
ਬਟਾਲਾ, 01 ਜੁਲਾਈ (ਹਿੰ.ਸ.)। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਸਿਰਫ ਪੂਰੇ ਹੀ ਨਹੀਂ ਕੀਤੇ, ਸਗੋਂ ਉਨ੍ਹਾਂ ਤੋਂ ਵੀ ਵੱਧ ਕਰਕੇ ਇਤਿਹਾਸਕ ਕੰਮ ਕਰਕੇ ਲੋਕਾਂ ਦੇ ਦਿਲ ਜਿੱਤ ਲਏ ਹਨ। ਉਨ੍ਹਾਂ ਕਿਹਾ ਕਿ ਮਾਵਾਂ-ਧੀਆਂ ਸਤਿਕਾਰ ਯੋਜਨਾ ਰਾਹੀਂ ਸਰਕਾਰ ਨੇ ਆਪਣੀ ਆਖਰੀ ਗ੍ਰੰਟੀ ਵੀ ਪੂਰੀ ਕਰ ਦਿੱਤੀ ਹੈ, ਜਿਸ ਨਾਲ ਮਹਿਲਾਵਾਂ ਨੂੰ ਵੱਡਾ ਆਰਥਿਕ ਸਹਾਰਾ ਮਿਲੇਗਾ ਅਤੇ ਸਮਾਜ ਵਿੱਚ ਉਨ੍ਹਾਂ ਦੀ ਸਥਿਤੀ ਹੋਰ ਮਜ਼ਬੂਤ ਹੋਵੇਗੀ।
ਵਿਧਾਇਕ ਸ਼ੈਰੀ ਕਲਸੀ ਨੇ ਭੰਡਾਰੀ ਮੁਹੱਲਾ ਵਿਖੇ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦੇ ਹੋਏ ਦੱਸਿਆ ਕਿ ਬਟਾਲਾ ਵਿਖੇ ਸਰਕਾਰ ਵੱਲੋਂ ਚਲਾਈ ਮਾਵਾਂ-ਧੀਆਂ ਸਤਿਕਾਰ ਯੋਜਨਾਂ ਦੀ ਰਜਿਸਟ੍ਰੇਸ਼ਨ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਲੋਕਾਂ ਦੇ ਭਰੋਸੇ ਅਤੇ ਸਰਕਾਰ ਦੀ ਪਾਰਦਰਸ਼ੀ ਨੀਤੀਆਂ ਦਾ ਨਤੀਜਾ ਹੈ ਕਿ ਹਰ ਵਰਗ ਦੇ ਲੋਕ ਯੋਜਨਾਵਾਂ ਨਾਲ ਜੁੜ ਰਹੇ ਹਨ ਅਤੇ ਇਸ ਦਾ ਲਾਭ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਤੋਂ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਪੰਜਾਬ ਦੀਆਂ ਯੋਗ ਮਹਿਲਾਵਾਂ ਦੇ ਖਾਤਿਆਂ ਵਿੱਚ ਸਨਮਾਨ ਰਾਸ਼ੀ ਜਮ੍ਹਾਂ ਹੋਣੀ ਸ਼ੁਰੂ ਹੋ ਗਈ ਹੈ।
ਵਿਧਾਇਕ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾਂ ਦੀ ਸ਼ੁਰੂਆਤ ਦੇ ਲਾਈਵ ਪ੍ਰਸਾਰਣ ਦੌਰਾਨ ਬਟਾਲਾ ਅਤੇ ਆਲੇ ਦੁਆਲੇ ਇਲਾਕਿਆਂ ਤੋਂ ਪਹੁੰਚੀਆਂ ਮਹਿਲਾਵਾਂ ਵਿੱਚ ਅੱਜ ਭਾਰੀ ਉਤਸ਼ਾਹ ਹੈ, ਉਨ੍ਹਾਂ ਦੇ ਖਾਤਿਆਂ ਵਿਚ ਲਗਾਤਾਰ ਸੰਦੇਸ਼ ਪਹੁੰਚ ਰਹੇ ਹਨ ਅਤੇ ਉਨ੍ਹਾਂ ਦੇ ਚਿਹਰਿਆਂ ਦੀ ਮੁਸਕਾਨ ਹੀ ਸਾਡੀ ਸਫਲਤਾ ਹੈ। ਉਨ੍ਹਾਂ ਨੇ ਕਿਹਾ ਕਿ ਤੁਹਾਡਾ ਪੁੱਤ, ਤੁਹਾਡਾ ਭਰਾ ਹਮੇਸ਼ਾ ਤੁਹਾਡੀ ਸੇਵਾ ਵਿਚ ਹਾਜ਼ਰ ਹੈ ਅਤੇ ਇਸੇ ਤਰਾਂ ਕੀਤੇ ਵਾਅਦੇ ਪੂਰੇ ਕਰਦੇ ਰਹਾਂਗੇ।
ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹਮੇਸ਼ਾ ਲੋਕਾਂ ਦੇ ਹਿੱਤਾਂ ਨੂੰ ਪਹਿਲ ਦਿੱਤੀ ਹੈ ਅਤੇ ਜੋ ਵਾਅਦੇ ਕੀਤੇ ਸਨ, ਉਹਨਾਂ ਨੂੰ ਸਮੇਂ ਤੋਂ ਪਹਿਲਾਂ ਪੂਰਾ ਕਰ ਵਿਖਾਇਆ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਸਰਪੰਚਾਂ ਨੂੰ ਅਜ਼ਾਦੀ ਦਿਹਾੜੇ ਤੋਂ ਮਾਣ ਭੱਤਾ ਦੇਣ ਦਾ ਵਾਅਦਾ ਕੀਤਾ ਹੈ, ਜਿਸ ਨੂੰ ਪੂਰਾ ਕਰਕੇ ਪਿੰਡ ਪੱਧਰ 'ਤੇ ਲੋਕਤੰਤਰ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਿਹਤ ਖੇਤਰ ਵਿੱਚ ਵੀ ਸਰਕਾਰ ਵੱਲੋਂ ਵੱਡੇ ਕਦਮ ਚੁੱਕ ਰਹੀ ਹੈ, 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਵਾਲੇ ਕਾਰਡ ਬਣਾਏ ਗਏ ਹਨ। ਇਸ ਨਾਲ ਗਰੀਬ ਅਤੇ ਜ਼ਰੂਰਤਮੰਦ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ ਅਤੇ ਉਨ੍ਹਾਂ ਨੂੰ ਮਹਿੰਗੇ ਇਲਾਜ ਦੀ ਚਿੰਤਾ ਤੋਂ ਛੁਟਕਾਰਾ ਮਿਲਿਆ ਹੈ।
ਸੜਕਾਂ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਬਾਰੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਬਟਾਲਾ ਸ਼ਹਿਰ ਸਮੇਤ ਹਲਕਾ ਬਟਾਲਾ ਅੰਦਰ ਸੜਕਾਂ ਨੂੰ ਵਿਸਤਾਰ ਦਿੱਤਾ ਗਿਆ ਹੈ, ਜਿਸ ਨਾਲ ਆਵਾਜਾਈ ਸੁਵਿਧਾਜਨਕ ਬਣੀ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਅਣਗਿਣਤ ਵਿਕਾਸੀ ਕੰਮ ਕਰਵਾ ਕੇ ਲੋਕਾਂ ਦੀ ਕਚਹਿਰੀ ਵਿੱਚ ਜਾਣ ਦਾ ਫੈਸਲਾ ਕੀਤਾ ਹੈ ਅਤੇ ਉਹ ਆਪਣੇ ਕੰਮਾਂ ਦੇ ਆਧਾਰ 'ਤੇ ਹੀ ਵੋਟਾਂ ਦੀ ਮੰਗ ਕਰਨਗੇ। ਅੱਜ ਇਸ ਭਰਵੇਂ ਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਮਹਿਲਾਵਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕੀਤਾ ਗਿਆ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ