ਸੰਭਾਵੀ ਹੜ੍ਹਾਂ ਦੇ ਮੱਦੇਨਜਰ ਤਿਆਰੀਆਂ ਦੀ ਸਮੀਖਿਆ, ਜ਼ਿਲਾ ਪ੍ਰਸ਼ਾਸਨ ਤੇ ਫੌਜ ਰਹੇਗੀ ਪੂਰੀ ਤਰ੍ਹਾਂ ਤਿਆਰ : ਕਮਿਸ਼ਨਰ ਰਵਿੰਦਰ ਅਰੋੜਾ
ਕਪੂਰਥਲਾ, 01 ਜੁਲਾਈ (ਹਿੰ.ਸ.)। ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਸੁਚੱਜੇ ਢੰਗ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਫੌਜ ਵਿਚਕਾਰ ਬਿਹਤਰ ਤਾਲਮੇਲ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸਹਾਇਕ ਕਮਿਸ਼ਨਰ ਰਵਿੰਦਰ ਸਿੰਘ ਅਰੋੜਾ ਦੀ ਅਗਵਾਈ ਹੇਠ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਹੋਈ। ਮੀਟਿੰਗ
ਸਹਾਇਕ ਕਮਿਸ਼ਨਰ ਰਵਿੰਦਰ ਸਿੰਘ ਅਰੋੜਾ ਸੰਭਾਵੀ ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ ਤਿਆਰੀਆਂ ਦੀ ਸਮੀਖਿਆ ਕਰਦੇ ਹੋਏ।


ਕਪੂਰਥਲਾ, 01 ਜੁਲਾਈ (ਹਿੰ.ਸ.)। ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਸੁਚੱਜੇ ਢੰਗ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਫੌਜ ਵਿਚਕਾਰ ਬਿਹਤਰ ਤਾਲਮੇਲ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸਹਾਇਕ ਕਮਿਸ਼ਨਰ ਰਵਿੰਦਰ ਸਿੰਘ ਅਰੋੜਾ ਦੀ ਅਗਵਾਈ ਹੇਠ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਹੋਈ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਸਹਾਇਕ ਕਮਿਸ਼ਨਰ ਰਵਿੰਦਰ ਸਿੰਘ ਅਰੋੜਾ ਨੇ ਕਿਹਾ ਕਿ ਮਾਨਸੂਨ ਸੀਜ਼ਨ ਦੌਰਾਨ ਸੰਭਾਵੀ ਹੜ੍ਹਾਂ ਦੀ ਚੁਣੌਤੀ ਨਾਲ ਨਜਿੱਠਣ ਲਈ ਸਾਰੇ ਵਿਭਾਗਾਂ ਨੂੰ ਸਮੇਂ ਸਿਰ ਲੋੜੀਂਦੀਆਂ ਤਿਆਰੀਆਂ ਮੁਕੰਮਲ ਰੱਖਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਾਹਤ ਅਤੇ ਬਚਾਅ ਕਾਰਜਾਂ ਲਈ ਲੋੜੀਂਦੇ ਸਾਧਨਾਂ ਅਤੇ ਮਨੁੱਖੀ ਸਰੋਤਾਂ ਦੀ ਉਪਲਬਧਤਾ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਇਸ ਦਿਸ਼ਾ ਵਿੱਚ ਫੌਜ ਦਾ ਸਹਿਯੋਗ ਬਹੁਤ ਮਹੱਤਵਪੂਰਨ ਰਹੇਗਾ।

ਸਹਾਇਕ ਕਮਿਸ਼ਨਰ ਨੇ ਹਾਜ਼ਰ ਸਮੂਹ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪੋ-ਆਪਣੇ ਖੇਤਰਾਂ ਵਿੱਚ ਲਾਈਫ ਜੈਕਟਾਂ, ਰੇਤ ਦੀਆਂ ਬੋਰੀਆਂ (ਸੈਂਡ ਬੈਗ), ਕਿਸ਼ਤੀਆਂ ਅਤੇ ਤਜ਼ੁਰਬੇਕਾਰ ਮਲਾਹਾਂ ਦੀ ਉਪਲਬਧਤਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਜਿਨ੍ਹਾਂ ਖੇਤਰਾਂ ਵਿੱਚ ਹੜ੍ਹ ਦਾ ਖ਼ਤਰਾ ਵੱਧ ਰਹਿੰਦਾ ਹੈ, ਉੱਥੋਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਵਿਸਥਾਰਤ ਅਤੇ ਮੁਕੰਮਲ ਮੈਪਿੰਗ ਕੀਤੀ ਜਾਵੇ ਅਤੇ ਸੰਭਾਵਿਤ ਖ਼ਤਰੇ ਵਾਲੇ ਸਥਾਨਾਂ ਦੀ ਪਛਾਣ ਕਰਕੇ ਲੋੜੀਂਦੇ ਪ੍ਰਬੰਧ ਪਹਿਲਾਂ ਹੀ ਕਰ ਲਏ ਜਾਣ। ਉਨ੍ਹਾਂ ਕਿਹਾ ਕਿ ਸਬ-ਡਿਵੀਜ਼ਨ ਪੱਧਰ 'ਤੇ ਰਾਹਤ ਅਤੇ ਬਚਾਅ ਕਾਰਜਾਂ ਲਈ ਲੋੜੀਂਦੇ ਮਨੁੱਖੀ ਬਲ ਅਤੇ ਸਾਧਨਾਂ ਦੇ ਪ੍ਰਬੰਧ ਲਈ ਵੱਖ-ਵੱਖ ਇੰਚਾਰਜ ਵੀ ਨਿਯੁਕਤ ਕੀਤੇ ਜਾਣ, ਤਾਂ ਜੋ ਕਿਸੇ ਵੀ ਹੰਗਾਮੀ ਸਥਿਤੀ ਵਿੱਚ ਤੁਰੰਤ ਅਤੇ ਪ੍ਰਭਾਵਸ਼ਾਲੀ ਕਾਰਵਾਈ ਯਕੀਨੀ ਬਣਾਈ ਜਾ ਸਕੇ।

ਡ੍ਰੇਨੇਜ ਵਿਭਾਗ ਦੇ ਅਧਿਕਾਰੀਆਂ ਨੇ ਜਾਣੂ ਕਰਵਾਇਆ ਕਿ ਭੁਲੱਥ ਅਤੇ ਸੁਲਤਾਨਪੁਰ ਲੋਧੀ ਦੇ ਸੰਭਾਵੀ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪਹਿਲਾਂ ਤੋਂ ਹੀ ਵਾਧੂ ਮਾਤਰਾ ਵਿੱਚ ਈ.ਸੀ. ਬੈਗ ਅਤੇ ਜੰਬੋ ਬੈਗ ਮੌਜੂਦ ਹਨ। ਇਸੇ ਤਰ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਜਾਣੂ ਕਰਵਾਇਆ ਕਿ 27 ਮੈਡੀਕਲ ਟੀਮਾਂ ਪੂਰੀ ਤਰ੍ਹਾਂ ਤਿਆਰ-ਬਰ-ਤਿਆਰ ਹਨ ਅਤੇ ਮਰੀਜ਼ਾਂ ਲਈ 30 ਬੈੱਡਾਂ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ। ਸਿਹਤ ਵਿਭਾਗ ਕੋਲ ਸਥਿਤੀ ਦੇ ਮੱਦੇਨਜ਼ਰ ਬਰਸਾਤ ਜਾਂ ਹੜ੍ਹ ਵਰਗੇ ਦਿਨਾਂ ਵਿੱਚ ਹੋਣ ਵਾਲੀਆਂ ਬਿਮਾਰੀਆਂ, ਸੱਪ ਦੇ ਡੰਗਣ, ਹਲਕਾਅ ਅਤੇ ਹੋਰ ਜ਼ਰੂਰੀ ਵੈਕਸੀਨਾਂ ਦਾ ਸਟਾਕ ਵੀ ਲੋੜੀਂਦੀ ਮਾਤਰਾ ਵਿੱਚ ਹੈ, ਤਾਂ ਜੋ ਲੋੜ ਪੈਣ 'ਤੇ ਤੁਰੰਤ ਇਲਾਜ ਸ਼ੁਰੂ ਕੀਤਾ ਜਾ ਸਕੇ। ਉਨ੍ਹਾਂ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਸ਼ੂ ਧਨ ਦੀ ਸਾਂਭ-ਸੰਭਾਲ ਯਕੀਨੀ ਬਣਾਉਣ ਲਈ ਮਾਹਿਰ ਡਾਕਟਰਾਂ ਦੀਆਂ ਟੀਮਾਂ ਦਾ ਗਠਨ ਕੀਤਾ ਜਾਵੇ ਅਤੇ ਪਸ਼ੂ ਧਨ ਦਾ ਪਹਿਲਾਂ ਤੋਂ ਹੀ ਟੀਕਾਕਰਨ ਯਕੀਨੀ ਬਣਾਇਆ ਜਾਵੇ।

ਉਨ੍ਹਾਂ ਦੱਸਿਆ ਕਿ ਸੰਭਾਵਿਤ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਫੌਜ, ਪੰਜਾਬ ਪੁਲਿਸ ਤੇ ਹੋਰਨਾਂ ਸੁਰੱਖਿਆ ਬਲਾਂ ਨੂੰ ਵੀ ਤਿਆਰੀ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਲੋੜ ਪੈਣ 'ਤੇ ਫੌਜ ਦੀਆਂ ਟੀਮਾਂ ਜ਼ਿਲ੍ਹੇ ਦੀਆਂ ਵੱਖ-ਵੱਖ ਸਬ-ਡਿਵੀਜ਼ਨਾਂ ਵਿੱਚ ਤੁਰੰਤ ਪਹੁੰਚ ਕੇ ਜ਼ਿਲ੍ਹਾ ਪ੍ਰਸ਼ਾਸਨ ਦੇ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਸਹਿਯੋਗ ਦੇ ਸਕਣ। ਸਹਾਇਕ ਕਮਿਸ਼ਨਰ ਨੇ ਕਿਹਾ ਕਿ ਹੜ੍ਹਾਂ ਸਬੰਧੀ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਨੰਬਰ ਵੀ ਚਾਲੂ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਲੋੜ ਪੈਣ 'ਤੇ ਤੁਰੰਤ ਸਹਾਇਤਾ ਪ੍ਰਦਾਨ ਕੀਤੀ ਜਾ ਸਕੇ। ਉਨ੍ਹਾਂ ਸਪਸ਼ਟ ਕੀਤਾ ਕਿ ਹੜ੍ਹ ਦੌਰਾਨ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਦਾ ਫੋਨ ਬੰਦ ਪਾਏ ਜਾਣ ਦੀ ਸਥਿਤੀ ਵਿੱਚ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਸਹਾਇਕ ਕਮਿਸ਼ਨਰ ਨੇ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਮਦਦ ਦੇ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਹੈਲਪਲਾਈਨ ਨੰਬਰ 01822-233777 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande