
ਡੇਰਾਬੱਸੀ, 01 ਜੁਲਾਈ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਚਲਾਏ ਜਾ ਰਹੇ ਵਿਕਾਸ ਕਾਰਜਾਂ ਤਹਿਤ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਪਿੰਡ ਪਰਾਗਪੁਰ, ਇਬਰਾਹੀਮਪੁਰ ਅਤੇ ਹੰਸਾਲਾ ਦਾ ਦੌਰਾ ਕਰਕੇ ਪਿੰਡ ਵਾਸੀਆਂ ਨਾਲ ਰੂ-ਬ-ਰੂ ਹੋ ਕੇ ਗੱਲਬਾਤ ਕੀਤੀ, ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਸਮੇਂ ਸਿਰ ਹੱਲ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਪਿੰਡ ਪਰਾਗਪੁਰ ਵਿਖੇ ਵਿਧਾਇਕ ਰੰਧਾਵਾ ਨੇ ਲਗਭਗ 23 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ, ਨਾਲੀਆਂ ਅਤੇ ਗੰਦੇ ਪਾਣੀ ਦੀ ਨਿਕਾਸੀ ਨਾਲ ਸਬੰਧਤ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਪਿੰਡ ਇਬਰਾਹੀਮਪੁਰ ਵਿਖੇ 12 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਗਲੀਆਂ, ਨਾਲੀਆਂ ਅਤੇ ਪਾਰਕ ਦੇ ਵਿਕਾਸ ਕਾਰਜ ਲੋਕ ਅਰਪਣ ਕੀਤੇ। ਇਸੇ ਲੜੀ ਤਹਿਤ ਪਿੰਡ ਹੰਸਾਲਾ ਵਿਖੇ ਜਨਰਲ ਧਰਮਸ਼ਾਲਾ ਵਿੱਚ 22 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਸ਼ੈੱਡ ਅਤੇ ਹੋਰ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ।
ਇਸ ਮੌਕੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿੰਡਾਂ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਜ਼ਰੂਰਤਾਂ ਨੂੰ ਤਰਜੀਹ ਦੇ ਕੇ ਵਿਕਾਸ ਕਾਰਜ ਲਗਾਤਾਰ ਕਰਵਾਏ ਜਾ ਰਹੇ ਹਨ ਅਤੇ ਇਹ ਸਿਲਸਿਲਾ ਅੱਗੇ ਵੀ ਜਾਰੀ ਰਹੇਗਾ।
ਇਸ ਦੌਰਾਨ ਉਨ੍ਹਾਂ ਪਿੰਡ ਵਾਸੀਆਂ ਵੱਲੋਂ ਮਿਲੇ ਪਿਆਰ, ਸਹਿਯੋਗ ਅਤੇ ਵਿਸ਼ਵਾਸ ਲਈ ਧੰਨਵਾਦ ਪ੍ਰਗਟ ਕੀਤਾ। ਇਨ੍ਹਾਂ ਮੌਕਿਆਂ 'ਤੇ ਪਰਾਗਪੁਰ ਦੇ ਸਰਪੰਚ ਸੁਰਿੰਦਰ ਸਿੰਘ, ਇਬਰਾਹੀਮਪੁਰ ਦੀ ਸਰਪੰਚ ਗੁਰਵਿੰਦਰ ਕੌਰ, ਹੰਸਾਲਾ ਦੀ ਸਰਪੰਚ ਸਵਰਨੋ ਕੌਰ, ਹਲਕਾ ਸੰਗਠਨ ਇੰਚਾਰਜ ਗੁਰਸੇਵਕ ਸਿੰਘ, ਪੰਚਾਇਤ ਮੈਂਬਰ, ਨੇੜਲੇ ਪਿੰਡਾਂ ਦੇ ਸਰਪੰਚ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH