
ਚੰਡੀਗੜ੍ਹ, 01 ਜੁਲਾਈ (ਹਿੰ.ਸ.)| ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਮਹਿਲਾਵਾਂ ਨੂੰ ਦਿੱਤੀ ਜਾ ਰਹੀ ਨਕਦੀ ਸਹਾਇਤਾ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਨੇ ਇਹ ਕਦਮ ਬਹੁਤ ਦੇਰੀ ਨਾਲ ਅਤੇ ਨਾਂਮਾਤਰ ਰੂਪ ਵਿੱਚ ਚੁੱਕਿਆ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਨੇ ਆਪਣੇ ਕਾਰਜਕਾਲ ਦੇ ਸਾਢੇ ਚਾਰ ਸਾਲ ਤੱਕ ਮਹਿਲਾਵਾਂ ਨਾਲ ਕੀਤਾ ਵਾਅਦਾ ਪੂਰਾ ਨਹੀਂ ਕੀਤਾ ਅਤੇ ਹੁਣ ਚੋਣਾਂ ਨੇੜੇ ਆਉਣ 'ਤੇ ਇਸ ਯੋਜਨਾ ਨੂੰ ਲਾਗੂ ਕੀਤਾ ਗਿਆ ਹੈ।
ਰਾਜਾ ਵੜਿੰਗ ਨੇ ਕਿਹਾ ਕਿ ਜੇਕਰ ਸਰਕਾਰ ਮਹਿਲਾਵਾਂ ਨੂੰ ਆਰਥਿਕ ਸਹਾਇਤਾ ਦੇਣ ਪ੍ਰਤੀ ਸੱਚਮੁੱਚ ਗੰਭੀਰ ਹੈ ਤਾਂ ਉਸ ਨੂੰ ਪਿਛਲੇ ਸਾਰੇ ਸਮੇਂ ਦੀ ਬਕਾਇਆ ਰਕਮ ਵੀ ਅਦਾ ਕਰਨੀ ਚਾਹੀਦੀ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਜਿਨ੍ਹਾਂ ਮਹਿਲਾਵਾਂ ਨੂੰ ਲੰਬੇ ਸਮੇਂ ਤੱਕ ਇਸ ਯੋਜਨਾ ਦਾ ਲਾਭ ਨਹੀਂ ਮਿਲਿਆ, ਉਨ੍ਹਾਂ ਨਾਲ ਇਨਸਾਫ਼ ਕਰਨ ਦਾ ਇਹੋ ਇਕ ਤਰੀਕਾ ਹੈ।
ਕਾਂਗਰਸ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਅਨੁਸੂਚਿਤ ਜਾਤੀ ਦੀਆਂ ਮਹਿਲਾਵਾਂ ਨੂੰ 1,500 ਰੁਪਏ ਅਤੇ ਆਮ ਵਰਗ ਦੀਆਂ ਮਹਿਲਾਵਾਂ ਨੂੰ 1,000 ਰੁਪਏ ਮਹੀਨਾਵਾਰ ਦੇਣ ਦਾ ਐਲਾਨ ਸਰਕਾਰ ਦੇ ਕਾਰਜਕਾਲ ਦੇ ਆਖਰੀ ਪੜਾਅ ਵਿੱਚ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਕਾਰਜਕਾਲ ਹੁਣ ਕਰੀਬ ਛੇ ਮਹੀਨੇ ਹੀ ਬਾਕੀ ਹੈ ਅਤੇ ਜੇਕਰ ਇਸ ਦੌਰਾਨ ਵੀ ਭੁਗਤਾਨ ਹੁੰਦਾ ਹੈ ਤਾਂ ਮਹਿਲਾਵਾਂ ਨੂੰ ਉਨ੍ਹਾਂ ਦੇ ਹੱਕ ਦੀ ਰਕਮ ਦਾ ਸਿਰਫ਼ ਇੱਕ ਛੋਟਾ ਹਿੱਸਾ ਹੀ ਮਿਲੇਗਾ।
ਵੜਿੰਗ ਨੇ ਦਾਅਵਾ ਕੀਤਾ ਕਿ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਅਨੁਸੂਚਿਤ ਜਾਤੀ ਦੀਆਂ ਮਹਿਲਾਵਾਂ ਨੂੰ ਕੁੱਲ 90 ਹਜ਼ਾਰ ਰੁਪਏ ਅਤੇ ਆਮ ਵਰਗ ਦੀਆਂ ਮਹਿਲਾਵਾਂ ਨੂੰ 60 ਹਜ਼ਾਰ ਰੁਪਏ ਮਿਲਣੇ ਚਾਹੀਦੇ ਸਨ। ਉਨ੍ਹਾਂ ਕਿਹਾ ਕਿ ਹੁਣ ਸਰਕਾਰ ਵੱਲੋਂ ਕ੍ਰਮਵਾਰ ਸਿਰਫ਼ 9 ਹਜ਼ਾਰ ਅਤੇ 6 ਹਜ਼ਾਰ ਰੁਪਏ ਦੇਣ ਦੀ ਗੱਲ ਕੀਤੀ ਜਾ ਰਹੀ ਹੈ, ਜੋ ਬਣਦੀ ਰਕਮ ਦਾ ਕਰੀਬ 10 ਫ਼ੀਸਦੀ ਹੀ ਹੈ।
ਉਨ੍ਹਾਂ ਦੋਸ਼ ਲਗਾਇਆ ਕਿ ਇਹ ਯੋਜਨਾ ਲੋਕਾਂ ਨੂੰ ਮੁੜ ਗੁੰਮਰਾਹ ਕਰਨ ਦੀ ਕੋਸ਼ਿਸ਼ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਹਕੀਕਤ ਨੂੰ ਸਮਝ ਚੁੱਕੇ ਹਨ ਅਤੇ ਵਾਅਦਿਆਂ ਤੇ ਹਕੀਕਤ ਵਿਚਲੇ ਫ਼ਰਕ ਨੂੰ ਭਲੀਭਾਂਤ ਜਾਣਦੇ ਹਨ।
ਰਾਜਾ ਵੜਿੰਗ ਨੇ ਕਾਂਗਰਸ ਸ਼ਾਸਿਤ ਤੇਲੰਗਾਨਾ ਅਤੇ ਕਰਨਾਟਕ ਦਾ ਹਵਾਲਾ ਦਿੰਦਿਆਂ ਕਿਹਾ ਕਿ ਉੱਥੇ ਸਰਕਾਰ ਬਣਨ ਦੇ ਕੁਝ ਹੀ ਮਹੀਨਿਆਂ ਵਿੱਚ ਮਹਿਲਾਵਾਂ ਲਈ ਮਹੀਨਾਵਾਰ ਨਕਦੀ ਸਹਾਇਤਾ ਸ਼ੁਰੂ ਕਰ ਦਿੱਤੀ ਗਈ ਸੀ। ਉਨ੍ਹਾਂ ਦੱਸਿਆ ਕਿ ਤੇਲੰਗਾਨਾ ਵਿੱਚ ਮਹਿਲਾਵਾਂ ਨੂੰ ਹਰ ਮਹੀਨੇ 2,500 ਰੁਪਏ ਅਤੇ ਕਰਨਾਟਕ ਵਿੱਚ 2,000 ਰੁਪਏ ਸਿੱਧੇ ਬੈਂਕ ਖਾਤਿਆਂ ਵਿੱਚ ਦਿੱਤੇ ਜਾ ਰਹੇ ਹਨ।
ਉਨ੍ਹਾਂ ਐਲਾਨ ਕੀਤਾ ਕਿ ਜੇਕਰ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਬਾਅਦ ਕਾਂਗਰਸ ਦੀ ਸਰਕਾਰ ਬਣਦੀ ਹੈ ਤਾਂ ਮਹਿਲਾਵਾਂ ਲਈ ਤੇਲੰਗਾਨਾ ਮਾਡਲ ਦੇ ਆਧਾਰ 'ਤੇ ਵਧੀ ਹੋਈ ਮਹੀਨਾਵਾਰ ਨਕਦੀ ਸਹਾਇਤਾ ਯਕੀਨੀ ਬਣਾਈ ਜਾਵੇਗੀ। ਨਾਲ ਹੀ ਉਨ੍ਹਾਂ ਭਰੋਸਾ ਦਿੱਤਾ ਕਿ ਕਾਂਗਰਸ ਸਰਕਾਰ ਬਣਨ ਉਪਰੰਤ ਮਹਿਲਾਵਾਂ ਨਾਲ ਕੀਤੇ ਵਾਅਦੇ ਬਿਨਾਂ ਦੇਰੀ ਦੇ ਲਾਗੂ ਕੀਤੇ ਜਾਣਗੇ।
ਹਿੰਦੂਸਥਾਨ ਸਮਾਚਾਰ / GURSHARAN SINGH