਾਰੀਆਂ ਨੂੰ ਰਾਹਤ ਦੇਣ ਲਈ ਸਰਕਾਰ ਵੱਲੋਂ ਪਹਿਲੀ ਤਿਮਾਹੀ ਦੌਰਾਨ 1,270 ਕਰੋੜ ਰੁਪਏ ਦੇ ਜੀਐੱਸਟੀ ਰਿਫੰਡ ਜਾਰੀ ਕੀਤੇ ਗਏ, ਜਿਨ੍ਹਾਂ ਵਿੱਚੋਂ 713.70 ਕਰੋੜ ਰੁਪਏ ਸਟੇਟ ਜੀਐੱਸਟੀ ਹਿੱਸੇ ਨਾਲ ਸਬੰਧਤ ਹਨ। ਚੀਮਾ ਨੇ ਕਿਹਾ ਕਿ ਸਰਕਾਰ ਇੱਕ ਪਾਸੇ ਕਰ ਚੋਰੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰ ਰਹੀ ਹੈ, ਜਦਕਿ ਦੂਜੇ ਪਾਸੇ ਇਮਾਨਦਾਰ ਕਰਦਾਤਾਵਾਂ ਨੂੰ ਸਮੇਂ ਸਿਰ ਰਿਫੰਡ, ਸਰਲ ਪ੍ਰਕਿਰਿਆਵਾਂ ਅਤੇ ਪਾਰਦਰਸ਼ੀ ਪ੍ਰਸ਼ਾਸਨ ਰਾਹੀਂ ਹਰ ਸੰਭਵ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸੰਤੁਲਿਤ ਨੀਤੀ ਆਉਣ ਵਾਲੇ ਸਮੇਂ ਵਿੱਚ ਵੀ ਜਾਰੀ ਰਹੇਗੀ ਅਤੇ ਪੰਜਾਬ ਦੀ ਆਰਥਿਕਤਾ ਨੂੰ ਹੋਰ ਮਜ਼ਬੂਤ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਏਗੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande