ਭਗਵੰਤ ਮਾਨ ਸਰਕਾਰ ਨੇ ਮਾਵਾਂ-ਧੀਆਂ ਦਾ ਕੀਤਾ ਸਤਿਕਾਰ : ਵਿਧਾਇਕ ਕੋਹਲੀ
ਪਟਿਆਲਾ, 01 ਜੁਲਾਈ (ਹਿੰ.ਸ.)। ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਹੈ ਕਿ ਮਾਨ ਸਰਕਾਰ ਨੇ ਸੂਬੇ ਦੀਆਂ ਮਾਵਾਂ-ਧੀਆਂ ਦਾ ਅਸਲ ਸਤਿਕਾਰ ਕੀਤਾ ਹ
ਸਮਾਰੋਹ ਦੌਰਾਨ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ਮਹਿਲਾਵਾਂ


ਪਟਿਆਲਾ, 01 ਜੁਲਾਈ (ਹਿੰ.ਸ.)। ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਹੈ ਕਿ ਮਾਨ ਸਰਕਾਰ ਨੇ ਸੂਬੇ ਦੀਆਂ ਮਾਵਾਂ-ਧੀਆਂ ਦਾ ਅਸਲ ਸਤਿਕਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਔਰਤਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਸਰਕਾਰ ਨੇ ਪੂਰੀ ਤਨਦੇਹੀ ਨਾਲ ਨਿਭਾਇਆ ਹੈ ਅਤੇ ਸੂਬੇ ਦੀਆਂ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਮਾਸਿਕ ਵਿੱਤੀ ਸਹਾਇਤਾ ਰਾਸ਼ੀ ਪਾਉਣ ਦੀ ਇਤਿਹਾਸਕ ਗਾਰੰਟੀ ਨੂੰ ਸਫਲਤਾਪੂਰਵਕ ਪੂਰਾ ਕਰਕੇ ਵਿਖਾਇਆ ਹੈ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੋਹਲੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇਸ਼ ਦੀ ਇੱਕੋ-ਇੱਕ ਅਜਿਹੀ ਸਿਆਸੀ ਪਾਰਟੀ ਹੈ, ਜੋ ਵੀ ਕਹਿੰਦੀ ਹੈ, ਉਹ ਕਰਕੇ ਦਿਖਾਉਂਦੀ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਹਮੇਸ਼ਾ ਔਰਤਾਂ ਨੂੰ ਸਿਰਫ਼ ਵੋਟ ਬੈਂਕ ਵਜੋਂ ਵਰਤਿਆ ਅਤੇ ਚੋਣਾਂ ਤੋਂ ਬਾਅਦ ਉਨ੍ਹਾਂ ਦੀਆਂ ਲੋੜਾਂ ਨੂੰ ਵਿਸਾਰ ਦਿੱਤਾ। ਇਸ ਦੇ ਉਲਟ, ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਸੱਤਾ ਸੰਭਾਲਦਿਆਂ ਹੀ ਔਰਤਾਂ ਦੇ ਸਸ਼ਕਤੀਕਰਨ ਅਤੇ ਉਨ੍ਹਾਂ ਨੂੰ ਆਰਥਿਕ ਤੌਰ ’ਤੇ ਆਤਮ-ਨਿਰਭਰ ਬਣਾਉਣ ਲਈ ਠੋਸ ਕਦਮ ਚੁੱਕੇ ਹਨ।

ਵਿਧਾਇਕ ਕੋਹਲੀ ਨੇ ਦੱਸਿਆ ਕਿ ਸਰਕਾਰ ਦੇ ਇਸ ਫੈਸਲੇ ਨਾਲ ਸੂਬੇ ਦੀਆਂ ਔਰਤਾਂ ਵਿੱਚ ਭਾਰੀ ਉਤਸ਼ਾਹ ਅਤੇ ਖੁਸ਼ੀ ਦੀ ਲਹਿਰ ਹੈ। ਇਸ ਵਿੱਤੀ ਸਹਾਇਤਾ ਨਾਲ ਹੁਣ ਮਾਵਾਂ-ਧੀਆਂ ਨੂੰ ਆਪਣੀਆਂ ਛੋਟੀਆਂ-ਮੋਟੀਆਂ ਲੋੜਾਂ ਲਈ ਕਿਸੇ ਹੋਰ ’ਤੇ ਨਿਰਭਰ ਨਹੀਂ ਹੋਣਾ ਪਵੇਗਾ। ਉਨ੍ਹਾਂ ਆਖਿਆ ਕਿ ਵਿਰੋਧੀ ਪਾਰਟੀਆਂ ਜੋ ਕਦੇ ਇਸ ਗਾਰੰਟੀ ਨੂੰ ਅਸੰਭਵ ਦੱਸਦੀਆਂ ਸਨ, ਅੱਜ ਮਾਨ ਸਰਕਾਰ ਦੀ ਕਾਰਗੁਜ਼ਾਰੀ ਦੇਖ ਕੇ ਲਾਜਵਾਬ ਹੋ ਚੁੱਕੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਇਸੇ ਤਰ੍ਹਾਂ ਇਤਿਹਾਸਕ ਫੈਸਲੇ ਲੈਂਦੀ ਰਹੇਗੀ।

ਅਜੀਤਪਾਲ ਸਿੰਘ ਕੋਹਲੀ ਨੇ ਜ਼ੋਰ ਦੇ ਕੇ ਕਿਹਾ ਕਿ ਮਾਨ ਸਰਕਾਰ ਨਾ ਸਿਰਫ਼ ਔਰਤਾਂ, ਸਗੋਂ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਉਨ੍ਹਾਂ ਸਰਕਾਰ ਦੀਆਂ ਪ੍ਰਮੁੱਖ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਦੇ ਲਗਭਗ 90 ਫੀਸਦੀ ਘਰਾਂ ਦਾ ਬਿਜਲੀ ਬਿੱਲ ਹੁਣ ਜ਼ੀਰੋ ਆ ਰਿਹਾ ਹੈ, ਜਿਸ ਦਾ ਸਭ ਤੋਂ ਵੱਡਾ ਫਾਇਦਾ ਘਰ ਦੀਆਂ ਮਹਿਲਾਵਾਂ ਨੂੰ ਹੋਇਆ ਹੈ, ਕਿਉਂਕਿ ਉਨ੍ਹਾਂ ਦੇ ਘਰੇਲੂ ਬਜਟ ਦਾ ਬੋਝ ਘਟਿਆ ਹੈ। ਹਜ਼ਾਰਾਂ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਜਾਂ ਸਿਫਾਰਸ਼ ਦੇ, ਨਿਰੋਲ ਮੈਰਿਟ ਦੇ ਆਧਾਰ ’ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ, ਜਿਨ੍ਹਾਂ ਵਿੱਚ ਲੜਕੀਆਂ ਦੀ ਵੱਡੀ ਗਿਣਤੀ ਸ਼ਾਮਲ ਹੈ।

‘ਆਮ ਆਦਮੀ ਕਲੀਨਿਕ’ ਅਤੇ ‘ਸਕੂਲ ਆਫ਼ ਐਮੀਨੈਂਸ’ ਵਰਗੇ ਉਪਰਾਲਿਆਂ ਨੇ ਆਮ ਪਰਿਵਾਰਾਂ ਦੇ ਬੱਚਿਆਂ ਲਈ ਮਿਆਰੀ ਸਿੱਖਿਆ ਅਤੇ ਮੁਫ਼ਤ ਇਲਾਜ ਯਕੀਨੀ ਬਣਾਇਆ ਹੈ। ਵਿਧਾਇਕ ਕੋਹਲੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇਸ਼ ਦੀ ਇੱਕੋ-ਇੱਕ ਅਜਿਹੀ ਸਰਕਾਰ ਹੈ, ਜਿਸ ਨੇ ਰਵਾਇਤੀ ਸਿਆਸਤ ਤੋਂ ਉੱਪਰ ਉੱਠ ਕੇ ਆਮ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਕੰਮ ਕੀਤਾ ਹੈ। ਮਾਵਾਂ-ਧੀਆਂ ਦੇ ਖਾਤਿਆਂ ਵਿੱਚ ਰਾਸ਼ੀ ਪਾਉਣ ਦੀ ਗਾਰੰਟੀ ਪੂਰੀ ਕਰਨਾ ਇਸ ਗੱਲ ਦਾ ਪ੍ਰਮਾਣ ਹੈ ਕਿ ਸਾਡੀ ਨੀਅਤ ਸਾਫ਼ ਹੈ।

ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਮਾਵਾਂ-ਧੀਆਂ ਦੇ ਖਾਤਿਆਂ ਵਿੱਚ ਰਾਸ਼ੀ ਪਾਉਣ ਦੀ ਗਾਰੰਟੀ ਪੂਰੀ ਕਰਕੇ ਇੱਕ ਇਤਿਹਾਸਕ ਮਿਸਾਲ ਕਾਇਮ ਕੀਤੀ ਹੈ। ਸਾਡੀ ਸਰਕਾਰ ਨੇ ਹਮੇਸ਼ਾ ਔਰਤਾਂ ਦੇ ਸਨਮਾਨ ਅਤੇ ਉਨ੍ਹਾਂ ਦੇ ਸਮਾਜਿਕ-ਆਰਥਿਕ ਸਸ਼ਕਤੀਕਰਨ ਨੂੰ ਪਹਿਲ ਦਿੱਤੀ ਹੈ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੇ ਕਹੇ ਅਨੁਸਾਰ, 'ਆਪ' ਸਰਕਾਰ ਦੇਸ਼ ਦੀ ਇੱਕੋ-ਇੱਕ ਅਜਿਹੀ ਸਰਕਾਰ ਹੈ ਜੋ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਪਟਿਆਲਾ ਨਗਰ ਨਿਗਮ ਵੀ ਸਰਕਾਰ ਦੀ ਇਸੇ ਸੋਚ ’ਤੇ ਪਹਿਰਾ ਦਿੰਦਿਆਂ ਸ਼ਹਿਰ ਦੇ ਵਿਕਾਸ ਅਤੇ ਲੋਕ-ਭਲਾਈ ਯੋਜਨਾਵਾਂ ਨੂੰ ਹਰ ਘਰ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਿਹਾ ਹੈ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande